ਭਾਜਪਾ ਤੇ ‘ਆਪ’ ਆਗੂਆਂ ਵੱਲੋਂ ਇੱਕ ਦੂਜੇ ਖ਼ਿਲਾਫ਼ ਨਾਅਰੇਬਾਜ਼ੀ
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 12 ਜੁਲਾਈ
ਭਾਜਪਾ ਆਗੂਆਂ ਤੇ ਕਾਰਕੁਨਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜਨ ਦੀ ਕਾਰਵਾਈ ਦੇ ਜਵਾਬ ਵਿੱਚ ਅੱਜ ‘ਆਪ’ ਆਗੂ ਭਾਜਪਾ ਦਫ਼ਤਰ ਘੇਰਣ ਲਈ ਪੁੱਜੇ। ‘ਆਪ’ ਆਗੂਆਂ ਨੇ ਦੋਸ਼ ਲਾਇਆ ਕਿ ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਅਬੋਹਰ ਵਿੱਚ ਕੱਪੜਾ ਵਪਾਰੀ ਸੰਜੇ ਵਰਮਾ ਦਾ ਕਤਲ ਕਰਨ ਵਾਲੇ ਗੈਂਗਸਟਰਾਂ ਦੇ ਸਮਰਥਨ ਵਿੱਚ ਬਿਆਨ ਦਿੱਤੇ ਹਨ। ਇਸ ਮੌਕੇ ਪੁਲੀਸ ਨੇ ਬੈਰੀਕੇਡਿੰਗ ਕਰਕੇ ‘ਆਪ’ ਆਗੂਆਂ ਨੂੰ ਭਾਜਪਾ ਦਫ਼ਤਰ ਤੱਕ ਪਹੁੰਚਣ ਤੋਂ ਰੋਕ ਦਿੱਤਾ ਸੀ। ਭਾਜਪਾ ਆਗੂ ਵੀ ਮੌਕੇ ’ਤੇ ਇਕੱਤਰ ਹੋ ਗਏ, ਜਿਸ ਮਗਰੋਂ ਦੋਵੇਂ ਪਾਰਟੀਆਂ ਦੇ ਵਰਕਰਾਂ ਨੇ ਇੱਕ ਦੂਜੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
‘ਆਪ’ ਆਗੂਆਂ ਨੇ ਕਿਹਾ ਕਿ ਭਾਜਪਾ ਸ਼ੁਰੂ ਤੋਂ ਹੀ ਪੰਜਾਬ ਦੀ ਕਾਨੂੰਨ ਵਿਵਸਥਾ ਵਿਰੁੱਧ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਰਾਜਨੀਤਿਕ ਸੁਰੱਖਿਆ ਦਿੱਤੀ ਜਾ ਰਹੀ ਹੈ। ਇੱਕ ਪਾਸੇ ਭਾਜਪਾ ਕਹਿ ਰਹੀ ਹੈ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਹੈ, ਦੂਜੇ ਪਾਸੇ ਜਦੋਂ ‘ਆਪ’ ਸਰਕਾਰ ਗੈਂਗਸਟਰਾਂ ਵਿਰੁੱਧ ਕਾਰਵਾਈ ਕਰਦੀ ਹੈ ਤਾਂ ਭਾਜਪਾ ਆਗੂ ਉਨ੍ਹਾਂ ਗੈਂਗਸਟਰਾਂ ਦੇ ਸਮਰਥਨ ਵਿੱਚ ਖੜ੍ਹੇ ਹੋ ਜਾਂਦੇ ਹਨ। ਇਸ ਦੋਹਰੇ ਮਾਪਦੰਡ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ‘ਆਪ’ ਵਿਧਾਇਕਾਂ ਨੇ ਕਿਹਾ ਕਿ ਮਨਜਿੰਦਰ ਸਿਰਸਾ ਅਤੇ ਸਾਰੇ ਭਾਜਪਾ ਆਗੂਆਂ ਨੂੰ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਭਾਜਪਾ ਗੈਂਗਸਟਰਾਂ ਦੇ ਐਨਕਾਊਂਟਰ ਦਾ ਵਿਰੋਧ ਕਰ ਰਹੀ ਹੈ ਅਤੇ ਇਸਦੇ ਨੇਤਾ ਮਨਜਿੰਦਰ ਸਿਰਸਾ ਪੰਜਾਬ ਸਰਕਾਰ ’ਤੇ ਗੈਂਗਸਟਰਾਂ ਨੂੰ ਮਾਰਨ ਵਿਰੁੱਧ ਕਾਨੂੰਨੀ ਕਾਰਵਾਈ ਦੀ ਧਮਕੀ ਦੇ ਰਹੇ ਹਨ।
ਇਸ ਪ੍ਰਦਰਸ਼ਨ ਵਿੱਚ ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਲੁਧਿਆਣਾ ਦੀ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਲੁਧਿਆਣਾ ਲੋਕ ਸਭਾ ਇੰਚਾਰਜ ਸ਼ਰਨਪਾਲ ਸਿੰਘ ਮੱਕੜ, ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਜਤਿੰਦਰ ਖੰਗੂੜਾ, ਲੁਧਿਆਣਾ ਯੂਥ ਵਿੰਗ ਦੇ ਪ੍ਰਧਾਨ ਅਮਰਿੰਦਰ ਸਿੰਘ ਐਮਪੀ ਜਵੱਦੀ ਤੇ ਹੋਰ ਮੌਜੂਦ ਸਨ।