ਖੇਤਰੀ ਪ੍ਰਤੀਨਿਧ/ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 3 ਫਰਵਰੀ
ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਸਿੱਧੂ ਨੇ ਵਾਰਡ ਨੰਬਰ-48 ਵਿੱਚ ਪੈਂਦੇ ਲੇਬਰ ਚੌਕ ਵਿੱਚ ਇਕ ਅਹਿਮ ਮੀਟਿੰਗ ਕਰਦੇ ਹੋਏ, ਲੋਕਾਂ ਦੀਆਂ ਦਿੱਕਤਾਂ ਅਤੇ ਪ੍ਰੇਸ਼ਾਨੀਆਂ ਨੂੰ ਸੁਣਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਲੇਬਰ ਚੌਕ ਵਿੱਚ ਮਜ਼ਦੂਰਾਂ ਦੇ ਬਹਿਣ-ਉੱਠਣ ਲਈ ਕੋਈ ਵੀ ਸਹੂਲਤ ਨਹੀਂ ਹੈ ਅਤੇ ਨਾ ਹੀ ਮਜ਼ਦੂਰਾਂ ਨੂੰ ਸਰਕਾਰ ਵੱਲੋਂ ਕੋਈ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੌਸਮ ਦੀ ਖ਼ਰਾਬੀ ਕਾਰਨ ਕਈ ਕਈ ਦਿਨ ਉਨ੍ਹਾਂ ਨੂੰ ਰੁਜ਼ਗਾਰ ਨਹੀਂ ਮਿਲਦਾ, ਜਿਸ ਕਾਰਨ ਉਨ੍ਹਾਂ ਨੂੰ ਰੋਜ਼ੀ ਰੋਟੀ ਅਤੇ ਪਰਿਵਾਰ ਦੇ ਪਾਲਣ ਪੋਸ਼ਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ‘ਆਪ’ ਆਗੂ ਸਿੱਧੂ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸਾਰੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਾਂਗ ਹਨ, ਇਸ ਲਈ ਜੇ ਕਿਸੇ ਨੂੰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਨਿੱਜੀ ਤੌਰ ’ਤੇ ਉਨ੍ਹਾਂ ਨੂੰ ਮਿਲ ਕੇ ਦੱਸ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਕੀਤਾ ਜਾਵੇਗਾ ਅਤੇ ਕਿਸੇ ਨੂੰ ਵੀ ਭੁੱਖੇ ਢਿੱਡ ਸੌਣ ਨਹੀਂ ਦਿੱਤਾ ਜਾਵੇਗਾ। ਇਸ ਮੌਕੇ ਮਜ਼ਦੂਰਾਂ ਨੇ ਸਿੱਧੂ ਦੇ ਹੱਕ ’ਤ ਭੁਗਤਣ ਦਾ ਭਰੋਸਾ ਦਿੱਤਾ।