ਨਿੱਜੀ ਪੱਤਰ ਪ੍ਰੇਰਕ
ਖੰਨਾ, 4 ਅਗਸਤ
‘ਆਪ’ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦੇ ਨਿਰਦੇਸ਼ਾਂ ’ਤੇ ਪੰਜਾਬ ਸੀਵਰੇਜ ਬੋਰਡ ਅਤੇ ਵਾਟਰ ਸਪਲਾਈ ਦੇ ਅਧਿਕਾਰੀਆਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਅਮਲੋਹ ਰੋਡ ਸਥਿਤ ਵਾਰਡ ਨੰਬਰ 12, 13, 14 ਵਿੱਚ ਅਮਰੂਤ ਸਕੀਮ ਤਹਿਤ ਪਾਏ ਸੀਵਰੇਜ ਦਾ ਜਾਇਜ਼ਾ ਲਿਆ। ਇਸ ਮੌਕੇ ਸੀਵਰੇਜ ਬੋਰਡ ਦੇ ਐੱਸਡੀਓ ਸੁਖਪਾਲ ਸਿੰਘ, ਪਰਮਜੀਤ ਸਿੰਘ, ਕੁਲਵਿੰਦਰ ਸਿੰਘ ਤੇ ਜਸਵਿੰਦਰ ਸਿੰਘ ਨੇ ਕੌਂਸਲਰਾਂ ਤੋਂ ਸੀਵਰੇਜ ਤੇ ਵਾਟਰ ਸਪਲਾਈ ਸਬੰਧੀ ਸਮੱਸਿਆਵਾਂ ਪੁੱਛੀਆਂ। ਨਾਗਪਾਲ, ਘਈ ਤੇ ਕਾਲਾ ਨੇ ਦੋਸ਼ ਲਾਇਆ ਕਿ ਜਦੋਂ ਸੀਵਰੇਜ ਪਾਉਣ ਦਾ ਕੰਮ ਚੱਲ ਰਿਹਾ ਸੀ, ਉਸ ਸਮੇਂ ਵੀ ਅਧਿਕਾਰੀਆਂ ਨੂੰ ਕਿਹਾ ਸੀ ਕਿ ਕੰਮ ਵਿੱਚ ਅਣਗਹਿਲੀ ਵਰਤੀ ਜਾ ਰਹੀ ਹੈ ਪਰ ਕਿਸੇ ਨੇ ਇਸ ਗੱਲ ਵੱਲ ਧਿਆਨ ਨਹੀਂ ਦਿੱਤਾ। ਇਸ ਮੌਕੇ ਅਧਿਕਾਰੀਆਂ ਨੇ ਸਮੱਸਿਆਵਾਂ ਦਾ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਸੀਵਰੇਜ ਬੋਰਡ ਦੇ ਐੱਸਡੀਓ ਸੁਖਪਾਲ ਸਿੰਘ ਨੇ ਕਿਹਾ ਕਿ ਮੇਨ ਲਾਈਨ ਦੀ ਸਫ਼ਾਈ ਨਾ ਹੋਣ ਕਾਰਨ ਪਾਣੀ ਦੀ ਨਿਕਾਸੀ ਨਹੀਂ ਹੋ ਰਹੀ। ਇਹ ਕੰਮ ਕੌਂਸਲ ਨੇ ਦੇਖਣਾ ਹੈ, ਜਦੋਂ ਮੇਨ ਲਾਈਨ ਦਾ ਪਾਣੀ ਥੱਲ੍ਹੇ ਹੋਵੇਗਾ ਤਾਂ ਹੀ ਪਾਣੀ ਅੱਗੇ ਨਿਕਲੇਗਾ। ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ ਨੇ ਕਿਹਾ ਕਿ ਕੌਂਸਲ ਵੱਲੋਂ ਸੀਵਰੇਜ ਦੀ ਮੁਕੰਮਲ ਸਫ਼ਾਈ ਕਰਵਾ ਦਿੱਤੀ ਗਈ ਹੈ।