ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 14 ਅਕਤੂਬਰ
ਮਨੁੱਖੀ ਅਧਿਕਾਰ ਸੰਗਠਨ ਦੇ ਝੰਡੇ ਹੇਠ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰਨ ਵਾਲੀ ਬੀਬੀ ਜਸਵਿੰਦਰ ਕੌਰ ਸੋਹਲ ਵੱਲੋਂ ਅੱਜ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਦੀ ਰਿਹਾਇਸ਼ ’ਤੇ ਪਹੁੰਚ ਕੇ ਉਨ੍ਹਾਂ ਨਾਲ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਮੁਹਿੰਮ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਬੀਬੀ ਕਮਲਦੀਪ ਕੌਰ ਦੀ ਫਲਾਵਰ ਇਨਕਲੇਵ ਦੁੱਗਰੀ ਸਥਿਤ ਰਿਹਾਇਸ਼ ’ਤੇ ਬੀਬੀ ਜਸਵਿੰਦਰ ਕੌਰ ਸੋਹਲ ਨੇ ਦੱਸਿਆ ਕਿ ਜੱਥੇਬੰਦੀ ਵੱਲੋਂ ਭਲਕੇ 15 ਅਕਤੂਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਸੂਬਾ ਪੱਧਰੀ ਮੀਟਿੰਗ ਕੀਤੀ ਜਾ ਰਹੀ ਹੈ, ਜਿਸ ਵਿੱਚ ਲੋਕਤੰਤਰੀ ਢੰਗ ਨਾਲ ਸੰਘਰਸ਼ ਦੇ ਦਾਇਰੇ ਨੂੰ ਵਿਸ਼ਾਲ ਕੀਤਾ ਜਾਵੇਗਾ ਅਤੇ ਹੋਰ ਮਨੁੱਖੀ ਅਧਿਕਾਰ ਜੱਥੇਬੰਦੀਆਂ ਨੂੰ ਸ਼ਾਮਲ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਬੀਬੀ ਕਮਲਦੀਪ ਕੌਰ ਨੂੰ ਸੱਦਾ ਪੱਤਰ ਵੀ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਭਲਕੇ ਦੀ ਮੀਟਿੰਗ ਵਿੱਚ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸ ਮੌਕੇ ਬੀਬੀ ਹਰਲੀਨ ਕੌਰ ਤੇ ਬਲਵੀਰ ਕੌਰ ਲਾਇਲਪੁਰੀ ਵੀ ਹਾਜ਼ਰ ਸਨ।