ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੁਹਾਜ਼ ’ਤੇ ਫੇਲ੍ਹ: ਆਸ਼ੂ
ਕਾਂਗਰਸ ਦੇ ਇਕਜੁੱਟ ਹੋਣ ਦਾ ਦਾਅਵਾ; ਸਾਬਕਾ ਮੰਤਰੀ ਨੇ ਸਮਾਗਮ ਵਿੱਚ ਸ਼ਿਰਕਤ ਕੀਤੀ
ਪੰਜਾਬ ਕਾਂਗਰਸ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਾਂਗਰਸ ਪਾਰਟੀ ਦੇ ਪੂਰੀ ਤਰ੍ਹਾਂ ਇਕਜੁੱਟ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ। ਪਿੰਡ ਰਸੂਲਪੁਰ ਜੰਡੀ ਵਿੱਚ ਬਲਾਕ ਸਮਿਤੀ ਚੋਣ ਜਿੱਤੇ ਕਾਂਗਰਸੀ ਆਗੂ ਗੁਰਜੀਤ ਸਿੰਘ ਗੀਟਾ ਵੱਲੋਂ ਕਰਵਾਏ ਸ਼ੁਕਰਾਨਾ ਸਮਾਗਮ ਵਿੱਚ ਆਸ਼ੂ ਸਣੇ ਕਈ ਹੋਰ ਕਾਂਗਰਸੀ ਆਗੂਆਂ ਨੇ ਹਾਜ਼ਰੀ ਭਰੀ। ਸਾਬਕਾ ਮੰਤਰੀ ਨੇ ਜੇਤੂ ਕਾਂਗਰਸੀ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਡਟਣ ਲਈ ਹੱਲਾਸ਼ੇਰੀ ਦਿੱਤੀ। ਉਨ੍ਹਾਂ ਕਿਹਾ ਕਿ ਕਾਂਗਰਸ ਇਕਜੁੱਟ ਹੋ ਕੇ ਵਧੀਆ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇਗੀ ਜਿਨ੍ਹਾਂ ਵਿੱਚ ਕਈ ਨਵੇਂ ਤੇ ਸਾਫ਼ ਅਕਸ ਵਾਲੇ ਉਮੀਦਵਾਰ ਸ਼ਾਮਲ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਸਰਕਾਰ ’ਤੇ ਘਟੀਆ ਰਾਜਨੀਤੀ ਕਰਨ ਦਾ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਧਰਮ ਨੂੰ ਸਿਆਸੀ ਲਾਹੇ ਲਈ ਵਰਤਣ ਦੀ ਕੋਸ਼ਿਸ਼ ਹੋ ਰਹੀ ਹੈ। ਇਕ ਪਾਸੇ ਦਿੱਲੀ ’ਚ ਸਾਬਕਾ ਮੁੱਖ ਮੰਤਰੀ ਆਤਿਸ਼ੀ ’ਤੇ ਗੁਰੂਆਂ ਬਾਰੇ ਗ਼ਲਤ ਬਿਆਨੀ ਦੇ ਦੋਸ਼ ਲੱਗ ਰਹੇ ਹਨ ਤੇ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਦੀ ਗ਼ਲਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਦੇ ਫੋਕੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਨੇ ਅਸਲੀਅਤ ਵਿੱਚ ਸੂਬੇ ਵਿੱਚ ਗੈਂਗਸਟਰਾਂ ਦਾ ਰਾਜ ਸਥਾਪਤ ਕਰ ਦਿੱਤਾ ਹੈ। ਗੈਗਸਟਾਰ ਸ਼ਰ੍ਹੇਆਮ ਕਤਲ ਤੇ ਲੁੱਟਾਂ-ਖੋਹਾਂ ਕਰ ਰਹੇ ਹਨ। ਪੰਜਾਬ ਵਿੱਚ ਅਮਨ ਕਾਨੂੰਨ ਕਿਸੇ ਪਾਸੇ ਨਜ਼ਰ ਨਹੀਂ ਆ ਰਿਹਾ ਤੇ ਲੋਕ ਸਹਿਮੇ ਹੋਏ ਹਨ। ਕਬੱਡੀ ਖਿਡਾਰੀਆਂ ਦੇ ਕਤਲ ਕੀਤੇ ਜਾ ਰਹੇ ਜਿਸ ਕਾਰਨ ਪੰਜਾਬ ਵਿੱਚ ਖੇਡ ਪ੍ਰਮੋਟਰ ਟੂਰਨਾਮੈਂਟ ਕਰਵਾਉਣ ਤੋਂ ਪਾਸਾ ਵੱਟ ਗਏ ਹਨ। ਇਸ ਮੌਕੇ ਗੁਰਜੀਤ ਸਿੰਘ ਗੀਟਾ ਨੇ ਸਮਾਗਮ ਵਿੱਚ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ, ਇੰਜੀ. ਜਗਦੀਪ ਸਿੰਘ, ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਗਰੇਵਾਲ, ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਮਨੀ ਗਰਗ, ਸੁਖਵਿੰਦਰ ਸਿੰਘ ਸਿੱਧੂ, ਜਗਜੀਤ ਸਿੰਘ ਕਾਉਂਕੇ, ਵਰਿੰਦਰ ਸਿੰਘ ਕਲੇਰ, ਬਲਦੇਵ ਸਿੰਘ ਬਰਸਾਲ, ਗੁਰਜੀਤ ਸਿੰਘ ਜੰਡੀ, ਇਕਬਾਲ ਸਿੰਘ ਮਲਕ, ਮਾ. ਗੁਰਮੇਲ ਸਿੰਘ ਰੂਮੀ ਆਦਿ ਹਾਜ਼ਰ ਸਨ।

