ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 4 ਜਨਵਰੀ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਅੱਜ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ। ਇਸ ਵਿੱਚ ਉਨ੍ਹਾਂ ਦੱਸਿਆ ਕਿ ਕੋਵਿਡ-19 ਮਹਾਮਾਰੀ ਅਤੇ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਕੋਈ ਸੱਭਿਆਚਾਰਕ ਸਮਾਗਮ ਜਾਂ ਪੀਟੀ ਸ਼ੋਅ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਸਬੰਧੀ ਫੁੱਲ ਡਰੈੱਸ ਰਿਹਰਸਲ 23 ਜਨਵਰੀ ਨੂੰ ਸਥਾਨਕ ਗੁਰੂ ਨਾਨਕ ਸਟੇਡੀਅਮ ਵਿੱਚ ਹੋਵੇਗੀ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਵੱਡੀ ਗਿਣਤੀ ਵਿਚ ਸਮਾਗਮ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਸਟੇਡੀਅਮ ਦੀ ਸਮਰੱਥਾ ਮੁਤਾਬਕ ਸਿਰਫ਼ 50 ਫ਼ੀਸਦੀ ਲੋਕਾਂ ਦੇ ਇਕੱਠੇ ਹੋਣ ਦੀ ਹੀ ਆਗਿਆ ਹੈ। ਸਮਾਰੋਹ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਲਈ ਮਾਸਕ ਪਾਉਣਾ ਲਾਜ਼ਮੀ ਹੈ ਅਤੇ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਜ਼ਿਲ੍ਹਾ ਲੋਕ ਸੰਪਰਕ ਅਫਸਰ, ਲੁਧਿਆਣਾ ਦੇ ਅਧਿਕਾਰਤ ਫੇਸਬੁੱਕ ਪੇਜ ’ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਅਧਿਕਾਰੀ ਨੂੰ ਲਾਜ਼ਮੀ ਤੌਰ ’ਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਸਮਾਰੋਹ ਵਿੱਚ ਹਿੱਸਾ ਲੈਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਜੁਆਇੰਟ ਪੁਲੀਸ ਕਮਿਸ਼ਨਰ ਜੇ. ਐਲਚੇਜ਼ੀਅਨ, ਐੱਸਡੀਐੱਮ ਵੀ ਮੌਜੂਦ ਸਨ।