ਲੋਕ ਅਦਾਲਤ ਵਿੱਚ 95,902 ਕੇਸ ਹੱਲ
ਕੁੱਲ 110.68 ਕਰੋੜ ਰੁਪਏ ਤੋਂ ਵੱਧ ਦੇ ਅਵਾਰਡ ਪਾਸ
Advertisement
ਇੱਥੇ ਲੁਧਿਆਣਾ ਅਦਾਲਤ ਕੰਪਲੈਕਸ ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ ਦੀ ਪ੍ਰਧਾਨਗੀ ਹੇਠ ਲੁਧਿਆਣਾ ਅਤੇ ਉਪ ਮੰਡਲ ਪੱਧਰ ’ਤੇ ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿੱਚ ਕੌਮੀ ਲੋਕ ਅਦਾਲਤਾ ਲਾਈਆਂ ਗਈਆਂ। ਅੱਜ ਦੀ ਲੋਕ ਅਦਾਲਤ ਦੌਰਾਨ, ਕੁੱਲ 97455 ਕੇਸ ਲਗਾਏ ਗਏ ਅਤੇ 95902 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਲਗਭਗ 110.68 ਕਰੋੜ ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਸੀ ਜੇ ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਮਿਤ ਸੱਭਰਵਾਲ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਅਦਾਲਤਾਂ ਵਿੱਚ ਲੰਬਿਤ ਕੇਸਾਂ ਅਤੇ ਪ੍ਰੀ-ਲੀਟੀਗੇਟਿਵ ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰ ’ਤੇ ਕੁੱਲ 39 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਸੀ ਅਤੇ ਉਪ ਮੰਡਲ ਪੱਧਰਾਂ ’ਤੇ ਕੁੱਲ 10 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੌਮੀ ਲੋਕ ਅਦਾਲਤਾਂ ਦੇ ਕਈ ਫ਼ਾਇਦੇ ਹਨ ਕਿਉਂਕਿ ਫ਼ੈਸਲੇ ਸਮਝੌਤੇ ਰਾਹੀਂ ਪਾਸ ਕੀਤੇ ਜਾਂਦੇ ਹਨ ਜਿਸ ਨਾਲ ਧਿਰਾਂ ਅਤੇ ਸਮਾਜ ਵਿੱਚ ਵੱਡੇ ਪੱਧਰ ’ਤੇ ਸ਼ਾਂਤੀ ਅਤੇ ਸਦਭਾਵਨਾ ਬਣੀ ਰਹਿੰਦੀ ਹੈ। ਲੋਕ ਅਦਾਲਤ ਵਿੱਚ ਪੂਰੀ ਕੋਰਟ ਫ਼ੀਸ ਵਾਪਸ ਕਰਨ ਦੇ ਆਦੇਸ਼ ਦਿੱਤੇ ਜਾਂਦੇ ਹਨ ਜਿਸ ਨਾਲ ਲੋਕਾਂ ਨੂੰ ਮਾਮਲੇ ਦਾ ਨਿਪਟਾਰਾ ਕਰਨ ਵਿੱਚ ਸੰਤੁਸ਼ਟੀ ਮਿਲਦੀ ਹੈ।
Advertisement
Advertisement
