ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਿੱਖ ਕੌਮ ਦੀ ਨਿਆਰੀ ਹੋਂਦ ਦਾ ਪ੍ਰਤੀਕ ਵਿਸਾਖੀ

ਐਡਵੋਕੇਟ ਹਰਜਿੰਦਰ ਸਿੰਘ ਧਾਮੀ* ਸ੍ਰੀ ਆਨੰਦਪੁਰ ਸਾਹਿਬ ਵਿਖੇ ਸੰਨ 1699 ਦੀ ਵਿਸਾਖੀ ਦਾ ਦਿਨ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਉੱਘੜਵੇਂ ਰੂਪ ਵਿੱਚ ਦਰਜ ਹੈ। ਇਸ ਦਿਨ ਦਸਮੇਸ਼ ਪਿਤਾ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕਰਕੇ...
Advertisement

ਐਡਵੋਕੇਟ ਹਰਜਿੰਦਰ ਸਿੰਘ ਧਾਮੀ*

ਸ੍ਰੀ ਆਨੰਦਪੁਰ ਸਾਹਿਬ ਵਿਖੇ ਸੰਨ 1699 ਦੀ ਵਿਸਾਖੀ ਦਾ ਦਿਨ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਉੱਘੜਵੇਂ ਰੂਪ ਵਿੱਚ ਦਰਜ ਹੈ। ਇਸ ਦਿਨ ਦਸਮੇਸ਼ ਪਿਤਾ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕਰਕੇ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਇੱਕ ਇਨਕਲਾਬੀ ਅਧਿਆਏ ਸਿਰਜਿਆ। ਖ਼ਾਲਸਾ ਸਾਜਨਾ ਦਾ ਇਤਿਹਾਸ ਸਿੱਖ ਕੌਮ ਲਈ ਇੱਕ ਗੌਰਵਮਈ ਗਾਥਾ ਹੈ, ਜਿਸ ਨਾਲ ਹਰ ਸਿੱਖ ਅੰਦਰ ਵਿਲੱਖਣ ਅਤੇ ਨਿਰਾਲੀ ਹੋਂਦ ਹਸਤੀ ਦਾ ਅਹਿਸਾਸ ਪੈਦਾ ਹੁੰਦਾ ਹੈ। ਖ਼ਾਲਸਾ ਆਦਰਸ਼ਕ ਮਨੁੱਖ ਹੈ, ਜਿਸ ਦਾ ਜੀਵਨ ਸਮਾਜ ਲਈ ਪ੍ਰੇਰਨਾਮਈ ਹੋਣ ਦੇ ਨਾਲ-ਨਾਲ ਹੱਕ ਸੱਚ ਦੀ ਰਖਵਾਲੀ ਲਈ ਵੀ ਮਿਸਾਲੀ ਹੈ। ਖ਼ਾਲਸੇ ਦੀ ਘਾੜਤ ਵਿੱਚ ਦਸ ਗੁਰੂ ਸਾਹਿਬਾਨ ਦੀ ਪਵਿੱਤਰ ਵਿਚਾਰਧਾਰਾ ਸ਼ਾਮਲ ਹੈ। ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਖ਼ਾਲਸਾ ਰੂਪੀ ਆਦਰਸ਼ਕ ਮਨੁੱਖ ਲਈ ਪਹਿਲੀ ਸ਼ਰਤ ਇਹ ਨਿਸ਼ਚਤ ਕੀਤੀ ਸੀ:

Advertisement

ਜਉ ਤਉ ਪ੍ਰੇਮ ਖੇਲਣ ਕਾ ਚਾਉ॥ ਸਿਰੁ ਧਰਿ ਤਲੀ ਗਲੀ ਮੇਰੀ ਆਉ॥ ਇਤੁ ਮਾਰਗਿ ਪੈਰੁ ਧਰੀਜੈ॥ ਸਿਰੁ ਦੀਜੈ ਕਾਣਿ ਨ ਕੀਜੈ॥ (ਅੰਗ 1412)

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਹ ਬਚਨ ਧਰਮ ਖੇਤਰ ਅੰਦਰ ਪ੍ਰਵਾਨ ਚੜ੍ਹਨ ਵਾਲਿਆਂ ਲਈ ਆਦਰਸ਼ ਹਨ। ਇਸ ਵਿੱਚ ਆਪਾ ਨਿਛਾਵਰ ਕਰਨ ਦੀ ਜੁਗਤ ਅਤੇ ਪ੍ਰੇਰਨਾ ਦਰਜ ਹੈ। ਪਹਿਲੇ ਪਾਤਸ਼ਾਹ ਤੋਂ ਬਾਅਦ ਹੋਏ ਬਾਕੀ ਗੁਰੂ ਸਾਹਿਬਾਨ ਨੇ ਵੀ ਸਿੱਖਾਂ ਨੂੰ ਇਹੋ ਪਾਠ ਦ੍ਰਿੜ੍ਹ ਕਰਵਾਇਆ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਨੂੰ ਵਿਸਾਖੀ ਦੇ ਦਿਹਾੜੇ ’ਤੇ ਖ਼ਾਲਸੇ ਦੀ ਸਿਰਜਣਾ ਕਰਕੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨੂੰ ਨਵੇਂ ਅਰਥ ਪ੍ਰਦਾਨ ਕੀਤੇ। ਦਸਵੇਂ ਪਾਤਸ਼ਾਹ ਦੇ ਇਸ ਅਦੁੱਤੀ ਕਾਰਨਾਮੇ ਨੇ ਸਦੀਆਂ ਤੋਂ ਲਤਾੜੇ, ਗ਼ੁਲਾਮੀ ਵਾਲਾ ਜੀਵਨ ਜੀਅ ਰਹੇ ਲੋਕਾਂ ਨੂੰ ਆਤਮ-ਵਿਸ਼ਵਾਸੀ ਬਣਾ ਕੇ ਅਰਸ਼ ’ਤੇ ਪਹੁੰਚਾ ਦਿੱਤਾ। ਸ੍ਰੀ ਆਨੰਦਪੁਰ ਸਾਹਿਬ ਵਿਖੇ 1699 ਦੀ ਵਿਸਾਖੀ ਦਾ ਇਹ ਦਿਨ ਜਬਰ, ਜ਼ੁਲਮ, ਬੇਇਨਸਾਫ਼ੀ, ਵਿਤਕਰੇ, ਝੂਠ, ਪਾਖੰਡ, ਅਨਿਆਂ ਆਦਿ ਵਿਰੁੱਧ ਸੰਘਰਸ਼ ਦਾ ਬਿਗਲ ਬਣਿਆ। ਇਹ ਦਿਹਾੜਾ ਅਨੋਖਾ ਨਜ਼ਾਰਾ ਪੇਸ਼ ਕਰਨ ਵਾਲਾ ਵੀ ਹੈ ਕਿਉਂਕਿ ਇਸ ਦਿਨ ਜਿੱਥੇ ਇੱਕ ਪਾਸੇ ਗੁਰੂ ਜੀ ਵੱਲੋਂ ਸਾਜੇ ਪੰਜ ਪਿਆਰੇ ਗੁਰੂ ਸਾਹਿਬ ਪਾਸੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰ ਕੇ ਨਿਹਾਲ ਹੋਏ, ਉੱਥੇ ਹੀ ਦੂਸਰੇ ਪਾਸੇ ਗੁਰੂ ਸਾਹਿਬ ਨੇ ਵੀ ਖਾਲਸੇ ਪਾਸੋਂ ਆਪ ਅੰਮ੍ਰਿਤਪਾਨ ਕਰਕੇ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਨਿਵੇਕਲੀ ਮਿਸਾਲ ਕਾਇਮ ਕੀਤੀ। ਇਸ ਨਾਲ ਗੁਰੂ ਤੇ ਚੇਲੇ ਦਾ ਅਜਿਹਾ ਨਵਾਂ ਰੂਪ ਸਾਹਮਣੇ ਆਇਆ ਜਿਸ ਵਿੱਚ ਗੁਰੂ-ਚੇਲੇ ਵਿੱਚ ਕੋਈ ਭਿੰਨ-ਭੇਦ ਨਹੀਂ ਹੈ। ਭਾਈ ਗੁਰਦਾਸ ਜੀ ਇਸ ਦ੍ਰਿਸ਼ ਨੂੰ ਵਾਹ-ਵਾਹ ਕਹਿ ਕੇ ਵਡਿਆਉਂਦੇ ਹਨ:

ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ॥

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਾਜਿਆ ਖਾਲਸਾ ਹਰ ਕਿਸਮ ਦੀ ਸ਼ਖ਼ਸੀ ਗ਼ੁਲਾਮੀ ਤੋਂ ਆਜ਼ਾਦ ਹੋ ਕੇ ਅਕਾਲ ਪੁਰਖ ਵਾਹਿਗੁਰੂ ਨਾਲ ਸਿੱਧੇ ਰੂਪ ਵਿੱਚ ਸੰਬੰਧਿਤ ਹੈ ਜੋ ਪਰਮਾਤਮਾ ਦੀ ਆਪਣੀ ਰਜ਼ਾ ਵਿੱਚੋਂ ਹੀ ਪ੍ਰਗਟ ਹੋਇਆ ਹੈ:

ਖਾਲਸਾ ਅਕਾਲ ਪੁਰਖ ਕੀ ਫੌਜ।

ਪ੍ਰਗਟਿਓ ਖਾਲਸਾ ਪ੍ਰਮਾਤਮ ਕੀ ਮੌਜ।

ਖਾਲਸੇ ਦਾ ਅਰਥ ਸ਼ੁੱਧ, ਨਿਰਮਲ ਅਤੇ ਬਿਨਾਂ ਮਿਲਾਵਟ ਤੋਂ ਹੈ। ਖਾਲਸਾ ਝੂਠ, ਬੇਈਮਾਨੀ, ਵਲ਼-ਫਰੇਬ ਤੋਂ ਦੂਰ ਮਨੁੱਖਤਾ ਦਾ ਸੱਚਾ ਹਮਦਰਦ ਹੈ। ਇਹ ਇੱਕ ਅਕਾਲ ਪੁਰਖ ਦਾ ਪੁਜਾਰੀ ਹੈ। ਖ਼ਾਲਸਾ ਪੰਜ ਕਕਾਰੀ ਰਹਿਣੀ ਦਾ ਧਾਰਨੀ ਹੈ। ਸੱਚਾ ਤੇ ਧਰਮੀ ਜੀਵਨ ਜਿਊਣਾ ਖ਼ਾਲਸੇ ਦਾ ਨੇਮ ਹੈ। ਧਰਮ ਅਤੇ ਸਦਾਚਾਰ ਦੇ ਸੁਮੇਲ ਖ਼ਾਲਸੇ ਦੀ ਆਵਾਜ਼ ਹਮੇਸ਼ਾ ਹੀ ਹੱਕ ਤੇ ਸੱਚ ਲਈ ਉੱਠਦੀ ਹੈ। ਜਬਰ ਤੇ ਜ਼ੁਲਮ ਵਿਰੁੱਧ ਡਟਣਾ ਖ਼ਾਲਸੇ ਦਾ ਪਰਮ ਧਰਮ ਕਰਤੱਵ ਹੈ। ਉੱਚੀ-ਸੁੱਚੀ ਜੀਵਨ-ਜਾਚ ਇਸ ਦੀ ਲਖਾਇਕ ਹੈ। ਦਸਮੇਸ਼ ਪਿਤਾ ਨੇ ਖ਼ਾਲਸੇ ਦੀ ਸਿਰਜਣਾ ਕਰਕੇ ਸੰਸਾਰ ਨੂੰ ਸੰਤ-ਸਿਪਾਹੀ ਦਾ ਅਜਿਹਾ ਨਵੀਨ, ਸ਼ਕਤੀਸ਼ਾਲੀ ਤੇ ਵਿਲੱਖਣ ਜੀਵਨ-ਸਿਧਾਂਤ ਦਿੱਤਾ, ਜਿਹੜਾ ਹੁਣ ਤਕ ਸ਼ਹਾਦਤਾਂ ਤੇ ਕੁਰਬਾਨੀਆਂ ਦੀਆਂ ਨਿੱਤ ਨਵੀਆਂ ਸਿਖਰਾਂ ਛੋਂਹਦਾ ਆ ਰਿਹਾ ਹੈ।

ਬਾਣੀ ਅਤੇ ਬਾਣੇ ਦੇ ਧਾਰਨੀ ਹੋਣਾ, ਸਿੱਖ ਰਹਿਤ ਦੀ ਪਰਪੱਕਤਾ ਅਤੇ ਗੁਰਮਤਿ ਸਿਧਾਂਤਾਂ ਦੀ ਪਹਿਰੇਦਾਰੀ ਖ਼ਾਲਸਈ ਜੀਵਨ ਦਾ ਅਹਿਮ ਵਿਧਾਨ ਹੈ। ਇਸੇ ਰੌਸ਼ਨੀ ਵਿੱਚ ਜੀਵਨ ਜਿਊਣਾ ਹਰ ਸਿੱਖ ਦਾ ਫ਼ਰਜ਼ ਹੈ। ਖ਼ਾਲਸਾ ਸਾਜਨਾ ਦਿਵਸ ਦੇ ਇਤਿਹਾਸਕ ਮੌਕੇ ’ਤੇ ਮੈਂ ਸੰਗਤਾਂ ਨੂੰ ਮੁਬਾਰਕਬਾਦ ਦਿੰਦਾ ਹੋਇਆ ਅਪੀਲ ਕਰਦਾ ਹਾਂ ਕਿ ਆਓ! ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ਿਸ਼ ਕੀਤੀ ਖੰਡੇ-ਬਾਟੇ ਦੀ ਪਾਹੁਲ ਛਕ ਕੇ ਖ਼ਾਲਸਈ ਰਹਿਣੀ ਦੇ ਧਾਰਨੀ ਬਣੀਏ, ਕਿਉਂਕਿ ਆਪਣੇ ਇਤਿਹਾਸ ਅਤੇ ਵਿਰਸੇ ਤੋਂ ਟੁੱਟ ਕੇ ਕੋਈ ਵੀ ਆਪਣੀ ਪਛਾਣ ਨਾਲ ਅੱਗੇ ਨਹੀਂ ਵਧ ਸਕਦਾ। ਵਿਸ਼ਵ ਵਿੱਚ ਵਿਚਰਦਿਆਂ ਆਪਣੇ ਸੱਭਿਆਚਾਰ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਅਗਵਾਈ ਹੀ ਮਨੁੱਖ ਨੂੰ ਆਪਣੇ ਵਿਸ਼ੇਸ਼ ਹੋਣ ਦਾ ਮਾਣ ਦਿਵਾ ਸਕਦੀ ਹੈ।

ਸਿੱਖ ਕੌਮ ਦੇ ਇਤਿਹਾਸਕ, ਸਿਧਾਂਤਕ ਅਤੇ ਵਿਰਾਸਤੀ ਗੁਣਾਂ ਦੀ ਅਮੀਰੀ ਦਾ ਮਾਣ ਹਰ ਸਿੱਖ ਨੂੰ ਸਵੈਮਾਣ ਅਤੇ ਇੱਜ਼ਤ ਨਾਲ ਜਿਊਣ ਦੀ ਪ੍ਰੇਰਣਾ ਦਿੰਦਾ ਹੈ। ਵੱਖ-ਵੱਖ ਸਮਿਆਂ ਵਿੱਚ ਆਈਆਂ ਮੁਸੀਬਤਾਂ ਸਮੇਂ ਸਿੱਖ ਕੌਮ ਨੇ ਪੀੜਤ ਮਾਨਵਤਾ ਨਾਲ ਖੜ੍ਹ ਕੇ ਇਹ ਸਿੱਧ ਕੀਤਾ ਹੈ ਕਿ ਮਨੁੱਖੀ ਬਰਾਬਰੀ ਅਤੇ ਇਕਸਾਰਤਾ ਦਾ ਜੋ ਪਾਠ ਖ਼ਾਲਸੇ ਨੂੰ ਗੁਰੂ ਸਾਹਿਬ ਨੇ ਪੜ੍ਹਾਇਆ ਉਹ ਵਿਸ਼ਵ ਦੇ ਧਰਮ ਇਤਿਹਾਸ ਵਿੱਚ ਮੋਹਰੀ ਅਤੇ ਵਿਲੱਖਣ ਹੈ। ਅੱਜ ਸਿੱਖ ਨੌਜੁਆਨੀ ਨੂੰ ਆਪਣੇ ਇਸ ਖ਼ਾਲਸਈ ਵਿਰਸੇ ਪ੍ਰਤੀ ਜਾਗਰੂਕ ਅਤੇ ਸੁਚੇਤ ਕਰਦੇ ਰਹਿਣਾ ਹੋਰ ਵੀ ਜ਼ਿਆਦਾ ਮਹੱਤਵਪੂਰਨ ਬਣ ਜਾਂਦਾ ਹੈ ਕਿਉਂਕਿ ਵਰਤਮਾਨ ਸਮੇਂ ਤਕਨੀਕ ਅਤੇ ਸੰਚਾਰ ਸਾਧਨਾਂ ਦੀ ਤੇਜ਼ੀ ਮਨੁੱਖ ਨੂੰ ਨੈਤਿਕਤਾ ਨਾਲੋਂ ਤੋੜਨ ਵਾਲੇ ਪਾਸੇ ਲਿਜਾ ਰਹੀ ਹੈ। ਸਿੱਖੀ ਦੇ ਵਿਲੱਖਣ ਸਿਧਾਂਤ ਅਤੇ ਮਾਨਵ ਹਿੱਤਕਾਰੀ ਫਲਸਫ਼ਾ ਅਜੋਕੀਆਂ ਮਨੁੱਖੀ ਚਿੰਤਾਵਾਂ ਦੇ ਖ਼ਾਤਮੇ ਦਾ ਸਫ਼ਲ ਮਾਰਗਦਰਸ਼ਕ ਹਨ। ਲੋੜ ਇਸ ਗੱਲ ਦੀ ਹੈ ਕਿ ਅਸੀਂ ਸਮੂਹਿਕ ਯਤਨਾਂ ਨਾਲ ਖ਼ਾਲਸਈ ਵਿਚਾਰਧਾਰਾ ਨੂੰ ਅੱਗੇ ਵਧਾਈਏ।

ਸੋ ਆਓ, ਖ਼ਾਲਸਾ ਸਾਜਨਾ ਦਿਵਸ ਮੌਕੇ ਪ੍ਰਣ ਕਰੀਏ ਕਿ ਜਿੱਥੇ ਹਰ ਸਿੱਖ ਨੇ ਖੰਡੇ ਬਾਟੇ ਦੀ ਪਾਹੁਲ ਛਕ ਕੇ ਖ਼ਾਲਸਈ ਰਹਿਣੀ ਦਾ ਧਾਰਨੀ ਬਣਨਾ ਹੈ, ਉੱਥੇ ਹੀ ਗੁਰੂ ਸਾਹਿਬ ਦੀ ਵਿਚਾਰਧਾਰਾ ਅਨੁਸਾਰ ‘ਏਕੁ ਪਿਤਾ ਏਕਸ ਕੇ ਹਮ ਬਾਰਿਕ’ ਦੇ ਸੰਦੇਸ਼ ਨੂੰ ਹਿਰਦੇ ਵਿੱਚ ਵਸਾ ਕੇ ਮਾਨਵਤਾ ਲਈ ਮਦਦਗਾਰ ਬਣੇ ਰਹਿਣਾ ਹੈ। ਅਖੀਰ ਵਿੱਚ ਗੁਰੂ ਨਾਨਕ ਨਾਮਲੇਵਾ ਸੰਗਤਾਂ ਨੂੰ ਖ਼ਾਲਸਾ ਸਾਜਨਾ ਦਿਵਸ ਦੀ ਹਾਰਦਿਕ ਮੁਬਾਰਕਬਾਦ।

* ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ।

Advertisement
Show comments