ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 2 ਅਗਸਤ
ਬਲਾਕ ਪੱਖੋਵਾਲ ਦੇ ਪਿੰਡ ਕੋਟ ਆਗਾ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਰੋਡ ਸੰਘਰਸ਼ ਯੂਨੀਅਨ ਵੱਲੋਂ 38ਵੇਂ ਦਿਨ ਧਰਨੇ ਵਿੱਚ ਕਿਸਾਨ, ਮਜ਼ਦੂਰ, ਨੌਜਵਾਨ ਅਤੇ ਕਿਸਾਨ ਬੀਬੀਆਂ ਡਟੀਆਂ ਰਹੀਆਂ। ਕਿਸਾਨ ਆਗੂ ਕੁਲਦੀਪ ਸਿੰਘ ਗੁੱਜਰਵਾਲ, ਦਰਸ਼ਨ ਸਿੰਘ ਫੱਲੇਵਾਲ ਅਤੇ ਰੋਡ ਸੰਘਰਸ਼ ਯੂਨੀਅਨ ਦੇ ਸੂਬਾ ਪ੍ਰਧਾਨ ਬਿੱਕਰਜੀਤ ਸਿੰਘ ਕਾਲਖ ਅਤੇ ਅਵਤਾਰ ਸਿੰਘ ਝੂੰਗੀਆਂ ਬੇਗਾਂ ਨੇ ਕਿਹਾ ਕਿ ਮੋਦੀ ਹਕੂਮਤ ਕਾਰਪੋਰੇਟਾਂ ਦੇ ਘਰ ਭਰਨ ਲਈ ਕਿਸਾਨਾਂ ਦਾ ਘਾਣ ਕਰ ਰਹੀ ਹੈ ਅਤੇ ਉੱਤਰ ਪ੍ਰਦੇਸ਼-ਗੰਗਾ ਐਕਸਪ੍ਰੈੱਸ, ਯਮੁਨਾ ਮਾਰਗ, ਜੰਮੂ-ਕੱਟੜਾ ਐਕਸਪ੍ਰੈੱਸ ਲਈ ਹਜ਼ਾਰਾਂ ਏਕੜ ਜ਼ਮੀਨਾਂ ਐਕੁਆਇਰ ਕਰਨ ਲਈ ਪੰਦਰਾਂ ਹਜ਼ਾਰ ਪਿੰਡਾਂ ਦੇ ਲੋਕਾਂ ’ਤੇ ਉਜਾੜੇ ਦੀ ਤਲਵਾਰ ਲਟਕ ਰਹੀ ਹੈ। ਕਿਸਾਨ ਆਗੂ ਪਰਮਜੀਤ ਸਿੰਘ ਕੋਟ ਆਗਾ, ਜਸਵੰਤ ਸਿੰਘ ਭੱਟੀਆਂ, ਜਸਵੀਰ ਸਿੰਘ ਕੋਟ ਆਗਾ, ਹਰਪ੍ਰੀਤ ਕੌਰ ਗੁੱਜਰਵਾਲ, ਸੁਖਵਿੰਦਰ ਕੌਰ ਨਾਰੰਗਵਾਲ ਅਤੇ ਪਰਮਜੀਤ ਕੌਰ ਕੋਟ ਆਗਾ ਨੇ ਕਿਹਾ ਕਿ ਸਨਅਤੀ ਗਲਿਆਰਾ ਯੋਜਨਾ ਤਹਿਤ 24 ਸਨਅਤੀ ਸ਼ਹਿਰ ਵਸਾਉਣ ਲਈ 12 ਲੱਖ ਏਕੜ ਤੋਂ ਵਧੇਰੇ ਜ਼ਮੀਨ ਐਕੁਆਇਰ ਕਰਨ ਦੀ ਯੋਜਨਾ ਹੈ। ਕਿਸਾਨ ਆਗੂਆਂ ਨੇ ਮੁੜ ਦੁਹਰਾਇਆ ਕਿ ਕੌਡੀਆਂ ਦੇ ਭਾਅ ਜ਼ਮੀਨ ਨਹੀਂ ਦੇਣਗੇ।