ਗੁਰਿੰਦਰ ਸਿੰਘ
ਲੁਧਿਆਣਾ, 10 ਅਪਰੈਲ
ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ ਵੱਲੋਂ ਨਿਟਵਿਅਰ ਐਂਡ ਟੈਕਸਟਾਈਲ ਕਲੱਬ ਦੇ ਸਹਿਯੋਗ ਨਾਲ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕਾਂ ਦੇ ਸਨਮਾਨ ਵਿੱਚ ਇਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਉਪਕਾਰ ਸਿੰਘ ਅਹੂਜਾ, ਵਿਨੋਦ ਥਾਪਰ ਅਤੇ ਡੀਐੱਸ ਚਾਵਲਾ ਦੀ ਅਗਵਾਈ ਹੇਠ ਵਿਧਾਇਕਾਂ ਦਾ ਸਨਮਾਨ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸਨਅਤਕਾਰਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ ਐਲਾਨ ਜਲਦੀ ਹੀ ਲਾਗੂ ਕੀਤੇ ਜਾਣਗੇ। ਇਸ ਮੌਕੇ ਬੀਬੀ ਰਜਿੰਦਰ ਪਾਲ ਕੌਰ ਛੀਨਾ, ਸਰਬਜੀਤ ਕੌਰ ਮਾਣੂੰਕੇ, ਕੁਲਵੰਤ ਸਿੰਘ ਸਿੱਧੂ, ਮਦਨ ਲਾਲ ਬੱਗਾ, ਜੀਵਨ ਸਿੰਘ ਸੰਗੋਵਾਲ, ਅਸ਼ੋਕ ਪਰਾਸ਼ਰ ਪੱਪੀ, ਹਰਦੀਪ ਸਿੰਘ ਮੂੰਡੀਆਂ, (ਸਾਰੇ ਵਿਧਾਇਕ) ਤੋਂ ਇਲਾਵਾ ਕੇਐੱਨ ਸਿੰਘ ਕੰਗ ਇੰਚਾਰਜ ਹਲਕਾ ਦਾਖਾ, ਅਮਨਦੀਪ ਸਿੰਘ ਮੋਹੀ ਲੋਕ ਸਭਾ ਇੰਚਾਰਜ ਅਤੇ ਸੀਏ ਸੁਰੇਸ਼ ਗੋਇਲ ਜ਼ਿਲ੍ਹਾ ਪ੍ਰਧਾਨ ਨੂੰ ਵੀ ਸਨਮਾਨਤ ਕੀਤਾ ਗਿਆ। ਇਸ ਮੌਕੇ ਸਨਅਤਕਾਰਾਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਸਸਤੀ ਬਿਜਲੀ ਦੇਣ ਦਾ ਵਾਅਦਾ ਪੂਰਾ ਕੀਤਾ ਜਾਵੇ, ਫੋਕਲ ਪੁਆਇੰਟ ਦੀਆਂ ਸੜਕਾਂ ਦੀ ਹਾਲਤ ਸੁਧਾਰੀ ਜਾਵੇ, ਇੰਸਪੈਕਟਰੀ ਰਾਜ ਖ਼ਤਮ ਕਰਨ ਲਈ ਕਾਰਵਾਈ ਆਰੰਭੀ ਜਾਵੇ, ਜੀਐੱਸਟੀ ਦੇ ਰੀਫੰਡ ਦਾ ਨਿਪਟਾਰਾ ਕੀਤਾ ਜਾਵੇ ਅਤੇ ਕੱਚੇ ਮਾਲ ਦੀਆਂ ਵਧ ਰਹੀਆਂ ਕੀਮਤਾਂ ’ਤੇ ਕਾਬੂ ਪਾਉਣ ਲਈ ਕਾਰਵਾਈ ਕੀਤੀ ਜਾਵੇ।