ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 7 ਅਪਰੈਲ
ਸੰਯੁਕਤ ਕਿਸਾਨ ਮੋਰਚਾ ਦੀ ਏਕਤਾ ਨੂੰ ਬਚਾਅ ਕੇ ਮਜ਼ਬੂਤ ਕਰਨ ਲਈ ਯਤਨਸ਼ੀਲ ਕਿਸਾਨ ਜਥੇਬੰਦੀਆਂ ਦੀ ਇਕ ਜ਼ਰੂਰੀ ਮੀਟਿੰਗ ਕਿਸਾਨ ਆਗੂ ਬੂਟਾ ਸਿੰਘ ਬੁਰਜ ਗਿੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ 12 ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ। ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਐੱਮਐੱਸਪੀ ਅਤੇ ਹੋਰ ਮੰਗਾਂ ਨੂੰ ਲੈ ਕੇ 11 ਤੋਂ 17 ਅਪਰੈਲ ਤੱਕ ਪ੍ਰਚਾਰ ਹਫ਼ਤਾ ਮਨਾਉਣ ਦੇ ਦਿੱਤੇ ਸੱਦੇ ਨੂੰ ਜ਼ੋਰਦਾਰ ਢੰਗ ਨਾਲ ਲਾਗੂ ਕਰਨ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਦੌਰਾਨ ਸਰਬਸੰਮਤੀ ਨਾਲ 11 ਅਪਰੈਲ ਨੂੰ ਮੁੱਲਾਂਪੁਰ ਵਿੱਚ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ। ਕਿਸਾਨ ਮੋਰਚੇ ਦੀ ਏਕਤਾ ਲਈ ਜਨਤਕ ਕਿਸਾਨ ਜਥੇਬੰਦੀਆਂ ਨੂੰ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦੇ ਹੋਏ ਆਗੂਆਂ ਨੇ ਸਪੱਸ਼ਟ ਕਿਹਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਇਕਮੁੱਠ ਸੀ ਅਤੇ ਇਕਮੁੱਠ ਰਹੇਗਾ।
ਮੀਟਿੰਗ ਦੌਰਾਨ ਪੰਜਾਬ ਵਿੱਚ ਖੇਤੀ ਮੋਟਰਾਂ ਦੀ ਬਿਜਲੀ ਦੇ ਲੱਗ ਰਹੇ ਕੱਟਾਂ ਦੀ ਸਥਿਤੀ ਉੱਪਰ ਗਹਿਰੀ ਚਿੰਤਾ ਪ੍ਰਗਟ ਕਰਦੇ ਹੋਏ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਖੇਤੀ ਮੋਟਰਾਂ ਨੂੰ ਪ੍ਰਤੀ ਦਿਨ ਘੱਟੋ-ਘੱਟ 6 ਘੰਟੇ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ। ਮੀਟਿੰਗ ਵਿੱਚ ਵੱਧ ਰਹੀ ਮਹਿੰਗਾਈ, ਡੀਜ਼ਲ, ਪੈਟਰੋਲ ਅਤੇ ਗੈਸ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਬੇਤਹਾਸ਼ਾ ਵਾਧੇ ਨੂੰ ਸਰਕਾਰਾਂ ਵੱਲੋਂ ਲੋਕਾਂ ਵਿਰੁੱਧ ਵਿੱਢਿਆ ਹਮਲਾ ਕਰਾਰ ਦਿੰਦੇ ਹੋਏ ਇਹ ਵਾਧਾ ਵਾਪਸ ਲੈਣ ਦੀ ਮੰਗ ਕੀਤੀ ਗਈ।
ਦੇਸ਼ ਦੀ ਕੇਂਦਰ ਸਰਕਾਰ ਵੱਲੋਂ ਸੂਬਿਆਂ ਦੇ ਪਾਣੀ ਅਤੇ ਰੱਖ-ਰਖਾਅ ਦੇ ਅਧਿਕਾਰਾਂ ’ਤੇ ਡਾਕਾ ਮਾਰਨ ਦੇ ਇਰਾਦੇ ਨਾਲ ਲਿਆਂਦੇ ਡੈਮ ਸਕਿਉਰਿਟੀ ਐਕਟ 2021 ਨੂੰ ਰੱਦ ਕਰਨ ਦੀ ਮੰਗ ਦੇ ਨਾਲ-ਨਾਲ ਕੇਂਦਰੀਕਰਨ ਦੇ ਯਤਨਾ ਵਿਰੁੱਧ ਪਿੰਡ ਪੱਧਰ ’ਤੇ ਲਾਮਬੰਦੀ ਦੇ ਯਤਨ ਜਾਰੀ ਰੱਖਣ ਦਾ ਇਰਾਦਾ ਵੀ ਦੁਹਰਾਇਆ। ਮੀਟਿੰਗ ਵਿੱਚ ਨਿਰਭੈ ਸਿੰਘ ਢੁੱਡੀਕੇ, ਰਾਮਿੰਦਰ ਸਿੰਘ ਪਟਿਆਲਾ, ਬਲਦੇਵ ਸਿੰਘ ਨਿਹਾਲਗੜ੍ਹ, ਲਖਵੀਰ ਸਿੰਘ, ਵੀਰਪਾਲ ਸਿੰਘ ਢਿੱਲੋਂ ਆਦਿ ਹਾਜ਼ਰ ਸਨ।