ਖੇਤਰੀ ਪ੍ਰਤੀਨਿਧ
ਲੁਧਿਆਣਾ, 18 ਸਤੰਬਰ
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਨਾਨ-ਟੀਚਿੰਗ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ 19 ਸਤੰਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕੀਤੀ ਜਾ ਰਹੀ ਹੈ। ਮੁਲਾਜ਼ਮਾਂ ਨੇ ਹਲਕਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਮੰਗ ਪੱਤਰ ਸੌਂਪ ਕੇ ਨਾ ਸਿਰਫ਼ ਛੇਵੇਂ ਪੇਅ-ਕਮਿਸ਼ਨ ਅਨੁਸਾਰ ਤਨਖ਼ਾਹਾਂ ਦੇਣ ਦੀ ਮੰਗ ਕੀਤੀ ਸਗੋਂ ਅਣਮਿੱਥੇ ਸਮੇਂ ਦੀ ਸ਼ੁਰੂ ਕੀਤੀ ਜਾਣ ਵਾਲੀ ਹੜਤਾਲ ਤੋਂ ਵੀ ਜਾਣੂ ਕਰਵਾਇਆ।
ਵਿਧਾਇਕ ਨੂੰ ਮਿਲੇ ਮੁਲਾਜ਼ਮਾਂ ਦੇ ਵਫ਼ਦ ਨੇ ਦੱਸਿਆ ਕਿ ਛੇਵੇਂ ਪੇਅ-ਕਮਿਸ਼ਨ ਅਨੁਸਾਰ ਤਨਖ਼ਾਹ ਨਾ ਮਿਲਣ ਕਾਰਨ ਪੂਰੀ ’ਵਰਸਿਟੀ ਦੇ 350 ਮੁਲਾਜ਼ਮ ਅਤੇ 400 ਤੋਂ ਵੱਧ ਪੈਨਸ਼ਨਰਜ਼ ਪ੍ਰਭਾਵਿਤ ਹੋ ਰਹੇ ਹਨ।
ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਦਿਦਾਰ ਸਿੰਘ, ਸੀਨੀਅਰ ਵਾਈਸ ਪ੍ਰਧਾਨ ਬਲਰਾਜ ਸਿੰਘ, ਜਨਰਲ ਸਕੱਤਰ ਹਰਪ੍ਰੀਤ ਚੂੰਬੜ ਨੇ ਕਿਹਾ ਕਿ 19 ਸਤੰਬਰ ਨੂੰ ਯੂਨੀਵਰਸਿਟੀ ਦੇ ਫਿਰੋਜ਼ਪੁਰ ਰੋਡ ’ਤੇ ਪੈਂਦੇ ਮੁੱਖ ਗੇਟ ਅੱਗੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਜਾਵੇਗੀ। ਵਫ਼ਦ ਨੇ ਦੱਸਿਆ ਕਿ ਵਿਧਾਇਕ ਗੋਗੀ ਨੇ ਉਨ੍ਹਾਂ ਨੂੰ ਸਬੰਧਤ ਵਿਭਾਗ ਦੇ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਹੈ।