ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 28 ਸਤੰਬਰ
‘ਆਪ’ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਚੰਡੀਗੜ੍ਹ-ਮੁਹਾਲੀ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਰਸਮੀ ਉਦਘਾਟਨ ਕਰ ਦਿੱਤਾ ਗਿਆ ਹੈ ਅਤੇ ਹੁਣ ‘ਆਪ’ ਸਰਕਾਰ ਹਵਾਈ ਅੱਡੇ ਤੋਂ ਕੈਨੇਡਾ, ਅਮਰੀਕਾ, ਯੂਰੋਪ ਸਮੇਤ ਹੋਰਨਾਂ ਮੁਲਕਾਂ ਲਈ ਕੌਮਾਂਤਰੀ ਫਲਾਈਟਾਂ ਸ਼ੁਰੂ ਕਰਵਾਉਣ ਲਈ ਯਤਨ ਕਰੇਗੀ। ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਇੱਥੇ ਕਮੇਟੀ ਪਾਰਕ ’ਚ ਸਮਾਗਮ ਦੌਰਾਨ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਚੰਡੀਗੜ੍ਹ ਹਵਾਈ ਅੱਡੇ ਤੋਂ ਕੌਮਾਂਤਰੀ ਫਲਾਈਟਾਂ ਸ਼ੁਰੂ ਕਰਨ ਦੀ ਮੰਗ ਨੂੰ ਅਮਲੀਜਾਮਾ ਪਹਿਨਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕੀਤੀ ਜਾਵੇਗੀ। ਕਿਉਂਕਿ ਕੈਨੇਡਾ, ਅਮਰੀਕਾ ਸਣੇ ਵੱਖ-ਵੱਖ ਮੁਲਕਾਂ ’ਚ ਵੱਸਦੇ ਲੱਖਾਂ ਪੰਜਾਬੀ ਹਰ ਸਾਲ ਆਪਣੇ ਵਤਨ ਆਉਂਦੇ ਹਨ। ਪੰਜਾਬ ’ਚ ਦੋ ਕੌਮਾਂਤਰੀ ਹਵਾਈ ਅੱਡੇ ਹੋਣ ਦੇ ਬਾਵਜੂਦ ਇਨ੍ਹਾਂ ਨੂੰ ਦਿੱਲੀ ਜਾਣਾ ਪੈਂਦਾ ਹੈ ਜਿਸ ਨਾਲ ਸਮਾਂ ਤੇ ਰੁਪਿਆ ਦੋਵੇਂ ਬਰਬਾਦ ਹੁੰਦੇ ਹਨ। ਵਿਧਾਇਕਾ ਮਾਣੂੰਕੇ ਨੇ ਹਾਜ਼ਰ ਅਧਿਕਾਰੀਆਂ, ਮੁਲਾਜ਼ਮਾਂ ਤੇ ਕੌਂਸਲਰਾਂ ਨੂੰ ਸ਼ਹੀਦਾਂ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਸਹੁੰ ਵੀ ਚੁਕਾਈ। ਇਸੇ ਦੌਰਾਨ ਸਥਾਨਕ ਲਾਜਪਤ ਰਾਏ ਡੀਏਵੀ ਕਾਲਜ ਦੇ ਵਿਦਿਆਰਥੀਆਂ ਨੇ ਸਾਈਕਲ ਰੈਲੀ ਕੱਢੀ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ।
ਮਕਸੂਦੜਾਂ ਵਿੱਚ ਭਗਤ ਸਿੰਘ ਦੀ ਵਿਚਾਰਧਾਰਾ ਨਾਲ ਜੁੜਨ ਦਾ ਹੋਕਾ
ਪਾਇਲ (ਪੱਤਰ ਪ੍ਰੇਰਕ): ਪਿੰਡ ਮਕਸੂਦੜਾ ਵਿੱਚ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਸਮੂਹ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਾਟਕ ਮੇਲਾ ਸਰਕਾਰੀ ਹਾਈ ਸਕੂਲ ਦੇ ਖੇਡ ਮੈਦਾਨ ਵਿੱਚ ਕਰਵਾਇਆ ਗਿਆ। ਨਾਟਕ ਮੇਲੇ ਵਿੱਚ ਸ਼ਹੀਦ ਭਗਤ ਸਿੰਘ ਦੇ ਜੀਵਨ ਨਾਲ ਸਬੰਧਿਤ ਕੋਰੀਓਗ੍ਰਾਫੀ, ਭੰਡ, ਨਾਟਕ ਅਤੇ ਸਕੂਲੀ ਬੱਚਿਆਂ ਦੇ ਸ਼ਾਨਦਾਰ ਪ੍ਰੋਗਰਾਮ ਕਰਵਾਏ ਗਏ। ਇਸ ਮੌਕੇ ਮੁੱਖ ਮਹਿਮਾਨ ਸ਼੍ਰੋਮਣੀ ਅਕਾਲੀ ਦੇ ਆਗੂ ਇੰਜੀ. ਜਗਦੇਵ ਸਿੰਘ ਬੋਪਾਰਾਏ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਨਾਲ ਜੁੜਨ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਅੱਜ ਦੇਸ਼ ਨੂੰ ਫਿਰ ਤੋਂ ਭਗਤ ਸਿੰਘ ਦੀ ਵਿਚਾਰਧਾਰਾ ਨਾਲ ਜੁੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਤੇ ਔਰਤਾਂ ਦੇ ਚੱਲ ਰਹੇ ਸੰਘਰਸ਼ ਇਸ ਗੱਲ ਦੀ ਗਵਾਹੀ ਭਰਦੇ ਹਨ ਕਿ ਅੱਜ ਦੇਸ਼ ਮੁੜ ਪਿੱਛੇ ਝਾਕ ਕੇ ਅੱਗੇ ਦੇਖ ਰਿਹਾ ਹੈ। ਉਨ੍ਹਾਂ ਭਗਤ ਸਿੰਘ ਦੀ ਸ਼ਹਾਦਤ ਬਾਰੇ ਵਿਵਾਦ ਪੈਦਾ ਕਰਨ ਵਾਲਿਆਂ ਦੀ ਨਿੰਦਾ ਵੀ ਕੀਤੀ। ਅਕਾਲੀ ਆਗੂ ਹਰਜੀਵਨਪਾਲ ਸਿੰਘ ਗਿੱਲ ਨੇ ਕਿਹਾ ਕਿ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਬੁਲੰਦ ਕੀਤਾ ਇਨਕਲਾਬ ਦਾ ਰਾਹ ਹੀ ਭਾਰਤ ਦੇ ਕਿਰਤੀ ਲੋਕਾਂ ਲਈ ਅਸਲੀ ਆਜ਼ਾਦੀ ਪ੍ਰਾਪਤ ਕਰਨ ਦਾ ਇੱਕੋ ਇੱਕ ਰਾਹ ਹੈ। ਇਸੇ ਦੌਰਾਨ ਬੀਕੇਯੂੁ ਏਕਤਾ ਉਗਰਾਹਾਂ ਵੱਲੋਂ ਬਰਨਾਲਾ ਕਾਨਫ਼ਰੰਸ ਵਿੱਚ ਸ਼ਾਮਲ ਹੋਣ ਲਈ ਪਿੰਡ ਘੁਡਾਣੀ ਕਲਾਂ ਤੋਂ ਵੱਡਾ ਕਾਫਲਾ ਰਵਾਨਾ ਹੋਇਆ। ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਨਹੀਂ ਹੋਏ, ਮਨੁੱਖ ਦੀ ਮਨੁੱਖ ਹੱਥੋਂ ਲੁੱਟ ਅਜੇ ਵੀ ਬਰਕਰਾਰ ਹੈ। ਪਹਿਲਾਂ ਸਾਮਰਾਜੀ ਇੱਕ ਸੀ ਤੇ ਹੁਣ ਅਨੇਕਾਂ ਦੇਸ਼ਾਂ ਵੱਲੋਂ ਕਾਰਪੋਰੇਟ ਕੰਪਨੀਆਂ ਰਾਹੀਂ ਭਾਰਤ ਵਿੱਚ ਲੁੱਟ ਖਸੁੱਟ ਕੀਤੀ ਜਾ ਰਹੀ ਹੈ, ਜਬਰੀ ਜ਼ਮੀਨਾਂ ਐਕੁਆਇਰ ਕੀਤੀਆਂ ਜਾ ਰਹੀਆਂ ਹਨ। ਇਸ ਲਈ ਅੱਜ ਇਕੱਠੇ ਹੋ ਕੇ ਆਵਾਜ਼ ਬੁਲੰਦ ਕਰਨ ਦੀ ਲੋੜ ਹੈ।
ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਦੇ ਵਿਦਿਆਰਥੀਆਂ ਵੱਲੋਂ ਸਾਈਕਲ ਰੈਲੀ
ਗੁਰੂਸਰ ਸੁਧਾਰ (ਪੱਤਰ ਪ੍ਰੇਰਕ): ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਦੇ ਵਿਦਿਆਰਥੀਆਂ ਨੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਉੱਦਮ ਸਦਕਾ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ ਜਿਸ ਇੱਕ ਆਜ਼ਾਦੀ ਘੁਲਾਟੀਏ ਦੇ ਪਰਿਵਾਰਕ ਮੈਂਬਰ ਤੀਰਥ ਸਿੰਘ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ। ਪ੍ਰਿੰਸੀਪਲ ਡਾ. ਕਮਲਜੀਤ ਸਿੰਘ ਸੋਹੀ ਨੇ ਕਿਹਾ ਕਿ ਇਸ ਰੈਲੀ ਦਾ ਮਕਸਦ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਨਵੀਂ ਪੀੜ੍ਹੀ ਵਿਚ ਫੈਲਾਉਣਾ ਹੈ। ਸ਼ਹੀਦ ਭਗਤ ਸਿੰਘ ਕੇਵਲ ਨੌਜਵਾਨਾਂ ਦੇ ਹੀ ਨਹੀਂ ਹਰ ਪੀੜ੍ਹੀ ਦੇ ਰੋਲ ਮਾਡਲ ਹਨ ਜਿਨ੍ਹਾਂ ਦੀ ਸੋਚ ਗਿਆਨ ਵੰਡਦੀ ਹੈ। ਇਸੇ ਦੌਰਾਨ ਬੀਕੇਯੂ ਏਕਤਾ (ਡਕੌਂਦਾ), ਸੰਘਰਸ਼ ਕਮੇਟੀ ਅਤੇ ਇਲਾਕਾ ਨਿਵਾਸੀਆਂ ਵੱਲੋਂ ਤਾਲਮੇਲ ਨਾਲ ਪਿੰਡ ਰਸੂਲਪੁਰ ਪੱਤੀ ਵਿੱਚ ਪਸ਼ੂ ਕਾਰਖ਼ਾਨੇ ਖ਼ਿਲਾਫ਼ ਚੱਲ ਰਹੇ ਮੋਰਚੇ ਉੱਪਰ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਾਨਫ਼ਰੰਸ ਕੀਤੀ ਗਈ। ਨੌਜਵਾਨ ਭਾਰਤ ਸਭਾ ਦੇ ਆਗੂ ਜਗਦੀਸ਼, ਕਿਸਾਨ ਜਥੇਬੰਦੀ ਦੇ ਜ਼ਿਲ੍ਹਾ ਆਗੂ ਸੁਖਮਿੰਦਰ ਸਿੰਘ ਨੇ ਸਾਮਰਾਜੀ ਸ਼ਕਤੀਆਂ ਖ਼ਿਲਾਫ਼ ਡਟਣ ਦਾ ਸੁਨੇਹਾ ਦਿੱਤਾ।