ਲਖਨਊ, 4 ਅਕਤੂਬਰ
ਪੁਲੀਸ ਨੇ ਲਖੀਮਪੁਰ ਖੀਰੀ ਹਿੰਸਾ ਸਬੰਧੀ ਦੋ ਐੱਫਆਈਆਰ ਦਰਜ ਕੀਤੀਆਂ ਹਨ। ਵਧੀਕ ਮੁੱਖ ਸਕੱਤਰ (ਗ੍ਰਹਿ) ਅਵਨੀਸ਼ ਅਵਸਥੀ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਸਮੇਤ ਕਈ ਹੋਰ ਅਣਪਛਾਤਿਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐੱਫਆਈਆਰ ਦੀ ਕਾਪੀ ਫਿਲਹਾਲ ਉਨ੍ਹਾਂ ਕੋਲ ਨਹੀਂ ਹੈ। ਇਸ ਲਈ ਵਿਸਥਾਰਪੂਰਵਕ ਜਾਣਕਾਰੀ ਉਪਲਬੱਧ ਨਹੀਂ ਹੈ ਕਿ ਕਿਹੜੀਆਂ ਧਾਰਾਵਾਂ ਅਧੀਨ ਕੇਸ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਲਖੀਮਪੁਰ ਖੀਰੀ ਵਿੱਚ ਮੌਜੂਦ ਪੁਲੀਸ ਦੇ ਵਧੀਕ ਡਾਇਰੈਕਟਰ ਜਨਰਲ ਪ੍ਰਸ਼ਾਂਤ ਕੁਮਾਰ ਨੇ ਦੱਸਿਆ, ‘ਮੈਂ ਮੌਕੇ ‘ਤੇ ਹਾਂ। ਇਸ ਮਾਮਲੇ ਵਿੱਚ ਦੋਵਾਂ ਪਾਸਿਆਂ ਤੋਂ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਪੂਰੀ ਜਾਣਕਾਰੀ ਇਸ ਵੇਲੇ ਉਪਲਬਧ ਨਹੀਂ ਹੈ ਕਿਉਂਕਿ ਇੱਥੇ ਇੰਟਰਨੈੱਟ ਕੰਮ ਨਹੀਂ ਕਰ ਰਿਹਾ।’