ਲੁਧਿਆਣਾ: ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿੱਚ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਇਸ ਵਿੱਚ 30 ਪ੍ਰਾਣੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਪੰਜ ਪਿਆਰਿਆਂ ਨੇ ਅੰਮ੍ਰਿਤ ਛਕਣ ਵਾਲਿਆਂ ਨੂੰ ਬਾਣੇ ਅਤੇ ਬਾਣੀ ਪ੍ਰਤੀ ਵਚਨਬੱਧ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਵੀ ਸ਼ਬਦ ਗੁਰੂ ਨਾਲ ਜੋੜਨ ਲਈ ਅੱਗੇ ਆਉਣ। ਇਸ ਮੌਕੇ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕੀਤਾ। ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। -ਨਿੱਜੀ ਪੱਤਰ ਪ੍ਰੇਰਕ