ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਿਸਾਨ ਮਜ਼ਦੂਰ ਮੋਰਚੇ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਨਕਾਰਿਆ

ਪੰਜਾਬ ਸਰਕਾਰ ਝੋਨੇ ਦੀ ਫ਼ਸਲ ਦੇ ਨੁਕਸਾਨ ਲਈ 70 ਹਜ਼ਾਰ ਰੁਪਏ ਪ੍ਰਤੀ ਏਕਡ਼ ਮੁਆਵਜ਼ਾ ਦੇਵੇ: ਪੰਧੇਰ
Advertisement

ਕਿਸਾਨ ਮਜ਼ਦੂਰ ਮੋਰਚੇ (ਕੇਐੱਮਐੱਮ) ਨੇ ਅੱਜ ਕਿਸਾਨਾਂ ਤੇ ਮਜ਼ਦੂਰਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿਚ ਮੀਟਿੰਗ ਕੀਤੀ। ਮੋਰਚਾ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਕਿਸਾਨ ਤੇ ਮਜ਼ਦੂਰ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਦੋਵਾਂ ਸਰਕਾਰਾਂ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਅਸਲ ਮੰਗਾਂ ਨੂੰ ਅਣਗੌਲਿਆ ਕਰ ਦਿੱਤਾ ਗਿਆ ਹੈ। ਇਸੇ ਕਰਕੇ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ। ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੇ ਫੈਸਲੇ ਨੂੰ ਨਕਾਰਿਆ ਹੈ। ਇਸ ਦੇ ਨਾਲ ਹੀ ਝੋਨੇ ਦੀ ਫਸਲ ਦੇ ਹੋਏ ਨੁਕਸਾਨ ਲਈ 70 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਦਰਿਆਵਾਂ ਵਿੱਚ ਵਹਿ ਗਈ ਹੈ, ਉਨ੍ਹਾਂ ਨੂੰ ਤੁਰੰਤ ਪੂਰਾ ਮੁਆਵਜ਼ਾ ਦਿੱਤਾ ਜਾਵੇ ਅਤੇ ਮੁੜ ਵਸੇਬੇ ਲਈ ਲੋੜੀਂਦੇ ਕਦਮ ਚੁੱਕੇ ਜਾਣ।

ਪੰਧੇਰ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਸੂਬੇ ਦੇ ਗੰਨਾ ਕਿਸਾਨਾਂ ਦੇ ਬਕਾਏ ਦਾ ਜਲਦ ਤੋਂ ਜਲਦ ਭੁਗਤਾਨ ਕਰੇ। ਇਸ ਤੋਂ ਇਲਾਵਾ ਸੂਬੇ ਦੀਆਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਵਿੱਚ ਆ ਰਹੀਆਂ ਰੁਕਾਵਟਾਂ, ਖਾਦ ਦੀ ਘਾਟ, ਪਰਾਲੀ ਮਾਮਲੇ ਦੇ ਵੀ ਠੋਸ ਹੱਸ ਕੱਢੇ ਜਾਣ। ਇਸ ਦੇ ਨਾਲ ਹੀ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੇ ਹਰਿਆਣਾ ਪੁਲੀਸ ਵੱਲੋਂ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਗ੍ਰਿਫ਼ਤਾਰੀ ਦੀ ਨਿੰਦਾ ਕੀਤੀ ਹੈ।

Advertisement

ਬਿਜਲੀ ਸੋਧ ਬਿੱਲਾਂ ਵਿਰੁੱਧ ਸੰਘਰਸ਼ ਵਿੱਢਣ ਦਾ ਐਲਾਨ

ਕਿਸਾਨ ਮਜ਼ਦੂਰਾ ਮੋਰਚਾ ਨੇ ਕੇਂਦਰ ਸਰਕਾਰ ਵੱਲੋਂ ਬਿਜਲੀ ਅਦਾਰਿਆਂ ਦੇ ਕੀਤੇ ਜਾ ਰਹੇ ਨਿੱਜੀਕਰਨ ਦਾ ਵਿਰੋਧ ਕੀਤਾ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਤਿਆਰ ਕੀਤੇ ਜਾ ਰਹੇ ਬਿਜਲੀ ਸੋਧ ਬਿੱਲ-2025 ਵਿਰੁੱਧ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਸੋਧ ਬਿੱਲ ਦਾ ਅਸਰ ਹਰ ਵਰਗ ਦੇ ਲੋਕਾਂ ’ਤੇ ਪਵੇਗਾ। ਇਸ ਲਈ ਸਰਵਣ ਸਿੰਘ ਪੰਧੇਰ ਨੇ ਸਾਰੇ ਵਰਗਾਂ ਨਾਲ ਸਬੰਧਤ ਜਥੇਬੰਦੀਆਂ ਨੂੰ ਬਿਜਲੀ ਸੋਧ ਬਿੱਲਾਂ ਵਿਰੁੱਧ ਇਕ-ਜੁੱਟ ਹੋਣ ਦਾ ਸੱਦਾ ਦਿੱਤਾ ਹੈ। ਕਿਸਾਨ ਮਜ਼ਦੂਰ ਮੋਰਚਾ ਵੱਲੋਂ ਪੱਤਰ ਲਿਖ ਕੇ ਸਾਰੇ ਪਾਵਰਕੌਮ ਤੇ ਟਰਾਂਸਕੌਮ ਕਰਮਚਾਰੀ ਯੂਨੀਅਨਾਂ, ਕਿਸਾਨ ਯੂਨੀਅਨਾਂ, ਟਰੇਡ ਯੂਨੀਅਨਾਂ, ਵਿਦਿਆਰਥੀ ਯੂਨੀਅਨਾਂ ਅਤੇ ਮਜ਼ਦੂਰ ਯੂਨੀਅਨਾਂ ਨੂੰ 27 ਅਕਤੂਬਰ ਨੂੰ ਸਵੇਰੇ 11 ਵਜੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਸਾਂਝੀ ਮੀਟਿੰਗ ਲਈ ਸੱਦਾ ਦਿੱਤਾ ਹੈ ਤਾਂ ਜੋ ਬਿਜਲੀ ਸੋਧ ਬਿੱਲ ਦੇ ਡਰਾਫਟ ’ਤੇ ਚਰਚਾ ਕੀਤੀ ਜਾ ਸਕੇ।

Advertisement
Show comments