ਪੀ ਏ ਯੂ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਐਗਜ਼ੈਕਟਿਵ ਆਗੂਆਂ ਦੀ ਅਗਵਾਈ ਹੇਠ ਪੀ ਏ ਯੂ ਵਿਦਿਆਰਥੀ ਭਵਨ ਵਿੱਚ ਹੋਈ, ਜਿਸ ਦੀ ਸ਼ੁਰੂਆਤ ਵਿੱਚ ਵਿਛੋੜਾ ਦੇ ਗਏ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਜਨਰਲ ਸਕੱਤਰ ਆਸਾ ਸਿੰਘ ਪੰਨੂ ਨੇ ਪੈਨਸ਼ਨਰਾਂ ਦੇ ਬਕਾਏ ਦੇਣ ਵਿੱਚ ਕੀਤੀ ਜਾ ਰਹੀ ਢਿੱਲ ਦੀ ਨਿਖੇਧੀ ਕੀਤੀ। ਪ੍ਰਧਾਨ ਜਸਵੰਤ ਜ਼ੀਰਖ ਨੇ ਸਮੂਹ ਮੈਂਬਰਾਂ ਨੂੰ ਸਾਂਝਾ ਮੁਲਾਜ਼ਮ ਪੈਨਸ਼ਨਰ ਫਰੰਟ ਦੇ ਬੈਨਰ ਹੇਠ ਚੱਲ ਰਹੇ ਸੰਘਰਸ਼ ਨੂੰ ਜਿੱਤ ਤੱਕ ਪਹੁੰਚਾਉਣ ਲਈ 8 ਸਤੰਬਰ ਦੇ ਜ਼ਿਲ੍ਹਾ ਪੱਧਰੀ ਧਰਨਿਆਂ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਜ਼ੋਰਦਾਰ ਅਪੀਲ ਕੀਤੀ। ਇਸ ਮੌਕੇ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਦੀ ਨਿਖੇਧੀ ਕੀਤੀ ਗਈ। ਇਸ ਮੌਕੇ ਐੱਮ ਐੱਸ ਪਰਮਾਰ, ਤਰਸੇਮ ਸਿੰਘ, ਫ਼ਤਹਿ ਸਿੰਘ ਅਤੇ ਬਲਵੀਰ ਸਿੰਘ ਸੁਨੇਤ ਹਾਜ਼ਰ ਸਨ।
ਖੰਨਾ (ਜੋਗਿੰਦਰ ਸਿੰਘ ਓਬਰਾਏ): ਪਾਵਰਕੌਮ ਟਰਾਂਸਕੋ ਪੈਨਸ਼ਨਰ ਯੂਨੀਅਨ ਦੇ ਮੈਂਬਰਾਂ ਦੀ ਇੱਕਤਰਤਾ ਇੱਥੇ ਭੰਡਾਰੀ ਪਾਰਕ ਵਿੱਚ ਮੁਕੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪੈਨਸ਼ਨਰਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਪਾਵਰਕੌਮ ਟਰਾਂਸਕੋ ਮੈਨੇਜਮੈਂਟ, ਪੰਜਾਬ ਤੇ ਕੇਂਦਰ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਸਬੰਧੀ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਰਣਜੀਤ ਸਿੰਘ, ਹਰਜੀਤ ਸਿੰਘ, ਜਗਦੀਸ਼ ਸਿੰਘ ਅਤੇ ਕ੍ਰਿਸ਼ਨ ਲਾਲ ਹਾਜ਼ਰ ਸਨ।
ਪੈਨਸ਼ਨਰਾਂ ਵੱਲੋਂ ਸਰਕਾਰ ਦੇ ਲੋਕ ਵਿਰੋਧੀ ਫ਼ੈਸਲਿਆਂ ਦੀ ਨਿਖੇਧੀ
ਦੋਰਾਹਾ (ਪੱਤਰ ਪ੍ਰੇਰਕ): ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੇ ਮੈਂਬਰਾਂ ਦੀ ਇੱਕਤਰਤਾ ਪਵਨ ਕੁਮਾਰ ਕੌਸ਼ਲ ਦੀ ਅਗਵਾਈ ਹੇਠ ਹੋਈ। ਆਗੂਆਂ ਨੇ ਕਿਹਾ ਕਿ ਪੈਨਸ਼ਨਰਾਂ ਨੂੰ ਰਾਜਨੀਤਕ ਪਾਰਟੀਆਂ ਦੀਆਂ ਲੋਕਮਾਰੂ ਨੀਤੀਆਂ ਤੋਂ ਸੁਚੇਤ ਹੋਣਾ ਚਾਹੀਦਾ ਹੈ। ਗੁਰਦਿਆਲ ਦਲਾਲ ਨੇ ਕਿਹਾ ਕਿ ‘ਆਪ’ ਦਾ ਕੋਈ ਵੀ ਮੰਤਰੀ ਮੁਹੱਲਾ ਕਲੀਨਿਕਾਂ ਤੋਂ ਦਵਾਈ ਨਹੀਂ ਲੈਂਦਾ। ਮੀਟਿੰਗ ਵਿੱਚ ਸਰਕਾਰ ਵੱਲੋਂ ਸ਼ਾਂਤਮਈ ਸੰਘਰਸ਼ਾਂ ਨੂੰ ਕੁਚਲਣ ਲਈ ਪੁਲਿਸ ਨੂੰ ਬੇਲਗਾਮ ਕਰਨ ਦੀ ਘੋਰ ਨਿਖੇਧੀ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਸਿਹਤ ਵਿਭਾਗ ਅੰਦਰ 2016 ਤੋਂ 2021 ਤੱਕ ਦੇ ਬਕਾਏ ਜਲਦ ਦਿੱਤੇ ਜਾਣ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਰਣਜੀਤ ਸਿੰਘ ਟਿਵਾਣਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੱਲਦੇ ਕੇਸਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ।

