ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 17 ਮਈ
ਲੁਧਿਆਣਾ ਸੰਸਦੀ ਹਲਕੇ ਵਿੱਚ ਚੋਣ ਲੜਨ ਦੇ ਇਛੁੱਕ 44 ਉਮੀਦਵਾਰਾਂ ਵਿੱਚੋਂ ਅੱਜ ਇੱਕ ਉਮੀਦਵਾਰ ਨੇ ਆਪਣੇ ਕਾਗਜ਼ ਵਾਪਸ ਲੈ ਲਏ ਜਿਸ ਤੋਂ ਬਾਅਦ ਹੁਣ 43 ਉਮੀਦਵਾਰ ਚੋਣ ਮੈਦਾਨ ਵਿੱਚ ਬਚੇ ਹਨ ਜਿਨ੍ਹਾਂ ਨੂੰ ਅੱਜ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਚੋਣ ਨਿਸ਼ਾਨ ਵੀ ਅਲਾਟ ਕਰ ਦਿੱਤੇ ਗਏ।
ਜਨਰਲ ਅਬਜ਼ਰਵਰ ਦਿੱਵਿਆ ਮਿੱਤਲ ਅਤੇ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਬੱਚਤ ਭਵਨ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਈ ਅਹਿਮ ਵਿਸ਼ਿਆਂ ’ਤੇ ਚਰਚਾ ਕੀਤੀ ਗਈ, ਜਿਸ ਵਿੱਚ ਚੋਣ ਸਬੰਧੀ ਗਤੀਵਿਧੀਆਂ ਲਈ ਪ੍ਰਵਾਨਗੀਆਂ, 95 ਲੱਖ ਰੁਪਏ ਪ੍ਰਤੀ ਉਮੀਦਵਾਰ ਖਰਚੇ ਦੀ ਸੀਮਾ, ਆਦਰਸ਼ ਚੋਣ ਜ਼ਾਬਤੇ ਦੀ ਸਖਤੀ ਨਾਲ ਪਾਲਣਾ ਅਤੇ ਜਮਹੂਰੀ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਵਿੱਚ ਭਾਈਵਾਲਾਂ ਦੀ ਭੂਮਿਕਾ ਸ਼ਾਮਲ ਹਨ। ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇੱਕ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਤੋਂ ਬਾਅਦ ਹੁਣ 43 ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ ਅਤੇ ਉਨ੍ਹਾਂ ਨੂੰ ਅੱਜ ਚੋਣ ਨਿਸ਼ਾਨ ਵੀ ਅਲਾਟ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਹਰੇਕ ਪੋਲਿੰਗ ਬੂਥ ’ਤੇ ਤਿੰਨ ਬੈਲਟ ਯੂਨਿਟਾਂ ਦੀ ਵਰਤੋਂ ਕੀਤੀ ਜਾਵੇਗੀ ਅਤੇ ਜਲਦ ਹੀ ਲੁਧਿਆਣਾ ਵਿੱਚ ਹੋਰ ਬੈਲਟ ਯੂਨਿਟ ਆਉਣਗੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਈ.ਵੀ.ਐਮ. ਦੀ ਸੂਚੀ ਵੀ ਉਨ੍ਹਾਂ ਨਾਲ ਸਾਂਝੀ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਉਮੀਦਵਾਰਾਂ ਨੂੰ ਕਿਹਾ ਗਿਆ ਕਿ ਉਹ ਚੋਣਾਂ ਨਾਲ ਸਬੰਧਤ ਕੰਮਾਂ ਲਈ ਕਿਸੇ ਵੀ ਤਰ੍ਹਾਂ ਦੇ ਖਰਚ ਲਈ ਆਪਣੇ ਵੱਖਰੇ ਖਾਤਿਆਂ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਈਵੀਐੱਮ ਦੀ ਕਿਸੇ ਵੀ ਤਰ੍ਹਾਂ ਦੀ ਹਰਕਤ ਸਬੰਧੀ ਜਾਣਕਾਰੀ ਸਾਰਿਆਂ ਨਾਲ ਸਾਂਝੀ ਕੀਤੀ ਜਾਵੇਗੀ। ਉਨ੍ਹਾਂ ਉਮੀਦਵਾਰਾਂ ਨੂੰ ਧਾਰਮਿਕ ਸਥਾਨਾਂ ’ਤੇ ਪ੍ਰਚਾਰ ਕਰਨ ਤੋਂ ਗੁਰੇਜ਼ ਕਰਨ ਲਈ ਵੀ ਕਿਹਾ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਉਮੀਦਵਾਰ ਪਾਰਟੀ ਦੇ ਚੋਣ ਨਿਸ਼ਾਨ ਜਾਂ ਨਾਅਰੇ ਲਗਾ ਕੇ ਮੱਥਾ ਟੇਕਦਾ ਪਾਇਆ ਗਿਆ ਤਾਂ ਉਸ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਜਾਵੇਗਾ। ਇਸ ਤੋਂ ਇਲਾਵਾ, ਚੋਣ ਪ੍ਰਚਾਰ ਵਿਚ ਬੱਚਿਆਂ ਦੀ ਵਰਤੋਂ ’ਤੇ ਸਖਤੀ ਨਾਲ ਪਾਬੰਦੀ ਲਗਾਈ ਗਈ ਸੀ। ਜਨਰਲ ਅਬਜ਼ਰਵਰ ਦਿੱਵਿਆ ਮਿੱਤਲ ਨੇ ਕਿਹਾ ਕਿ ਕੋਈ ਵੀ ਵਿਅਕਤੀ ਸਵੇਰੇ 10 ਤੋਂ 11 ਵਜੇ ਤੱਕ ਉਨ੍ਹਾਂ ਦੇ ਮੋਬਾਈਲ ਨੰਬਰ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਇੰਟਰਨੈਸ਼ਨਲ ਗੈਸਟ ਹਾਊਸ ਵਿੱਚ ਉਨ੍ਹਾਂ ਨਾਲ ਅਤੇ ਹੋਰ ਨਿਗਰਾਨਾਂ ਨਾਲ ਸੰਪਰਕ ਕਰ ਸਕਦਾ ਹੈ।