ਸੰਯੁਕਤ ਕਿਸਾਨ ਮੋਰਚੇ ਵੱਲੋਂ Land Pooling Policy ਦਾ ਨੋਟੀਫਿਕੇਸ਼ਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ
ਪੰਜਾਬ ਸਰਕਾਰ ਵੱਲੋਂ ਲੰਘੇ ਦਿਨ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਸਬੰਧੀ ਕੀਤੇ ਐਲਾਨ ਤੋਂ ਬਾਅਦ ਅੱਜ ਸੰਯੁਕਤ ਕਿਸਾਨ ਮੋਰਚਾ (SKM) ਨੇ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮੀਟਿੰਗ ਕੀਤੀ। ਇਸ ਦੌਰਾਨ ਸੂਬਾ ਸਰਕਾਰ ਦੇ ਫੈਸਲੇ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ।
ਸੰਯੁਕਤ ਕਿਸਾਨ ਮੋਰਚੇ ਨੇ ਫੈਸਲਾ ਕੀਤਾ ਕਿ ਜਦੋਂ ਤੱਕ ਪੰਜਾਬ ਸਰਕਾਰ ਲੈਂਡ ਪੂਲਿੰਗ ਨੀਤੀ ਦਾ ਨੋਟੀਫਿਕੇਸ਼ਨ ਰੱਦ ਨਹੀਂ ਕਰਦੀ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ।
ਇਸ ਬਾਰੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਰਮਿੰਦਰ ਸਿੰਘ ਪਟਿਆਲਾ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਮੋਰਚੇ ਵੱਲੋਂ ਸਰਕਾਰ ਨੂੰ 20 ਅਗਸਤ ਤੱਕ ਦਾ ਸਮਾਂ ਦਿੱਤਾ ਗਿਆ ਹੈ। ਜੇ ਸਰਕਾਰ ਉਦੋਂ ਤੱਕ ਸਥਿਤੀ ਸਪਸ਼ਟ ਨਹੀਂ ਕਰਦੀ ਤਾਂ ਮੋਰਚਾ ਸੰਘਰਸ਼ ਨੂੰ ਹੋਰ ਤੇਜ਼ ਕਰੇਗਾ।
ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 24 ਅਗਸਤ ਨੂੰ ਸਮਰਾਲਾ ਵਿਖੇ ਕਿਸਾਨ ਮਹਾ ਰੈਲੀ ਕੀਤੀ ਜਾਵੇਗੀ ਜਿੱਥੇ ਕਿਸਾਨਾਂ ਦੀਆਂ ਮੰਗਾਂ ਅਤੇ ਸੰਘਰਸ਼ ਦੀ ਅਗਲੀ ਰੂਪ-ਰੇਖਾ ਉਲੀਕੀ ਜਾਵੇਗੀ।
ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੁਫਤ ਵਪਾਰ ਸਮਝੌਤਿਆਂ ਦੇ ਖਿਲਾਫ 13 ਅਗਸਤ ਨੂੰ ਪੰਜਾਬ ਭਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਸਦਰ ਡੋਨਲਡ ਟਰੰਪ ਦੇ ਪੁਤਲੇ ਸਾੜੇ ਜਾਣਗੇ।