ਖੇਤਰੀ ਪ੍ਰਤੀਨਿਧ
ਲੁਧਿਆਣਾ, 31 ਦਸੰਬਰ
ਸਥਾਨਕ ਇੱਕ ਸਰਕਾਰੀ ਸਕੂਲ ਦੇ ਅਧਿਆਪਕ ਵੱਲੋਂ ਕਥਿਤ ਤੌਰ ’ਤੇ ਲੜਕੀਆਂ ਨਾਲ ਛੇੜਛਾੜ ਦੇ ਮਾਮਲੇ ਨੂੰ ਲੈ ਕੇ ਪੇਰੈਂਟਸ ਐਸੋਸੀਏਸ਼ਨ ਅਤੇ ਡੀਈਓ ਵਿੱਚ ਚੱਲ ਰਿਹਾ ਵਿਵਾਦ ਅੱਜ ਜੁੱਤੀਆਂ ਦੇ ਹਾਰ ਪਾਉਣ ਤੱਕ ਜਾ ਪਹੁੰਚਿਆ। ਇਹ ਖੁਲਾਸਾ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਰਾਹੀਂ ਹੋਇਆ। ਦੂਜੇ ਪਾਸੇ ਡੀਈਓ ਨੇ ਅਜਿਹਾ ਕਰਨ ਵਾਲਿਆਂ ਵਿਰੁੱਧ ਪੁਲੀਸ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਵਾਇਰਲ ਵੀਡੀਓ ਸਬੰਧੀ ਜਦੋਂ ਪੇਰੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਅਧਿਆਪਕ ਵੱਲੋਂ ਕਥਿਤ ਤੌਰ ’ਤੇ ਲੜਕੀਆਂ ਨਾਲ ਛੇੜਛਾੜ ਦੇ ਮਾਮਲੇ ’ਚ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਅੱਜ ਉਨ੍ਹਾਂ ਨੇ ਡੀਈਓ ਦਾ ਹਾਰ ਪਾ ਕੇ ਸਵਾਗਤ ਕੀਤਾ। ਇਸ ਘਟਨਾ ਸਬੰਧੀ ਵੱਖ ਵੱਖ ਜਥੇਬੰਦੀਆਂ ਨੇ ਜ਼ੋਰਦਾਰ ਨਿਖੇਧੀ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਅਜਿਹੀ ਕਾਰਵਾਈ ਕਰਨ ਵਾਲਿਆਂ ਵਿਰੁੱਧ ਕਾਰਵਾਈ ਹੋਵੇ। ਐੱਸਐੱਚਓ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਡੀਈਓ ਵੱਲੋਂ ਸ਼ਿਕਾਇਤ ਮਿਲੀ ਹੈ। ਇਸ ਦੀ ਜਾਂਚ ਤੋਂ ਬਾਅਦ ਕਥਿਤ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।