ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਵਿਚ ਕਰੋਨਾ ਦੇ ਕੇਸ ਵਧਦੇ ਜਾ ਰਹੇ ਹਨ। ਸ਼ੁੱਕਰਵਾਰ ਨੂੰ ਲੁਧਿਆਣਾ ਵਿਚ ਕਰੋਨਾ ਦੇ ਨਾਲ 3 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 85 ਨਵੇਂ ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟੇ ਦੌਰਾਨ ਜ਼ਿਲ੍ਹਾ ਲੁਧਿਆਣਾ ਵਿਚ 3753 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਪਿਛਲੇ 24 ਘੰਟੇ ਦੌਰਾਨ 85 ਨਵੇਂ ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ, ਜਿਸ ਦੇ ਨਾਲ ਲੁਧਿਆਣਾ ਜ਼ਿਲ੍ਹੇ ਦੇ ਕੁੱਲ ਕਰੋਨਾ ਮਰੀਜ਼ਾਂ ਦੀ ਗਿਣਤੀ 22542 ਪੁੱਜ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ 92.13 ਫੀਸਦੀ 20768 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ 24 ਘੰਟੇ ਦੌਰਾਨ ਤਿੰਨ ਵਿਅਕਤੀਆਂ ਦੀ ਕਰੋਨਾ ਨਾਲ ਮੌਤ ਹੋ ਗਈ। ਇਸ ਤੋਂ ਬਾਅਦ ਲੁਧਿਆਣਾ ਵਿਚ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 897 ਹੋ ਗਈ ਹੈ। -ਟਨਸ