ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 26 ਅਪਰੈਲ
ਹਾੜੀ ਦੇ ਸੀਜ਼ਨ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਹੁਣ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਵਿੱਚ 7.6 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਦੱਸਿਆ ਕਿ ਚੱਲ ਰਹੇ ਹਾੜੀ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 9 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਦੇ ਕਿਆਸ ਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਨੇ 25 ਅਪਰੈਲ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿਚ 706925 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ 706925 ਮੀਟ੍ਰਿਕ ਟਨ ਕਣਕ ਜ਼ਿਲ੍ਹੇ ਦੀਆਂ ਕਣਕ ਮੰਡੀਆਂ ਵਿਚ ਆ ਚੁੱਕੀ ਹੈ ਅਤੇ ਪੂਰਾ ਸਟਾਕ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਖਰੀਦ ਕੀਤੇ ਸਟਾਕ ਦਾ 65 ਪ੍ਰਤੀਸ਼ਤ ਹਿੱਸਾ ਵੀ ਚੁੱਕ ਲਿਆ ਗਿਆ ਹੈ ਅਤੇ ਇਸ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਸ੍ਰੀ ਸ਼ਰਮਾ ਨੇ ਅੱਗੇ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ 914 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦ੍ਰਿੜਤਾ ਨਾਲ ਵਚਨਬੱਧ ਹੈ ਕਿ ਉਹ ਕਿਸਾਨਾਂ ਦੇ ਇਕ-ਇਕ ਦਾਣੇ ਦੀ ਖਰੀਦ ਅਤੇ ਲਿਫਟਿੰਗ ਕਰਨਗੇ। ਉਨ੍ਹਾਂ ਕਿਹਾ ਕਿ ਪੂਰੇ ਖਰੀਦ ਸੀਜ਼ਨ ਦੌਰਾਨ ਕਿਸੇ ਵੀ ਕਿਸਾਨ ਨੇ ਅਨਾਜ ਮੰਡੀਆਂ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਜਾਂ ਅਸੁਵਿਧਾ ਦਾ ਦਾਅਵਾ ਨਹੀਂ ਕੀਤਾ ਹੈ। ਡੀਸੀ ਸ਼ਰਮਾ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਬਾਕੀ ਅਨਾਜ ਵੀ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਖਰੀਦਿਆ ਜਾਵੇ।