ਸੰਤੋਖ ਗਿੱਲ
ਗੁਰੂਸਰ ਸੁਧਾਰ, 19 ਸਤੰਬਰ
ਭਾਰਤ ਮਾਲਾ ਪ੍ਰਾਜੈਕਟ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਕਰੀਬ ਡੇਢ ਦਰਜਨ ਪਿੰਡਾਂ ਦੇ ਸੈਂਕੜੇ ਕਿਸਾਨਾਂ ਅਤੇ ਮਜ਼ਦੂਰਾਂ ਤੋਂ ਜਬਰੀ ਜ਼ਮੀਨਾਂ ਐਕੁਆਇਰ ਕਰਨ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਭਾਰਤੀ ਕਿਸਾਨ-ਮਜ਼ਦੂਰ ਰੋਡ ਸੰਘਰਸ਼ ਯੂਨੀਅਨ ਦੀ ਅਗਵਾਈ ਹੇਠ ਬਲਾਕ ਪੱਖੋਵਾਲ ਦੇ ਪਿੰਡ ਕੋਟ ਆਗਾ ਵਿਚ ਚੱਲ ਰਿਹਾ ਮੋਰਚਾ 86ਵੇਂ ਦਿਨ ਵੀ ਜਾਰੀ ਰਿਹਾ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਰਨਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਅਤੇ ਰੋਡ ਸੰਘਰਸ਼ ਯੂਨੀਅਨ ਦੇ ਸਕੱਤਰ ਪਰਮਜੀਤ ਸਿੰਘ ਕੋਟ ਆਗਾ ਨੇ ਕਿਹਾ ਸਰਕਾਰ ਵੱਲੋਂ ਕਾਰਪੋਰੇਟਾਂ ਨੂੰ ਸੜਕਾਂ ਦਾ ਜਾਲ ਵਿਛਾ ਕੇ ਦੇਣ ਦੀ ਮੁਹਿੰਮ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਉੱਪਰ ਜਬਰੀ ਕਬਜ਼ੇ ਕੀਤੇ ਜਾ ਰਹੇ ਹਨ। ਪੈਂਤੀ ਹਜ਼ਾਰ ਕਿਲੋਮੀਟਰ ਲੰਬੀਆਂ ਸੜਕਾਂ ਦੇ ਇਸ ਜਾਲ ਰਾਹੀਂ ਗੁਆਂਢ ਦੇ ਅੱਠ ਦੇਸ਼ਾਂ ਦੀ ਨੂੰ ਵੀ ਜੋੜਨ ਦੀਆਂ ਤਿਆਰੀਆਂ ਖਿੱਚੀਆਂ ਜਾ ਰਹੀਆਂ ਹਨ।
ਕਿਸਾਨ ਆਗੂ ਚਰਨਜੀਤ ਸਿੰਘ ਫੱਲੇਵਾਲ, ਜਸਵੀਰ ਸਿੰਘ ਕੋਟ ਆਗਾ, ਕਰਮਜੀਤ ਸਿੰਘ ਦਾਖਾ, ਸੁਦਾਗਰ ਸਿੰਘ ਜੁੜਾਹਾਂ, ਸੁਰਿੰਦਰ ਕੌਰ ਕਾਲਖ, ਹਰਪ੍ਰੀਤ ਕੌਰ ਗੁੱਜਰਵਾਲ ਅਤੇ ਅਮਰਜੀਤ ਕੌਰ ਗੁੱਜਰਵਾਲ ਨੇ ਕਿਹਾ ਕਿ ਸ਼ਹੀਦਾਂ ਦੇ ਸੁਫਨੇ ਸਾਕਾਰ ਨਹੀਂ ਹੋਏ ਸਗੋਂ ਲੁੱਟ ਪਹਿਲਾਂ ਨਾਲੋਂ ਵੀ ਤੇਜ਼ ਹੋ ਗਈ ਹੈ। ਜਲ, ਜੰਗਲ ਅਤੇ ਜ਼ਮੀਨ ਤੋਂ ਆਮ ਲੋਕਾਂ ਨੂੰ ਬੇਦਖ਼ਲ ਕਰ ਕੇ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਦੀਆਂ ਵਿਉਂਤਾਂ ਬਣ ਚੁੱਕੀਆਂ ਹਨ। ਉਨ੍ਹਾਂ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਹੋਣ ਵਾਲੀ ਸਾਮਰਾਜ ਵਿਰੋਧੀ ਰੈਲੀ ਨੂੰ ਕਾਮਯਾਬ ਕਰਨ ਲਈ ਸੱਦਾ ਦਿੱਤਾ। ਧਰਨੇ ਦੌਰਾਨ ਨਾਜਰ ਸਿੰਘ ਸਿਆੜ ਅਤੇ ਰਾਮ ਸਿੰਘ ਹਠੂਰ ਨੇ ਇਨਕਲਾਬੀ ਗੀਤ ਪੇਸ਼ ਕੀਤੇ ਅਤੇ ਲੰਗਰ ਦਾ ਪ੍ਰਬੰਧ ਪਿੰਡ ਭਾਗਪੁਰ ਦੀ ਸੰਗਤ ਵੱਲੋਂ ਕੀਤਾ ਗਿਆ।