
ਸੁਨੇਤ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਜਥੇਬੰਦੀਆਂ ਦੇ ਨੁਮਾਇੰਦੇ।
ਖੇਤਰੀ ਪ੍ਰਤੀਨਿਧ
ਲੁਧਿਆਣਾ, 23 ਮਾਰਚ
ਲੁਧਿਆਣਾ ਦੀਆਂ ਜਨਤਕ, ਜਮਹੂਰੀ, ਇਨਕਲਾਬੀ, ਤਕਰਸ਼ੀਲ ਅਤੇ ਮਜ਼ਦੂਰ ਜਥੇਬੰਦੀਆਂ ਦੇ ਕਾਰਕੁਨਾਂ ਵੱਲੋਂ ਅੱਜ ਗਦਰੀ ਸ਼ਹੀਦ ਬਾਬਾ ਭਾਨ ਸਿੰਘ ਯਾਦਗਾਰ ਵਿੱਚ 23 ਮਾਰਚ ਦੇ ਕੌਮੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਬੁੱਤਾਂ ’ਤੇ ਹਾਰ ਪਾਏ ਗਏ, ਵਿਚਾਰਾਂ ’ਤੇ ਪਹਿਰਾ ਦੇਣ ਅਤੇ ਉਨ੍ਹਾਂ ਵੱਲੋਂ ਚਿਤਵੇ ਮਨੁੱਖੀ ਬਰਾਬਰਤਾ ’ਤੇ ਅਧਾਰਤ ਸਮਾਜ ਦੀ ਸਿਰਜਣਾ ਲਈ ਚੱਲਦੇ ਸੰਘਰਸ਼ਾਂ ਵਿੱਚ ਆਪਣਾ ਬਣਦਾ ਹਿੱਸਾ ਪਾ ਕੇ ਸਹਿਯੋਗ ਦੇਣ ਦਾ ਪ੍ਰਣ ਦੁਹਰਾਇਆ ਗਿਆ। ਗਦਰੀ ਸ਼ਹੀਦ ਬਾਬਾ ਭਾਨ ਸਿੰਘ ਜੋ ਕਿ ਅੰਗਰੇਜ ਹਕੂਮਤ ਵੱਲੋਂ ਕਾਲੇ ਪਾਣੀ ਦੀ ਸੈਲੂਲਰ ਜੇਲ੍ਹ ਵਿੱਚ ਦਿੱਤੇ ਅਣਮਨੁੱਖੀ ਤਸੀਹਿਆਂ ਕਾਰਣ ਮਾਰਚ ਵਿੱਚ ਹੀ ਸ਼ਹੀਦ ਹੋਏ ਸਨ, ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਜਸਵੰਤ ਜੀਰਖ, ਬਲਵਿੰਦਰ ਸਿੰਘ ਲਾਲ ਬਾਗ, ਰਾਕੇਸ਼ ਆਜ਼ਾਦ ਆਦਿ ਹਾਜ਼ਰ ਸਨ।
ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਥਾਪਰ ਦੇ ਸ਼ਹੀਦੀ ਦਿਹਾੜੇ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜ਼ਨੀਸ਼ ਧੀਮਾਨ ਦੀ ਅਗਵਾਈ ਹੇਠ ਵਰਕਰਾਂ ਵੱਲੋਂ ਅੱਜ ਜਗਰਾਉਂ ਪੁਲ ਸਥਿਤ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਥਾਪਰ ਦੇ ਬੁੱਤਾਂ ’ਤੇ ਅਤੇ ਸ਼ਹੀਦ ਸੁਖਦੇਵ ਦੇ ਜਨਮ ਅਸਥਾਨ ਮੁਹੱਲਾ ਨੌਘਰਾ ਵਿੱਖੇ ਪੁੱਜ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਥਾਪਰ ਦੀਆਂ ਕੁਰਬਾਨੀਆਂ ਸਦਕਾ ਹੀ ਸਾਡਾ ਭਾਰਤ ਆਜ਼ਾਦ ਹੋਇਆ ਸੀ। ਉਨ੍ਹਾਂ ਅਪੀਲ ਕੀਤੀ ਕਿ ਲੁਧਿਆਣਾ ਵਾਸੀਆਂ ਨੂੰ ਆਪਣੇ ਬੱਚਿਆਂ ਨੂੰ ਸ਼ਹੀਦ ਸੁਖਦੇਵ ਥਾਪਰ ਦਾ ਜਨਮ ਸਥਾਨ ਨੌਘਰਾ ਲੈ ਕੇ ਆਉਣਾ ਚਾਹੀਦਾ ਹੈ ਤਾਂ ਉਨ੍ਹਾਂ ਨੂੰ ਇਤਿਹਾਸ ਅਤੇ ਕੁਰਬਾਨੀਆਂ ਬਾਰੇ ਜਾਣਕਾਰੀ ਮਿਲ ਸਕੇ। ਇਸੇ ਦੌਰਾਨ ਸ਼ਹੀਦ ਭਗਤ ਸਿੰਘ ਕਲੱਬ ਵੱਲੋਂ ਨੌਜਵਾਨ ਆਗੂ ਸਰੂਪ ਸਿੰਘ ਮਠਾੜੂ ਦੀ ਅਗਵਾਈ ਹੇਠ ਮਿਲਰ ਗੰਜ ਵਿਖੇ 23 ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਤੇ ਆਗੂਆਂ ਨੇ ਕੇਂਦਰ ਤੋਂ ਮੰਗ ਕੀਤੀ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਲੋਕ ਇਨਸਾਫ਼ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਜਤਿੰਦਰਪਾਲ ਸਿੰਘ ਸਲੂਜਾ ਦੀ ਅਗਵਾਈ ਹੇਠ ਦੁੱਗਰੀ ’ਚ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸੇ ਦੌਰਾਨ ਪ੍ਰਾਪਰਟੀ ਡੀਲਰਜ ਐਸੋਸੀਏਸ਼ਨ ਗਿੱਲ-2 ਦੁੱਗਰੀ ਬਾਈਪਾਸ ਦੇ ਪ੍ਰਧਾਨ ਗੁਰਮੇਲ ਸਿੰਘ ਜੀਆਰ ਤੇ ਸਮੂਹ ਦੁਕਾਨਦਾਰਾਂ ਵੱਲੋਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ।
ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨੇ ਸਰਕਾਰ ਦਾ ਮੁੱਖ ਟੀਚਾ: ਵਿਧਾਇਕ ਗਰੇਵਾਲ
ਲੁਧਿਆਣਾ (ਟ੍ਰਿਬਿਊਨ ਨਿਊਜ਼ ਸਰਵਿਸ): ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਜਗਰਾਉਂ ਪੁਲ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਦਿੱਤੀ ਅਤੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਸਰਕਾਰ ਦਾ ਮੁੱਖ ਟੀਚਾ ਹੈ। ਇਸ ਮੌਕੇ ਵਿਧਾਇਕ ਗਰੇਵਾਲ ਨੇ ਕਿਹਾ ਕਿ ਦੇਸ਼ ਲਈ ਸ਼ਹਾਦਤ ਦੇਣ ਵਾਲੇ ਸ਼ਹੀਦਾਂ ਨੂੰ ਪਿਛਲੀਆਂ ਸਰਕਾਰਾਂ ਭੁੱਲ ਚੁੱਕੀਆਂ ਸਨ ਅਤੇ ਦੂਜੇ ਪਾਸੇ ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠਣ ਤੋਂ ਪਹਿਲਾਂ ਸ਼ਹੀਦਾਂ ਦੀ ਮਿੱਟੀ ਨੂੰ ਆਪਣੇ ਮੱਥੇ ਨਾਲ ਲਾ ਕੇ ਸੂਬਾ ਵਾਸੀਆਂ ਦੀ ਸੇਵਾ ਲਈ ਸਹੁੰ ਖਾਧੀ ਅਤੇ ਕਿਹਾ ਕਿ ਉਹ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਕੋਈ ਕਸਰ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਦੇਸ਼ ਦੀ ਖਾਤਰ ਅੰਗਰੇਜ਼ ਹਕੂਮਤ ਦਾ ਡੱਟ ਕੇ ਮੁਕਾਬਲਾ ਕਰਦੇ ਹੋਏ ਦੇਸ਼ ਲਈ ਸ਼ਹਾਦਤ ਦਿੱਤੀ ਜਿਸ ਨੂੰ ਦੇਸ਼ ਵਾਸੀ ਹਮੇਸ਼ਾ ਯਾਦ ਰੱਖਣਗੇ ਤੇ ਹਮੇਸ਼ਾ ਰਿਣੀ ਰਹਿਣਗੇ। ਵਿਧਾਇਕ ਗਰੇਵਾਲ ਨੇ ਕਿਹਾ, ‘ਅੱਜ ਅਸੀਂ ਜੋ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਉਹ ਸਭ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੈ। ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਰਕਾਰ ਜਿੱਥੇ ਭ੍ਰਿਸ਼ਟਾਚਾਰੀਆਂ ਨੂੰ ਜੇਲ੍ਹਾਂ ਵਿੱਚ ਸੁੱਟ ਰਹੀ ਹੈ ਉਥੇ ਹੀ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।’’
ਲੋਕਾਂ ਨੇ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ ਪਹੁੰਚ ਕੇ ਦਿੱਤੀ ਸ਼ਰਧਾਂਜਲੀ
ਲੁਧਿਆਣਾ (ਟ੍ਰਿਬਿਊਨ ਨਿਊਜ਼ ਸਰਵਿਸ): ਸ਼ਹੀਦ ਸੁਖਦੇਵ ਥਾਪਰ ਮੈਮੋਰੀਅਲ ਟਰੱਸਟ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ’ਤੇ ਹਵਨ ਯੱਗ ਕਰ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਯਾਦ ਕਤਿਾ। ਸਥਾਨਕ ਨੌਘਰਾ ਸਥਿਤ ਸ਼ਹੀਦ ਸੁਖਦੇਵ ਥਾਪਰ ਦੇ ਜਨਮ ਸਥਾਨ ’ਤੇ ਸ਼ਹੀਦ ਦੇ ਵਾਰਸ ਅਸ਼ੋਕ ਥਾਪਰ ਦੀ ਪ੍ਰਧਾਨਗੀ ’ਚ ਕਰਵਾਏ ਯੱਗ ਦੌਰਾਨ ਪੰਡਿਤ ਰੋਹਤਾਸ ਸ਼ਾਸ਼ਤਰੀ ਵੱਲੋਂ ਪਾਠ ਕੀਤਾ ਗਿਆ। ਟਰੱਸਟ ਦੇ ਪ੍ਰਧਾਨ ਤੇ ਵੰਸ਼ਜ਼ ਅਸ਼ੋਕ ਥਾਪਰ ਨੇ ਆਜ਼ਾਦੀ ਘੁਲਾਟੀਆ ’ਚ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਥਾਪਰ ਦੇ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਦੇ ਬਦੌਲਤ ਹੀ ਅਸੀਂ ਆਜ਼ਾਦ ਭਾਰਤ ਦੀ ਖੁੱਲ੍ਹੀ ਹਵਾ ’ਚ ਨਿੱਘ ਮਾਣ ਰਹੇ ਹਾਂ ਤੇ ਉਨ੍ਹਾਂ ਦਿਵਾਈ ਆਜ਼ਾਦੀ ਦੀ ਰੱਖਿਆ ਕਰਦੇ ਹੋਏ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣਾ ਸਭ ਤੋਂ ਫਰਜ਼ ਹੈ। ਭਾਜਪਾ ਆਗੂ ਜੀਵਨ ਗੁਪਤਾ ਨੇ ਸ਼ਹੀਦ ਸੁਖਦੇਵ ਥਾਪਰ ਮੈਮੋਰੀਅਲ ਟਰੱਸਟ ਦੇ ਵੱਲੋਂ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲਣ ਦੀ ਕੋਸ਼ਿਸ਼ ਦੀ ਸ਼ਲਾਘਾ ਕੀਤੀ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ