ਖੇਤਰੀ ਪ੍ਰਤੀਨਿਧ
ਲੁਧਿਆਣਾ, 17 ਜਨਵਰੀ
ਕਰੋਨਾ ਮਹਾਮਾਰੀ ਦਾ ਪ੍ਰਕੋਪ ਭਾਵੇਂ ਹੌਲੀ ਹੌਲੀ ਘੱਟ ਹੋ ਰਿਹਾ ਹੈ ਪਰ ਸਨਅਤੀ ਸ਼ਹਿਰ ਲੁਧਿਆਣਾ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਦੇ 43 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਦੋ ਕਰੋਨਾ ਮਰੀਜ਼ਾਂ ਦੇ ਮਰਨ ਦੀ ਪੁਸ਼ਟੀ ਹੋਈ ਹੈ। ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਕੋਵਿਡ-19 ਤੋਂ ਸੁਰੱਖਿਆ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 43 ਨਵੇਂ ਕਰੋਨਾ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 33 ਮਰੀਜ਼ ਲੁਧਿਆਣਾ ਜ਼ਿਲ੍ਹੇ ਨਾਲ ਜਦਕਿ 10 ਮਰੀਜ਼ ਹੋਰਨਾਂ ਰਾਜਾਂ/ਜ਼ਿਲ੍ਹਿਆਂ ਨਾਲ ਸਬੰਧਤ ਪਾਏ ਗਏ ਹਨ। ਇਨ੍ਹਾਂ ਤੋਂ ਇਲਾਵਾ 2 ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਵਿੱਚੋਂ ਇੱਕ ਮਰੀਜ਼ ਲੁਧਿਆਣਾ ਦਾ ਅਤੇ ਇੱਕ ਮਾਨਸਾ ਨਾਲ ਸਬੰਧਤ ਸੀ।
ਅੱਜ 2198 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ। ਸ੍ਰੀ ਸ਼ਰਮਾ ਨੇ ਦੱਸਿਆ ਕਿ ਮੌਜੂਦਾ ਸਮੇਂ ਜ਼ਿਲ੍ਹੇ ਵਿੱਚ 802 ਸ਼ੱਕੀ ਲੋਕਾਂ ਨੂੰ ਘਰਾਂ ਵਿੱਚ ਇਕਾਂਤਵਾਸ ਰੱਖਿਆ ਗਿਆ ਹੈ ਅਤੇ ਇਨ੍ਹਾਂ ਵਿੱਚੋਂ 38 ਵਿਅਕਤੀਆਂ ਨੂੰ ਅੱਜ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦਾਅਵਾ ਕੀਤਾ ਕਿ ਹੁਣ ਤਕ 25298 ਮਰੀਜ਼ਾਂ ਵਿੱਚੋਂ 23030 ਕੋਵਿਡ ਪਾਜ਼ੇਟਿਵ ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ। ਮਰੀਜ਼ਾਂ ਦੇ ਠੀਕ ਹੋਣ ਦੀ ਇਹ ਦਰ 94.98 ਫੀਸਦ ਬਣਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਮਾਰੀ ਨਜਿੱਠਣ ਲਈ ਜਾਰੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਦੇ ਰਹਿਣ।