ਪੱਤਰ ਪ੍ਰੇਰਕ
ਗੁਰੂਸਰ ਸੁਧਾਰ. 27 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਜਬਰੀ ਜ਼ਮੀਨਾਂ ਹਥਿਆਉਣ ਖ਼ਿਲਾਫ਼ ਬਲਾਕ ਪੱਖੋਵਾਲ ਦੇ ਪਿੰਡ ਕੋਟ ਆਗਾ ਵਿੱਚ ਪੱਕਾ ਮੋਰਚਾ ਅੱਜ 32ਵੇਂ ਦਿਨ ਵੀ ਜਾਰੀ ਰਿਹਾ। ਵੱਡੀ ਗਿਣਤੀ ਵਿੱਚ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਔਰਤਾਂ ਨੇ ਸ਼ਮੂਲੀਅਤ ਕੀਤੀ ਅਤੇ ਧੁਰ ਜਿੱਤ ਤਕ ਡਟੇ ਰਹਿਣ ਦਾ ਅਹਿਦ ਦੁਹਰਾਇਆ। ਕਿਸਾਨ ਆਗੂ ਸੁਦਾਗਰ ਸਿੰਘ ਘੁਡਾਣੀ, ਬਲਵੰਤ ਸਿੰਘ ਘੁਡਾਣੀ, ਪ੍ਰਧਾਨ ਬਿੱਕਰਜੀਤ ਸਿੰਘ ਕਾਲਖ, ਅਵਤਾਰ ਸਿੰਘ ਝੂੰਗੀਆਂ ਬੇਗਾਂ ਅਤੇ ਕੁਲਦੀਪ ਸਿੰਘ ਗੁੱਜਰਵਾਲ ਨੇ ਕਿਹਾ ਕਿ ਸਰਕਾਰ ਭੂਮੀ ਗ੍ਰਹਿਣ ਅਤੇ ਮੁੜ-ਵਸੇਬਾ ਕਾਨੂੰਨ ਦੀਆਂ ਧੱਜੀਆਂ ਉਡਾ ਕੇ ਬਿਨਾ ਉਚਿੱਤ ਮੁਆਵਜ਼ਾ ਦਿੱਤੇ ਜਬਰੀ ਜ਼ਮੀਨਾਂ ਉੱਪਰ ਕਬਜ਼ਾ ਕਰਨ ਲਈ ਬਜ਼ਿੱਦ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ਸ਼ੀਲ ਲੋਕਾਂ ਦੇ ਚਿਹਰਿਆਂ ’ਤੇ ਸਰਕਾਰਾਂ ਅਤੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਗ਼ੁੱਸਾ ਵਧਦਾ ਜਾ ਰਿਹਾ ਹੈ। ਕਿਸਾਨ ਆਗੂ ਸੁਖਦੇਵ ਸਿੰਘ ਰਤਨਗੜ੍ਹ, ਚਰਨ ਦਾਸ ਤਲਵੰਡੀ ਜੱਸੀਆਂ ਅਤੇ ਹਰਪ੍ਰੀਤ ਕੌਰ ਗੁੱਜਰਵਾਲ ਨੇ ਕਿਹਾ ਕਿ ਕਿਸਾਨ-ਮਜ਼ਦੂਰ ਜ਼ਮੀਨਾਂ ਖੋਹਣ ਖ਼ਿਲਾਫ਼ ਚੱਲ ਰਹੇ ਅੰਦੋਲਨ ਨੂੰ ਹੋਰ ਭਖਾਉਣ ਲਈ ਵਿਉਂਤਬੰਦੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਬਰੀ ਜ਼ਮੀਨਾਂ ਗ੍ਰਹਿਣ ਕਰਨ ਵਿਰੁੱਧ ਮੋਰਚਾ ਜਿੱਤ ਤੱਕ ਜਾਰੀ ਰਹੇਗਾ।