ਪੱਤਰ ਪ੍ਰੇਰਕ
ਸਮਰਾਲਾ, 29 ਸਤੰਬਰ
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ’ਤੇ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਇੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੀ ਅਗਵਾਈ ਹੇਠ ਵਰਕਰਾਂ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸਿਜਦਾ ਕਰਦਿਆਂ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਸੰਕਲਪ ਲਿਆ ਗਿਆ। ਇਸ ਮੌਕੇ ਇਕੱਤਰ ਹੋਏ ‘ਆਪ’ ਵਰਕਰਾਂ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਅੱਗੇ ਕੇਕ ਕੱਟਿਆ। ਇਸ ਮੌਕੇ ਬਲਾਕ ਸਮਰਾਲਾ ਦੇ ਪ੍ਰਧਾਨ ਕਸ਼ਮੀਰੀ ਲਾਲ, ਸੁਖਵਿੰਦਰ ਸਿੰਘ ਗਿੱਲ, ਮੇਜਰ ਸਿੰਘ, ਸੂਬੇਦਾਰ ਪ੍ਰੀਤਮ ਸਿੰਘ, ਹਰਦੀਪ ਸਿੰਘ ਓਸ਼ੋ, ਐਡਵੋਕੇਟ ਗੁਰਪ੍ਰੀਤ ਸਿੰਘ, ਪਿੰਦਰਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ’ਚ ‘ਆਪ’ ਦੇ ਵਰਕਰ ਤੇ ਅਹੁਦੇਦਾਰ ਹਾਜ਼ਰ ਸਨ।
ਦੋਰਾਹਾ (ਪੱਤਰ ਪ੍ਰੇਰਕ): ਇੱਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ। ਪ੍ਰਿੰਸੀਪਲ ਡਾ. ਨਿਰਲੇਪ ਕੌਰ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ’ਤੇ ਉਨ੍ਹਾਂ ਦੇ ਬਲੀਦਾਨ ਤੇ ਵਿਚਾਰਧਾਰਾ ਨੂੰ ਸੁਰਜੀਤ ਕਰਦਿਆਂ ਕਾਲਜ ਦੇ ਵੱਖ-ਵੱਖ ਵਿਭਾਗਾਂ ਵੱਲੋਂ ਪ੍ਰੋਗਰਾਮ ਕੀਤਾ ਗਿਆ। ਇਸ ਤਹਿਤ ਸਵੇਰੇ 7 ਵਜੇ ਦੋਰਾਹਾ ਤੋਂ ਕਟਾਣਾ ਸਾਹਿਬ ਤੱਕ ਸਾਈਕਲ ਰੈਲੀ ਕੱਢੀ ਗਈ, ਜਿਸ ਨੂੰ ਹਰਜੀਵਨਪਾਲ ਸਿੰਘ ਗਿੱਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਉਪਰੰਤ ਸ਼ਹੀਦ ਭਗਤ ਸਿੰਘ ਦੀ ਕ੍ਰਾਂਤੀਕਾਰੀ ਸ਼ਖ਼ਸੀਅਤ ਤੇ ਅਗਾਂਹਵਧੂ ਸੋਚ ਤੋਂ ਜਾਣੂ ਕਰਵਾਉਣ ਲਈ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਦੌਰਾਨ ਡਾ. ਗੁਰਮੀਤ ਸਿੰਘ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਦੇ ਵਿਚਾਰਧਾਰਕ, ਸਾਹਿਤਕ ਤੇ ਇਤਿਹਾਸਕ ਪਹਿਲੂਆਂ ਸਬੰਧੀ ਆਪਣੇ ਭਾਵਪੂਰਤ ਵਿਚਾਰ ਸਾਂਝੇ ਕੀਤੇ।
ਲੇਖਕਾਂ ਨੇ ਸ਼ਹੀਦ ਭਗਤ ਸਿੰਘ ਨੂੰ ਯਾਦ ਕੀਤਾ
ਲੁਧਿਆਣਾ: ਪ੍ਰ੍ਰਗਤੀਸ਼ੀਲ ਲੇਖਕ ਸੰਘ ਵੱਲੋਂ ਸਥਾਨਕ ਪੰਜਾਬੀ ਭਵਨ ਵਿੱਚ ਇੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼ਹੀਦ ਭਗਤ ਸਿੰਘ ਨੂੰ ਮੋਮਬੱਤੀਆਂ ਬਾਲ ਕੇ ਯਾਦ ਕੀਤਾ ਗਿਆ। ਇਸ ਦੌਰਾਨ ਲੇਖਕਾਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਧਾਰਾ ਦੀ ਪ੍ਰਸੰਗਿਕਤਾ ’ਤੇ ਚਰਚਾ ਕੀਤੀ। ਇਸ ਸਮਾਗਮ ਦੀ ਪ੍ਰਧਾਨਗੀ ਸੀਨੀਅਰ ਮੀਤ ਪ੍ਰਧਾਨ ਇੰਦਰਜੀਤਪਾਲ ਕੌਰ, ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ, ਇੰਜ. ਸੁਰਜਣ ਸਿੰਘ ਤੇ ਮਨਦੀਪ ਕੌਰ ਭੰਮਰਾ ਨੇ ਕੀਤੀ। – ਖੇਤਰੀ ਪ੍ਰਤੀਨਿਧ