ਦੇਵਿੰਦਰ ਸਿੰਘ ਜੱਗੀ
ਪਾਇਲ, 30 ਮਈ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਪਿੰਡ ਘੁਡਾਣੀ ਕਲਾਂ ਤੋਂ ਕਿਸਾਨ ਬੀਬੀਆਂ ਦਾ ਵੱਡਾ ਕਾਫਲਾ ਖਨੌਰੀ ਤੋਂ ਡੱਬਵਾਲੀ ਬਾਰਡਰ ਰਾਹੀਂ ਹੁੰਦਾ ਹੋਇਆ, ਦਿੱਲੀ ਵੱਲ ਰਵਾਨਾ ਹੋਇਆ। ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਕਲਾਂ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ’ਚੋਂ ਦੋ ਦਰਜਨਾਂ ਪਿੰਡਾਂ ’ਚੋਂ ਕਿਸਾਨ ਆਪਣੇ ਵਾਹਨਾਂ-ਬੱਸਾਂ ਰਾਹੀਂ ਸਵਾਰ ਹੋ ਕੇ ਰਵਾਨਾ ਹੋਏ। ਇਸ ਵੇਲੇ ਕਿਸਾਨ ਵੀਰਾਂ ਅਤੇ ਕਿਸਾਨ ਬੀਬੀਆਂ ਨੇ ਪੂਰੇ ਜੋਸ਼ੋ ਖਰੋਸ਼ ਨਾਲ ਬਾਰਡਰਾਂ ਵੱਲ ਕੂਚ ਕੀਤਾ। ਘੁਡਾਣੀ ਨੇ ਅੱਗੇ ਕਿਹਾ ਕੇ ਜਿੱਥੇ ਕਰੋਨਾ ਮਹਾਮਾਰੀ ਦੇ ਖ਼ਿਲਾਫ਼ ਪਟਿਆਲਾ ਵਿੱਚ ਲਗਾਤਾਰ ਤਿੰਨ ਦਿਨ ਦਾ ਧਰਨਾ ਚੱਲ ਰਿਹਾ ਹੈ, ਉਥੇ ਅੱਜ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਕਿਸਾਨ ਸੰਯੁਕਤ ਮੋਰਚੇ ਵੱਲੋਂ ਪਟਿਆਲਾ ’ਚ ਆਗੂ ਪਹੁੰਚ ਰਹੇ ਹਨ। ਕਿਸਾਨ ਮੋਦੀ ਸਰਕਾਰ ਵੱਲੋਂ ਬਣਾਏ ਜਾ ਰਹੇ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਲਗਾਤਾਰ ਸੰਘਰਸ਼ ਜਾਰੀ ਰੱਖਦੇ ਹੋਏ ਸ਼ਾਂਤਮਈ ਤਰੀਕੇ ਦੇ ਨਾਲ ਆਪਣਾ ਧਰਨਾ ਜਾਰੀ ਰੱਖਣਗੇ ਅਤੇ ਕਾਲੇ ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਬਲਵੰਤ ਸਿੰਘ ਘੁਡਾਣੀ, ਹਰਦੇਵ ਸਿੰਘ ਨਿਜ਼ਾਮਪੁਰ, ਬਲਵਿੰਦਰ ਸਿੰਘ, ਕੁਲਦੀਪ ਸਿੰਘ ਗਰੇਵਾਲ, ਜੀਵਨ ਸਿੰਘ ਘੁਡਾਣੀ, ਨਿਰਮਲ ਸਿੰਘ, ਬਲਬੀਰ ਸਿੰਘ, ਦਰਸ਼ਨ ਸਿੰਘ ਤੇ ਹੋਰ ਕਿਸਾਨ ਅਤੇ ਕਿਸਾਨ ਬੀਬੀਆਂ ਸ਼ਾਮਲ ਸਨ।
ਮਾਛੀਵਾੜਾ (ਗੁਰਦੀਪ ਸਿੰਘ ਟੱਕਰ): ਦਿੱਲੀ ਦੇ ਸਿੰਘੂ ਬਾਰਡਰ ’ਤੇ ਚੱਲ ਰਹੇ ਕਿਸਾਨੀ ਸੰਘਰਸ਼ ’ਚ ਆਪਣਾ ਯੋਗਦਾਨ ਪਾਉਣ ਲਈ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਜਨਰਲ ਸਕੱਤਰ ਅਮਰੀਕ ਸਿੰਘ ਧਾਲੀਵਾਲ, ਜਥੇਦਾਰ ਮਨਮੋਹਣ ਸਿੰਘ ਖੇੜਾ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਕਿਸਾਨਾਂ ਦਾ ਜਥਾ ਦਿੱਲੀ ਵੱਲ ਰਵਾਨਾ ਹੋਇਆ। ਕਿਸਾਨ ਆਗੂ ਅਮਰੀਕ ਸਿੰਘ, ਮਨਮੋਹਣ ਸਿੰਘ ਖੇੜਾ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀਆਂ ਹਨ, ਜਿਸ ਨੂੰ ਕਦੇ ਵੀ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਸੰਯੁਕਤ ਮੋਰਚੇ ਦੀ ਅਗਵਾਈ ਹੇਠ ਦਿੱਲੀ ਦੇ ਬਾਰਡਰਾਂ ’ਤੇ ਕਿਸਾਨੀ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਕਰਮਜੀਤ ਸਿੰਘ ਮਾਂਗਟ, ਜਗਰੂਪ ਸਿੰਘ ਖਾਲਸਾ, ਨਿਰਮਲ ਸਿੰਘ ਗਰੇਵਾਲ, ਸ਼ੇਰ ਸਿੰਘ ਸਰਪੰਚ, ਇੰਦਰਜੀਤ ਸਿੰਘ ਸੈਣੀ, ਰਣਧੀਰ ਸਿੰਘ ਸਮੇਤ ਵੱਡੀ ਗਿਣਤੀ ’ਚ ਕਿਸਾਨ ਮੌਜੂਦ ਸਨ।
ਬੀਕੇਯੂ (ਡਕੌਂਦਾ) ਦਾ ਕਾਫਲਾ 2 ਨੂੰ ਦਿੱਲੀ ਲਈ ਹੋਵੇਗਾ ਰਵਾਨਾ
ਰਾਏਕੋਟ (ਰਾਮ ਗੋਪਾਲ ਰਾਏਕੋਟੀ): ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਪਿੰਡਾਂ ਦੀਆਂ ਇਕਾਈਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆ ਕਮਾਲਪੁਰਾ ਨੇ ਆਖਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 26 ਮਈ ਦਾ ‘ਕਾਲਾ ਦਿਵਸ’ ਮਨਾਉਣ ਦਾ ਪ੍ਰੋਗਰਾਮ ਸਮੂਹ ਕਿਸਾਨਾਂ, ਮਜ਼ਦੂਰਾਂ ਦੇ ਸਹਿਯੋਗ ਨਾਲ ਦੇਸ਼ ਭਰ ਵਿੱਚ ਸਫਲ ਰਿਹਾ। ਜਿਸ ’ਤੇ ਉਨ੍ਹਾਂ ਕਾਲੇ ਦਿਵਸ ਦੀ ਸਫ਼ਲਤਾ ’ਤੇ ਕਿਸਾਨਾਂ, ਮਜ਼ਦੂਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਆਖਿਆ ਕਿ 2 ਜੂਨ ਨੂੰ ਜ਼ਿਲ੍ਹਾ ਲੁਧਿਆਣਾ ਦਾ ਵਿਸ਼ਾਲ ਕਾਫਲਾ ਮੁੱਲਾਂਪੁਰ ਦਾਖਾ ਦੇ ਗਰਾਊਂਡ ਤੋਂ ਰਵਾਨਾ ਹੋਵੇਗਾ।