ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 26 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਰੋਡ ਸੰਘਰਸ਼ ਯੂਨੀਅਨ ਵੱਲੋਂ 31ਵੇਂ ਦਿਨ ਵੀ ਪੱਖੋਵਾਲ ਬਲਾਕ ਦੇ ਪਿੰਡ ਕੋਟ ਆਗਾ ਵਿਚ ਪੱਕਾ ਮੋਰਚਾ ਜਾਰੀ ਰਿਹਾ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਕੌਡੀਆਂ ਦੇ ਭਾਅ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਜਾ ਰਹੀਆਂ ਹਨ। ਜਲ, ਜੰਗਲ, ਜ਼ਮੀਨਾਂ, ਰੇਲਾਂ, ਹਵਾਈ ਅੱਡੇ, ਹਸਪਤਾਲ, ਯੂਨੀਵਰਸਿਟੀਆਂ ਸਮੇਤ ਹੋਰ ਜਨਤਕ ਅਦਾਰਿਆਂ ਨੂੰ ਵੇਚ ਰਹੀਆਂ ਹਨ, ਜਿਸ ਖ਼ਿਲਾਫ਼ ਇਕਜੁੱਟ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ।
ਕਿਸਾਨ ਆਗੂ ਜਸਵੰਤ ਸਿੰਘ ਭੱਟੀਆਂ ਅਤੇ ਕਸਤੂਰੀ ਲਾਲ ਨੇ ਕਿਹਾ ਕਿ ਹੁਣ ਜੈ ਜਵਾਨ, ਜੈ ਕਿਸਾਨ ਦੀ ਕੋਈ ਬਾਤ ਨਹੀਂ ਪੁੱਛਦਾ, ਸਾਡੇ ਸਭਿਆਚਾਰਕ ਜੁਝਾਰੂ ਵਿਰਸੇ ਨੂੰ ਵੀ ਖ਼ਤਮ ਕਰ ਕੇ ਨੌਜਵਾਨਾਂ ਦੀ ਸੋਚ ਨੂੰ ਖੁੰਢੀ ਕਰਨ ਲਈ ਨਵੇਂ-ਨਵੇਂ ਢੰਗ ਵਰਤੇ ਜਾ ਰਹੇ ਹਨ। ਕਿਸਾਨ ਆਗੂ ਬਿਕਰਜੀਤ ਸਿੰਘ, ਸੁਦਾਗਰ ਸਿੰਘ ਜੁੜਾਹਾਂ, ਜਸਵੀਰ ਸਿੰਘ ਕੋਟ ਆਗਾ, ਚਰਨਜੀਤ ਸਿੰਘ ਫੱਲੇਵਾਲ, ਕਰਮਜੀਤ ਸਿੰਘ, ਦਰਸ਼ਨ ਸਿੰਘ ਅਤੇ ਹਰਪ੍ਰੀਤ ਕੌਰ ਗੁੱਜਰਵਾਲ ਨੇ ਵੀ ਸੰਬੋਧਨ ਕੀਤਾ।