ਨਿੱਜੀ ਪੱਤਰ ਪ੍ਰੇਰਕ/ਟਨਸ
ਲੁਧਿਆਣਾ, 1 ਮਈ
ਕਾਂਗਰਸ ਵੱਲੋਂ ਰਾਜਾ ਵੜਿੰਗ ਨੂੰ ਲੁਧਿਆਣਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਚੋਣ ਸਰਗਰਮੀਆਂ ਨੇ ਜ਼ੋਰ ਫੜ ਲਿਆ ਹੈ। ਚੋਣ ਲੜ ਰਹੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਮੀਟਿੰਗਾਂ, ਨੁੱਕੜ ਮੀਟਿੰਗਾਂ ਤੇ ਰੋਡ ਸ਼ੋਅ ਕਰ ਕੇ ਵੋਟਰਾਂ ਨਾਲ ਸੰਪਰਕ ਕਾਇਮ ਕਰ ਰਹੇ ਹਨ।
ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਭਲਕੇ ਵੀਰਵਾਰ ਨੂੰ ਅਕਾਲੀ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਹੱਕ ਵਿੱਚ ਵੱਖ-ਵੱਖ ਵਿਧਾਨ ਸਭਾ ਹਲਕਿਆਂ ’ਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਹਲਕਾ ਸੈਂਟਰਲ ਦੇ ਇਲਾਕੇ ਕਿਦਵਾਈ ਨਗਰ, ਹਲਕਾ ਪੱਛਮੀ ਦੇ ਇਲਾਕੇ ਪਿੰਡ ਸੁਨੇਤ ਅਤੇ ਹਲਕਾ ਦੱਖਣੀ ਦੇ ਇਲਾਕੇ ਗਿਆਸਪੁਰਾ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਰੈਲੀ ਦੌਰਾਨ ਸੁਖਬੀਰ ਬਾਦਲ ਜਿੱਥੇ ਲੋਕਾਂ ਨੂੰ ਰਣਜੀਤ ਸਿੰਘ ਢਿੱਲੋਂ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕਰਨਗੇ ਉਥੇ ਹੀ ਉਹ ਪਿਛਲੀਆਂ ਅਕਾਲੀ ਸਰਕਾਰਾਂ ਵੱਲੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਕੀਤੇ ਗਏ ਕੰਮਾਂ ਬਾਰੇ ਵੀ ਜਾਣਕਾਰੀ ਦੇਣਗੇ।
ਦੂਜੇ ਪਾਸੇ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਭਲਕੇ ਲੁਧਿਆਣਾ ਦੇ ਪਲੇਠੇ ਦੌਰੇ ਦੌਰਾਨ ਸਮਰਾਲਾ ਚੌਕ ਤੋਂ ਰੋਡ ਸ਼ੋਅ ਕਰ ਰਹੇ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ ਵਿੱਚ ਵੀ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਹਲਕਾ ਸਾਹਨੇਵਾਲ ਦੇ ਇਲਾਕੇ ਮੂਡੀਆਂ ਵਿੱਚ ਰੋਡ ਸ਼ੋਅ ਕਰਨ ਲਈ ਆ ਰਹੇ ਹਨ। ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਵੀ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਉਹ ਵੱਖ-ਵੱਖ ਹਲਕਿਆਂ ਵਿੱਚ ਜਾ ਕੇ ਵੋਟਰਾਂ ਨਾਲ ਸੰਪਰਕ ਕਰ ਰਹੇ ਹਨ।