ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 12 ਸਤੰਬਰ
ਭਾਰਤੀ ਜਨਤਾ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵਕਤ ਕਰਾਰਾ ਝਟਕਾ ਦਿੱਤਾ ਜਦੋਂ ਅਕਾਲੀ ਦਲ ਦੇ ਸੀਨੀਅਰ ਆਗੂ ਕਰਮਜੀਤ ਸਿੰਘ ਸੇਠੀ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਅਗਰ ਨਗਰ ਮੰਡਲ ਦੇ ਪ੍ਰਧਾਨ ਆਸ਼ੀਸ਼ ਗੁਪਤਾ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਅਗਰ ਨਗਰ ਮੰਡਲ ਦੇ ਡੀਪੀ ਸਿੰਘ ਅਤੇ ਸਤੀਸ਼ ਭੱਕੂ ਵੀ ਭਾਜਪਾ ਵਿੱਚ ਸ਼ਾਮਲ ਹੋਏ। ਭਾਜਪਾ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਨੂੰ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਅਤੇ ਹੋਰ ਆਗੂਆਂ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਭਾਜਪਾ ਵਿੱਚ ਸ਼ਾਮਲ ਹੋਏ ਕਰਮਜੀਤ ਸਿੰਘ ਸੇਠੀ ਅਤੇ ਹੋਰ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੋਕ ਭਲਾਈ ਕੰਮਾਂ ਅਤੇ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਹ ਭਾਜਪਾ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਜ਼ਿਲ੍ਹਾ ਸਕੱਤਰ ਸੁਮਿਤ ਟੰਡਨ, ਸ਼ਿਵਮ ਬਾਂਸਲ, ਅਸ਼ੀਸ਼ ਕਲਹਣ, ਚੰਦਰ ਕਾਂਤ ਗੋਗਨਾ ਅਤੇ ਸ਼ਸ਼ੀ ਮਹਿਤਾ ਹਾਜ਼ਰ ਸਨ।