ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 5 ਅਗਸਤ
ਸਨਅਤੀ ਸ਼ਹਿਰ ਵਿੱਚ ਰੱਖੇ ਗਏ ਸਮਾਗਮ ਵਿੱਚ ਹਿੱਸਾ ਲੈਣ ਪੁੱਜੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਆਪ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਹ ਅੱਜ ਸਥਾਨਕ ਮੋਤੀ ਨਗਰ ਵਿੱਚ ਗੁੱਜਰ ਭਾਈਚਾਰੇ ਵੱਲੋਂ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਨ ਲਈ ਲੁਧਿਆਣਾ ਆਏ ਹੋਏ ਸਨ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਦੋਵਾਂ ਸੈਕਟਰਾਂ ਲਈ ਬਜਟ ਦੀ ਵੰਡ ਵਿੱਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲੇ ਬਜਟ ਵਿੱਚ 100 ਸਕੂਲ ਆਫ਼ ਐਕਸੀਲੈਂਸ ਅਤੇ 16 ਮੈਡੀਕਲ ਕਾਲਜਾਂ ਦਾ ਐਲਾਨ ਕੀਤਾ ਗਿਆ, ਜੋਕਿ ਪੰਜਾਬ ਵਿੱਚ ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਡਿਪਟੀ ਸਪੀਕਰ ਰੋੜੀ ਨੇ ਕਿਹਾ ਕਿ ਨਸ਼ਾਖੋਰੀ, ਬੇਰੁਜ਼ਗਾਰੀ ਅਤੇ ਅਨਪੜ੍ਹਤਾ ਸਮਾਜ ਦੇ ਸਭ ਤੋਂ ਵੱਡੇ ਦੁਸ਼ਮਣ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਇਨ੍ਹਾਂ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰੇਗੀ। ਉਨ੍ਹਾਂ ਕਿਹਾ ਕਿ ਮੱਤੇਵਾੜਾ ਸੜਕ ਦੀ ਤੁਰੰਤ ਮੁਰੰਮਤ ਕਰਵਾਉਣ ਲਈ ਉਹ ਜਲਦੀ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਸਮਾਗਮ ਦੌਰਾਨ ਗੁੱਜਰ ਭਾਈਚਾਰੇ ਦੀ ਸੰਸਥਾ ਨੇ ਉਨ੍ਹਾਂ ਦਾ ਸਨਮਾਨ ਵੀ ਕੀਤਾ। ਜ਼ਿਲ੍ਹੇ ਵਿੱਚ ਪਹਿਲੀ ਵਾਰ ਪਹੁੰਚਣ ’ਤੇ ਉਨ੍ਹਾਂ ਨੂੰ ਪੁਲੀਸ ਕਮਿਸ਼ਨਰੇਟ ਲੁਧਿਆਣਾ ਵੱਲੋਂ ਕਮਿਊਨਿਟੀ ਸੈਂਟਰ ਵਿਖੇ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। ਬਾਅਦ ਵਿੱਚ ਡਿਪਟੀ ਸਪੀਕਰ ਨੇ ਲੁਧਿਆਣਾ ਫੋਟੋਗ੍ਰਾਫਰਜ਼ ਕਲੱਬ ਵੱਲੋਂ ਕਰਵਾਈ ਗਈ ਜਨਰਲ ਮੀਟਿੰਗ ਦਾ ਉਦਘਾਟਨ ਵੀ ਕੀਤਾ।