ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 26 ਸਤੰਬਰ
ਭਾਕਿਯੂ ਏਕਤਾ (ਉਗਰਾਹਾਂ) ਅਤੇ ਭਾਰਤੀ ਕਿਸਾਨ-ਮਜ਼ਦੂਰ ਰੋਡ ਸੰਘਰਸ਼ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਕਾਰਪੋਰੇਟਾਂ ਨੂੰ ਸਹੂਲਤਾਂ ਦੇਣ ਲਈ ਆਮ ਲੋਕਾਂ ਦੀ ਰੋਜ਼ੀ-ਰੋਟੀ ਦੇ ਸਾਧਨ ਖੋਹ ਰਹੀ ਹੈ। ਕਾਰਪੋਰੇਟਾਂ ਲਈ ਮਾਲ ਦੀ ਢੋਆ-ਢੁਆਈ ਸੌਖੀ ਕਰਨ ਲਈ ਹੁਣ ਕੇਂਦਰ ਸਰਕਾਰ ਕਿਸਾਨਾਂ-ਮਜ਼ਦੂਰਾਂ ਦੀਆਂ ਜ਼ਮੀਨਾਂ ਖੋਹਣ ਲੱਗ ਪਈ ਹੈ। ਆਗੂਆਂ ਨੇ ਕਿਹਾ ਕਿ ਲੋਕਾਂ ਦੀ ਇੱਕਮੁੱਠਤਾ ਸਰਕਾਰ ਦੇ ਇਨ੍ਹਾਂ ਯਤਨਾਂ ਨੂੰ ਸਫ਼ਲ ਨਹੀਂ ਹੋਣ ਦੇਵੇਗੀ।
ਭਾਕਿਯੂ ਏਕਤਾ (ਉਗਰਾਹਾਂ) ਅਤੇ ਭਾਰਤੀ ਕਿਸਾਨ-ਮਜ਼ਦੂਰ ਰੋਡ ਸੰਘਰਸ਼ ਯੂਨੀਅਨ ਦੀ ਅਗਵਾਈ ਹੇਠ ਭਾਰਤ ਮਾਲਾ ਪ੍ਰਾਜੈਕਟ ਤਹਿਤ ਕਿਸਾਨਾਂ-ਮਜ਼ਦੂਰਾਂ ਦੀਆਂ ਸੈਂਕੜੇ ਏਕੜ ਜ਼ਮੀਨਾਂ ਉਚਿੱਤ ਮੁਆਵਜ਼ਾ ਅਦਾ ਕੀਤੇ ਬਗੈਰ ਐਕੁਆਇਰ ਕਰਨ ਵਿਰੁੱਧ ਪੱਕਾ ਮੋਰਚਾ ਬਲਾਕ ਪੱਖੋਵਾਲ ਦੇ ਕੋਟ ਆਗਾ ਵਿਚ ਜਾਰੀ ਹੈ। ਪ੍ਰਧਾਨ ਕੁਲਦੀਪ ਸਿੰਘ ਗੁੱਜਰਵਾਲ, ਰੋਡ ਸੰਘਰਸ਼ ਯੂਨੀਅਨ ਦੇ ਪ੍ਰਧਾਨ ਬਿੱਕਰਜੀਤ ਸਿੰਘ ਕਾਲਖ, ਪਰਮਜੀਤ ਸਿੰਘ ਕੋਟ ਆਗਾ, ਦਰਸ਼ਨ ਸਿੰਘ ਫੱਲੇਵਾਲ, ਹਰਪ੍ਰੀਤ ਕੌਰ ਗੁੱਜਰਵਾਲ ਤੇ ਸੁਰਿੰਦਰ ਕੌਰ ਕਾਲਖ ਨੇ ਕਿਸਾਨਾਂ ਮਜ਼ਦੂਰਾਂ ਨੂੰ ਬਰਨਾਲਾ ਵਿਚ ਸਾਮਰਾਜ ਵਿਰੋਧੀ ਚੇਤਨਾ ਰੈਲੀ ਵਿਚ ਭਾਗ ਲੈਣ ਲਈ ਪਹੁੰਚਣ ਦਾ ਸੱਦਾ ਦਿੱਤਾ। ਕਿਸਾਨ ਆਗੂ ਸੁਖਮਿੰਦਰ ਸਿੰਘ ਖੰਡੂਰ, ਸੁਦਾਗਰ ਸਿੰਘ ਜੁੜਾਹਾਂ, ਬਲਵਿੰਦਰ ਸਿੰਘ ਨਾਰੰਗਵਾਲ, ਜਸਵੀਰ ਸਿੰਘ ਨੇ ਕਿਹਾ ਕਿ ਬਰਨਾਲਾ ਰੈਲੀ ਦੀ ਕਾਮਯਾਬੀ ਲਈ ਹਰ ਘਰ ਦਸਤਕ ਦੇਣਾ ਜ਼ਰੂਰੀ ਹੈ। ਆਗੂਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਅੱਖਾਂ ਦਾ ਮੁਫ਼ਤ ਕੈਂਪ ਬਲਾਕ ਪੱਖੋਵਾਲ ਦੇ ਸਹਿਯੋਗ ਨਾਲ ਲੱਗ ਰਿਹਾ ਹੈ। ਲੰਗਰ ਦੀ ਸੇਵਾ ਬਹਿਲੋਲਪੁਰ ਦੀ ਸੰਗਤ ਵੱਲੋਂ ਕੀਤੀ ਗਈ।