ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 3 ਨਵੰਬਰ
ਨਸ਼ਾ ਤਸਕਰੀ ਦੇ ਦੋਸ਼ ’ਚ ਜੇਲ੍ਹ ’ਚੋਂ ਜ਼ਮਾਨਤ ’ਤੇ ਬਾਹਰ ਆਉਣ ਤੋਂ ਬਾਅਦ ਇੱਕ ਨੌਜਵਾਨ ਨੇ ਫਿਰ ਤੋਂ ਨਸ਼ਾ ਤਸਕਰੀ ਦਾ ਧੰਦਾ ਸ਼ੁਰੂ ਕਰ ਦਿੱਤਾ। ਪੁਲੀਸ ਨੇ ਮੁਲਜ਼ਮ ਨੂੰ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਮਾਡਲ ਟਾਊਨ ਇਲਾਕੇ ’ਚੋਂ ਹੈਰੋਇਨ ਲਿਆ ਕੇ ਸਪਲਾਈ ਕਰਨ ਜਾ ਰਿਹਾ ਸੀ। ਮੁਲਜ਼ਮ ਦੇ ਕਬਜ਼ੇ ’ਚੋਂ 105 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਨੇ ਥਾਣਾ ਮਾਡਲ ਟਾਊਨ ’ਚ ਮੁਹੱਲਾ ਅਬਦੁਲਾਪੁਰ ਬਸਤੀ ਵਾਸੀ ਸੌਰਵ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ 2 ਦਿਨਾਂ ਪੁਲੀਸ ਰਿਮਾਂਡ ’ਤੇ ਲੈ ਲਿਆ ਹੈ। ਏਸੀਪੀ ਨਾਰਕੋਟਿਕਸ ਅਸ਼ੋਕ ਕੁਮਾਰ ਨੇ ਦੱਸਿਆ ਕਿ ਸਬ ਇੰਸਪੈਕਟਰ ਤਮੰਨਾ ਦੇਵੀ ਦੀ ਅਗਵਾਈ ਵਿੱਚ ਪੁਲੀਸ ਟੀਮ ਨੇ ਇਲਾਕੇ ’ਚ ਨਾਕਾ ਲਾਇਆ ਹੋਇਆ ਸੀ। ਇਸੇ ਦੌਰਾਨ ਪੁਲੀਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਮਾਡਲ ਟਾਊਨ ਇਲਾਕੇ ’ਚ ਨਸ਼ਾ ਸਪਲਾਈ ਕਰਨ ਲਈ ਜਾ ਰਿਹਾ ਹੈ। ਪੁਲੀਸ ਨੇ ਮੁਲਜ਼ਮ ਨੂੰ ਨਾਕੇ ਦੌਰਾਨ ਗ੍ਰਿਫ਼ਤਾਰ ਕਰ ਲਿਆ। ਪੁਲੀਸ ਪੁੱਛਗਿਛ ’ਚ ਪਤਾ ਲੱਗਿਆ ਕਿ ਮੁਲਜ਼ਮ ਨਸ਼ਾ ਪੂਰਤੀ ਲਈ ਹੀ ਨਸ਼ਾ ਤਸਕਰੀ ਦਾ ਕਾਰੋਬਾਰ ਕਰਦਾ ਸੀ। ਪੁਲੀਸ ਮੁਲਜ਼ਮ ਤੋਂ ਪੁੱਛਗਿਛ ਕਰਕੇ ਪਤਾ ਲਾ ਰਹੀ ਹੈ ਕਿ ਉਹ ਹੈਰੋਇਨ ਕਿਸ ਤੋਂ ਲਿਆ ਕੇ ਅੱਗੇ ਕਿਨ੍ਹਾਂ ਨੂੰ ਸਪਲਾਈ ਕਰਦਾ ਸੀ। ਏਸੀਪੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਦੂਸਰੀ ਪਾਰਟੀ ਸਬ ਇੰਸਪੈਕਟਰ ਮੋਹਨ ਸਿੰਘ ਦੀ ਅਗਵਾਈ ’ਚ ਈਸ਼ਰ ਨਗਰ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਪੁਲੀਸ ਨੂੰ ਸੂਚਨਾ ਮਿਲੀ ਕਿ ਮੁਹੱਲਾ ਗੋਬਿੰਦ ਨਗਰ ਨਿਊ ਸ਼ਿਮਲਾਪੁਰੀ ਵਾਸੀ ਕੰਵਲਜੀਤ ਸਿੰਘ ਉਰਫ਼ ਕਾਕੂ ਨਸ਼ਾ ਤਸਕਰੀ ਦਾ ਧੰਦਾ ਕਰਦਾ ਹੈ। ਮੁਲਜ਼ਮ ਨੂੰ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਤੇ ਉਸ ਦੇ ਕਬਜ਼ੇ ’ਚੋਂ 20 ਗ੍ਰਾਮ ਹੈਰੋਇਨ ਬਰਾਮਦ ਕਰ ਲਈ। ਪੁਲੀਸ ਪੁੱਛਗਿਛ ’ਚ ਪਤਾ ਲੱਗਿਆ ਕਿ ਮੁਲਜ਼ਮ ਬਾਹਰੀ ਸੂਬਿਆਂ ’ਚੋਂ ਹੈਰੋਇਨ ਲਿਆ ਕੇ ਸ਼ਹਿਰ ’ਚ ਸਪਲਾਈ ਕਰਦੇ ਹਨ। ਮੁਲਜ਼ਮ ਪਹਿਲਾਂ ਵੀ ਜੇਲ੍ਹ ਜਾ ਚੁੱਕਿਆ ਹੈ।
ਔਰਤ ਹੈਰੋਇਨ ਤਸਕਰੀ ਦੇ ਦੋਸ਼ ਹੇਠ ਕਾਬੂ
ਥਾਣਾ ਲਾਡੋਵਾਲ ਪੁਲੀਸ ਨੇ ਨਸ਼ਾ ਤਸਕਰੀ ਦੇ ਖਿਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਲਾਡੋਵਾਲ ’ਚ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਔਰਤ ਦੇ ਕਬਜ਼ੇ ’ਚੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਮਾਮਲੇ ’ਚ ਪੁਲੀਸ ਨੇ ਪਿੰਡ ਤਲਵੰਡੀ ਕਲਾਂ ਵਾਸੀ ਮਨੀਸ਼ਾ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਅਨੁਸਾਰ ਜਦੋਂ ਟੀਮ ਫਤਹਿਪੁਰ ਗੁੱਜਰਾਂ ਕੋਲ ਨਾਕੇ ’ਤੇ ਖੜ੍ਹੀ ਸੀ ਤਾਂ ਪੁਲੀਸ ਨੇ ਮੁਲਜ਼ਮ ਔਰਤ ਨੂੰ ਕਾਬੂ ਕਰ ਉਸ ਦੇ ਕਬਜ਼ੇ ’ਚੋਂ ਹੈਰੋਇਨ ਬਰਾਮਦ ਕੀਤੀ। ਉਧਰ, ਥਾਣਾ ਟਿੱਬਾ ਦੀ ਪੁਲੀਸ ਨੇ ਵੀ ਪਿੰਡ ਮੱਲੇਵਾਲ ਵਾਸੀ ਅਮਰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਉਸ ਦੇ ਕਬਜ਼ੇ ’ਚੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਨੇ ਮੁਲਜ਼ਮ ਨੂੰ ਨਾਕਾਬੰਦੀ ਦੌਰਾਨ ਗ੍ਰਿਫ਼ਤਾਰ ਕਰ ਕੇ ਕੇਸ ਦਰਜ ਕਰ ਲਿਆ ਹੈ।