ਖੇਤਰੀ ਪ੍ਰਤੀਨਿਧ
ਲੁਧਿਆਣਾ, 8 ਸਤੰਬਰ
ਸਕੂਲ ਸਿੱਖਿਆ ਵਿਭਾਗ ਵਿੱਚ ਸੇਵਾ ਨਿਭਾ ਰਹੇ ਅਧਿਆਪਕਾਂ ਦੀ ਮਾਸਟਰ ਕੇਡਰ ਯੂਨੀਅਨ ਪੰਜਾਬ ਨੇ ਮੰਗਾਂ ਨੂੰ ਪੂਰਾ ਕਰਵਾਉਣ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ, ਫਾਊਂਡਰ ਮੈਂਬਰ ਵਸ਼ਿੰਗਟਨ ਸਿੰਘ ਸਮੀਰੋਵਾਲ ਦੀ ਅਗਵਾਈ ਹੇਠ ਮੀਟਿੰਗ ਪੰਜਾਬ ਭਵਨ ਚੰਡੀਗੜ੍ਹ ਵਿੱਚ ਹੋਈ। ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਅਤੇ ਜਨਰਲ ਸਕੱਤਰ ਮਨਦੀਪ ਸਿੰਘ ਸੇਖੋਂ ਨੇ ਦੱਸਿਆ ਮੀਟਿੰਗ ਵਿੱਚ ਮੰਗਾਂ ਸਬੰਧੀ ਸਿੱਖਿਆ ਮੰਤਰੀ ਨਾਲ ਗੱਲ-ਬਾਤ ਉਪਰੰਤ ਮੰਗ ਪੱਤਰ ਸੌਂਪਿਆ ਗਿਆ। ਮੀਟਿੰਗ ਦੌਰਾਨ ਸ੍ਰੀ ਬੈਂਸ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਾਰੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ, ਵਿੱਤ ਵਿਭਾਗ ਦੀ ਸਹਿਮਤੀ ਨਾਲ ਬੰਦ ਭੱਤੇ ਲਾਗੂ ਕਰਨ, ਅਧਿਆਪਕਾਂ ਦੀਆਂ ਬਦਲੀਆਂ ਅਤੇ ਤਰੱਕੀਆਂ ਤੋਂ ਇਲਾਵਾ ਹੋਰ ਵਿਭਾਗੀ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਬਹੁਤ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ। ਮਾਸਟਰ ਕੇਡਰ ਯੂਨੀਅਨ ਪੰਜਾਬ ਅਤੇ ਲੈਕਚਰਾਰ ਯੂਨੀਅਨ ਪੰਜਾਬ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਨੂੰ ਸਾਰਥਿਕ ਢੰਗ ਨਾਲ ਮੀਟਿੰਗ ਦੌਰਾਨ ਪੇਸ਼ ਕਰਨ ਲਈ ਜਗਦੀਪ ਸਿੰਘ ਸਾਹਨੇਵਾਲ, ਜਸਪਾਲ ਸਿੰਘ ਹੰਬੜਾਂ, ਰਾਜੇਸ਼ ਬਾਂਸਲ ਨੇ ਅਧਿਆਪਕ ਆਗੂਆਂ ਦਾ ਧੰਨਵਾਦ ਕੀਤਾ।
ਸਿੱਖਿਆ ਮੰਤਰੀ ਨੇ ਯੂਨੀਅਨ ਤੋਂ ਸਹਿਯੋਗ ਮੰਗਿਆ
ਖੰਨਾ (ਨਿੱਜੀ ਪੱਤਰ ਪ੍ਰੇਰਕ): ਐਲੀਮੈਂਟਰੀ ਟੀਚਰਜ਼ ਯੂਨੀਅਨ ਦਾ ਵਫ਼ਦ ਹਰਜਿੰਦਰਪਾਲ ਸਿੰਘ ਪੰਨੂ ਦੀ ਅਗਵਾਈ ਹੇਠਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਮਿਲਿਆ। ਇਸ ਵਿਚ ਪ੍ਰਾਇਮਰੀ ਸਿੱਖਿਆ ਸੁਧਾਰਾਂ, ਬੱਚਿਆਂ ਤੇ ਅਧਿਆਪਕਾਂ ਦੀਆਂ ਵਿਭਾਗਾਂ ਤੇ ਵਿੱਤੀ ਅਹਿਮ ਮੰਗਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਸਿੱਖਿਆ ਸਕੱਤਰ ਜਸਪ੍ਰੀਤ ਤਲਵਾੜ, ਡਿਪਟੀ ਡਾਇਰੈਕਟਰ ਮਨੋਜ ਕੁਮਾਰ ਤੇ ਹੋਰ ਉੱਚ ਅਧਿਕਾਰੀ ਸ਼ਾਮਲ ਸਨ। ਇਸ ਮੌਕੇ ਜਗਰੂਪ ਸਿੰਘ ਢਿੱਲੋਂ ਅਤੇ ਹਰਦੀਪ ਸਿੰਘ ਬਾਹੋਮਾਜਰਾ ਨੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਲਈ ਸਰਕਾਰ ਦੇ ਕੀਤੇ ਫੈਸਲੇ ਤੇ ਸਿੱਖਿਆ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਸਿੱਖਿਆ ਮੰਤਰੀ ਨੇ ਸਿੱਖਿਆ ਸੁਧਾਰਾਂ ਲਈ ਯੂਨੀਅਨ ਤੋਂ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਹਰਕ੍ਰਿਸ਼ਨ ਸਿੰਘ,ਹਰਜਿੰਦਰ ਹਾਂਡਾ, ਗੁਰਿੰਦਰ ਸਿੰਘ, ਸੋਹਣ ਸਿੰਘ, ਅਸ਼ੋਕ ਸਰਾਰੀ ਹਾਜ਼ਰ ਸਨ।