ਨਿੱਜੀ ਪੱਤਰ ਪ੍ਰੇਰਕ
ਖੰਨਾ, 27 ਅਗਸਤ
‘ਆਪ’ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਖੇਡ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਰਾਜ ਵਜੋਂ ਉਭਾਰਿਆ ਜਾ ਸਕੇ।
ਇਹ ਪ੍ਰਗਟਾਵਾ ਸੂਬੇ ਦੇ ਸਿਹਤ ਸਿੱਖਿਆ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਇੱਥੋਂ ਨੇੜਲੇ ਪਿੰਡ ਹਰਿਓ ਕਲਾਂ ਵਿੱਚ ਕਰਵਾਏ ਛਿੰਝ ਮੇਲੇ ਦੇ ਇਨਾਮ ਵੰਡ ਸਮਾਰੋਹ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਖੇਡਾਂ ਵੱਲ ਰੁਚਿਤ ਕਰਨ ਹਿੱਤ ਖੇਡ ਮੇਲੇ ਕਰਵਾਏ ਜਾ ਰਹੇ ਹਨ। ‘ਆਪ’ ਸਰਕਾਰ ਸੂਬੇ ਦੀ ਨੌਜਵਾਨੀ ਦੀ ਤਰੱਕੀ ਤੇ ਭਲਾਈ ਲਈ ਵਚਨਬੱਧ ਹੈ। ਚੇਤਨ ਸਿੰਘ ਜੌੜੇਮਾਜਰਾ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਉਹ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਣ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ। ਇਸ ਮੌਕੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਇਕ ਅਜਿਹਾ ਸੂਬਾ ਹੈ, ਜਿਸ ਨੇ ਕੌਮੀ ਪੱਧਰ ’ਤੇ ਨਾਮਵਰ ਖਿਡਾਰੀ ਪੈਦਾ ਕੀਤੇ ਹਨ। ਉਨ੍ਹਾਂ ਖੇਡ ਮੇਲੇ ਦੇ ਪ੍ਰਬੰਧਕ ਜੀਐੱਸ ਢਿੱਲੋਂ ਦੀ ਪ੍ਰਸ਼ੰਸ਼ਾ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਅਜਿਹੇ ਖੇਡ ਮੇਲੇ ਕਰਵਾਏ ਜਾਣ।
ਇਸ ਮੌਕੇ ਐੱਸਡੀਐੱਮ ਮਨਜੀਤ ਕੌਰ, ਨਵਦੀਪ ਸਿੰਘ ਭੋਗਲ, ਹਰਜੀਤ ਸਿੰਘ ਸੌਂਦ, ਸਨੀ ਮਾਂਗਟ, ਗੁਰਸੇਵਕ ਸਿੰਘ, ਅਮਨਦੀਪ ਸਿੰਘ, ਜੋਤ ਢਿੱਲੋਂ ਅਤੇ ਜਸਕੀਰਤ ਸਿੰਘ ਹਾਜ਼ਰ ਸਨ।