ਗੁਰੂਸਰ ਸੁਧਾਰ (ਪੱਤਰ ਪ੍ਰੇਰਕ): ਲੁਧਿਆਣਾ-ਬਠਿੰਡਾ ਰਾਜ ਮਾਰਗ ਉੱਪਰ ਪਿੰਡ ਹਲਵਾਰਾ ਵਿਚ ਤੇਜ਼ ਰਫ਼ਤਾਰ ਬੱਸ ਦੀ ਲਪੇਟ ਵਿਚ ਆ ਕੇ ਮੋਟਰਸਾਈਕਲ ਸਵਾਰ ਨੌਜਵਾਨ ਅਮਨਦੀਪ ਸਿੰਘ (38 ਸਾਲ) ਵਾਸੀ ਪਿੰਡ ਹਲਵਾਰਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਪਿਤਾ ਬਲਜਿੰਦਰ ਸਿੰਘ ਦੇ ਬਿਆਨਾਂ ’ਤੇ ਥਾਣਾ ਸੁਧਾਰ ਦੀ ਪੁਲੀਸ ਨੇ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਅਰੰਭ ਦਿੱਤੀ ਹੈ। ਜਾਂਚ ਅਫ਼ਸਰ ਥਾਣੇਦਾਰ ਲਖਵੀਰ ਸਿੰਘ ਅਨੁਸਾਰ ਪੀਆਰਟੀਸੀ ਲੁਧਿਆਣਾ ਦੀ ਬੱਸ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ, ਪਰ ਬੱਸ ਡਰਾਈਵਰ ਤਰਸੇਮ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਫੁੱਲਾਂਵਾਲ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲੀਸ ਵੱਲੋਂ ਮ੍ਰਿਤਕ ਅਮਨਦੀਪ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਰਕਾਰੀ ਹਸਪਤਾਲ ਸੁਧਾਰ ਵਿਚ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਬਲਜਿੰਦਰ ਸਿੰਘ ਵੱਲੋਂ ਪੁਲੀਸ ਕੋਲ ਦਰਜ ਕਰਵਾਏ ਬਿਆਨ ਅਨੁਸਾਰ ਮੋਟਰਸਾਈਕਲ ਸਵਾਰ ਨੌਜਵਾਨ ਅਮਨਦੀਪ ਸਿੰਘ ਪੈਟਰੋਲ ਪਵਾ ਕੇ ਘਰ ਵਾਪਸ ਆ ਰਿਹਾ ਸੀ। ਲੁਧਿਆਣਾ ਤੋਂ ਬਰਨਾਲਾ ਜਾ ਰਹੀ ਤੇਜ਼ ਰਫ਼ਤਾਰ ਬੱਸ ਦੀ ਲਪੇਟ ਵਿਚ ਆ ਕੇ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਪਤਨੀ ਅਤੇ 10 ਸਾਲ ਦਾ ਪੁੱਤਰ ਛੱਡ ਗਿਆ ਹੈ।