ਖੇਤਰੀ ਪ੍ਰਤੀਨਿਧ
ਲੁਧਿਆਣਾ, 5 ਸਤੰਬਰ
ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਲੋਕ ਵਿਰੋਧੀ ਨਵੀਂ ਸਿੱਖਿਆ ਨੀਤੀ 2020 ਵਿੱਚ ਅਧਿਆਪਕ ਦਾ ਰੁਤਬਾ ਬਹਾਲ ਕਰਨ ਤੇ ਗੁਣਾਤਮਿਕ ਸਿੱਖਿਆ ਦੇ ਮੌਕੇ ਪੈਦਾ ਕਰਨ ਦੇ ਵਿਸ਼ੇ ਸਬੰਧੀ ਇੱਥੋਂ ਦੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿੱਚ ਵਿਚਾਰ ਚਰਚਾ ਕੀਤੀ ਗਈ। ਸੂਬਾ ਸੀਨੀਅਰ ਮੀਤ ਪ੍ਰਧਾਨ ਪਰਵੀਨ ਕੁਮਾਰ ਲੁਧਿਆਣਾ ਦੀ ਪ੍ਰਧਾਨਗੀ ਹੇਏ ਇਸ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਸਲਾਹਕਾਰ ਬਲਕਾਰ ਵਲਟੋਹਾ, ਪ੍ਰੇਮ ਚਾਵਲਾ ਤੇ ਕਾਰਜ ਸਿੰਘ ਕੈਰੋਂ ਨੇ ਕਿਹਾ ਕਿ ਅਧਿਆਪਕ ਦਾ ਰੁਤਬਾ ਬਹਾਲ ਕਰਵਾਉਣ ਲਈ ਸਾਰਿਆਂ ਨੂੰ ਇੱਕਜੁਟ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਭਾਰਤ ਵਿੱਚ 1990-91 ਤੋਂ ਆਈਆਂ ਨਵਉਦਾਰਵਾਦੀ ਆਰਥਿਕ ਨੀਤੀਆਂ ਨੇ ਅਧਿਆਪਨ ਕਿੱਤੇ, ਅਧਿਆਪਕ ਦੇ ਰੁਤਬੇ ਤੇ ਅਧਿਆਪਕਾਂ ਦੀਆਂ ਸੇਵਾ ਹਾਲਤਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ| ਇਨ੍ਹਾਂ ਉਦਾਰਵਾਦੀ ਨੀਤੀਆਂ ਕਾਰਨ ਹੀ ਅਧਿਆਪਕਾਂ ਦੀਆਂ ਨਿਯੁਕਤੀਆਂ ਠੇਕੇ ’ਤੇ ਹੋਣ ਲੱਗੀਆਂ ਹਨ। ਇਸ ਤੋਂ ਇਲਾਵਾ ਸਿੱਖਿਆ ਪ੍ਰੋਵਾਈਡਰ, ਸਿੱਖਿਆ ਵਾਲੰਟੀਅਰ ਵਰਗੇ ਨਵੇਂ- ਨਵੇਂ ਨਾਂ ਦੇ ਕੇ ਅਧਿਆਪਕ ਦੇ ਸਨਮਾਨ ’ਤੇ ਸੱਟ ਮਾਰੀ ਗਈ ਹੈ ਤੇ ਅਧਿਆਪਕ ਦਾ ਰੁਤਬਾ ਵੀ ਖੋਹ ਲਿਆ ਗਿਆ ਹੈ। ਇਸ ਸਭ ਨੇ ਗੁਣਾਤਮਿਕ ਸਿੱਖਿਆ ਪ੍ਰਤੀ ਸਰਕਾਰਾਂ ਦੀ ਗੈਰ-ਸੰਜੀਦਗੀ ਦਾ ਪਰਦਾਫ਼ਾਸ਼ ਵੀ ਕੀਤਾ ਹੈ।
ਇਸ ਮੌਕੇ ਜਥੇਬੰਦੀ ਦੇ ਆਗੂਆਂ ਜਿੰਦਰ ਕੁਮਾਰ ਪਾਇਲਟ, ਮੇਘਇੰਦਰ ਸਿੰਘ ਬਰਾੜ, ਜਗਮੇਲ ਸਿੰਘ ਪੱਖੋਵਾਲ ਨੇ ਪੰਜਾਬ ਸਰਕਾਰ ਤੋਂ ਸਰਕਾਰੀ ਸਕੂਲਾਂ ਵਿੱਚ ਠੇਕਾ ਆਧਾਰ ’ਤੇ ਕੰਮ ਕਰਦੇ ਅਤੇ ਸਮੂਹ ਕੱਚੇ ਅਧਿਆਪਕਾਂ ਨੂੰ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਨ ਅਤੇ ਐੱਨਐੱਸਕਿਊਐੱਫ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ।