ਗੁਰਿੰਦਰ ਸਿੰਘ
ਲੁਧਿਆਣਾ, 14 ਜੂਨ
ਮਜਲਿਸ ਅਹਿਰਾਰ ਇਸਲਾਮ ਦੇ ਵਫ਼ਦ ਵੱਲੋਂ ਰਾਸ਼ਟਰਪਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਮੰਗ ਪੱਤਰ ਦਿੱਤਾ ਗਿਆ ਹੈ। ਇਸ ਵਿੱਚ ਝਾਰਖੰਡ ਅਤੇ ਯੂਪੀ ਦੀਆਂ ਸਰਕਾਰਾਂ ਵੱਲੋਂ ਘੱਟ ਗਿਣਤੀਆਂ ਵਿਰੁੱਧ ਕੀਤੀਆਂ ਜਾ ਰਹੀਆਂ ਕਾਰਵਾਈਆਂ ਰੋਕ ਕੇ ਪੀੜਤਾਂ ਨੂੰ ਇਨਸਾਫ਼ ਦੇਣ ਲਈ ਤੁਰੰਤ ਕਦਮ ਚੁੱਕਣ ਲਈ ਕਿਹਾ ਗਿਆ ਹੈ।
ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਦੀ ਅਗਵਾਈ ਹੇਠ ਐੱਸਡੀਐੱਮ ਗੁਰਸਿਮਰਨ ਸਿੰਘ ਢਿੱਲੋਂ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਵਿੱਚ ਕਿਹਾ ਗਿਆ ਹੈ ਕਿ ਪੈਗੰਬਰ ਮੁਹੰਮਦ ਸਾਹਿਬ ਬਾਰੇ ਇਤਰਾਜ਼ਯੋਗ ਟਿੱਪਣੀ ਤੋਂ ਬਾਅਦ ਉੱਤਰ ਪ੍ਰਦੇਸ਼ ਅਤੇ ਝਾਰਖੰਡ ਵਿੱਚ ਰੋਸ ਪ੍ਰਗਟ ਕਰ ਰਹੇ ਲੋਕਾਂ ’ਤੇ ਗੋਲੀਆਂ ਚਲਾਉਣ ਅਤੇ ਬਿਨਾਂ ਜੁਰਮ ਸਾਬਤ ਹੋਏ ਘਰਾਂ ’ਤੇ ਬੁਲਡੋਜ਼ਰ ਚਲਾਉਣ ਦੀ ਕਾਰਵਾਈ ਅੱਤਿਆਚਾਰ ਅਤੇ ਗੁਨਾਹ ਹੈ। ਉਨ੍ਹਾਂ ਮੰਗ ਕੀਤੀ ਕਿ ਰਾਂਚੀ ਵਿੱਚ ਗੋਲੀ ਮਾਰ ਕੇ ਕਤਲ ਕੀਤੇ ਗਏ ਮੁਦੱਸਰ ਅਤੇ ਸਾਹਿਲ ਦੇ ਕਾਤਲਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਉੱਤਰ ਪ੍ਰਦੇਸ਼ ਵਿੱਚ ਕਾਨੂੰਨ ਵਿਵਸਥਾ ਦੀਆਂ ਧੱਜੀਆਂ ਉਡਾਉਣ ਵਾਲੇ ਪ੍ਰਸ਼ਾਸਕੀ ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਨੇ ਕਿਹਾ ਕਿ ਦੇਸ਼ ਵਿੱਚ ਆਏ ਦਿਨ ਹੋ ਰਿਹਾ ਇਨਸਾਫ਼ ਦਾ ਕਤਲੇਆਮ ਬੰਦ ਕੀਤਾ ਜਾਵੇ। ਦੇਸ਼ ਵਿੱਚ ਕਾਨੂੰਨ ਸਭ ਲਈ ਬਰਾਬਰ ਹੈ ਪਰ ਕਾਨੂੰਨ ਅਤੇ ਇਨਸਾਫ਼ ਦੀ ਸਥਾਪਨਾ ਕਰਨ ਵਾਲੇ ਲੋਕ ਹੁਣ ਪੱਖਪਾਤ ਕਰਦੇ ਨਜ਼ਰ ਆ ਰਹੇ ਹਨ, ਜੋ ਕਿ ਅਫ਼ਸੋਸਨਾਕ ਹੈ।
ਸ਼ਾਹੀ ਇਮਾਮ ਪੰਜਾਬ ਨੇ ਉੱਤਰ ਪ੍ਰਦੇਸ਼ ਵਿੱਚ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਪੁਲੀਸ ਵੱਲੋਂ ਅਦਾਲਤ ਵਿੱਚ ਦੋਸ਼ ਸਾਬਤ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਦੇ ਘਰਾਂ ਵਿੱਚ ਵੜ ਕੇ ਬੁਲਡੋਜ਼ਰ ਚਲਾਉਣਾ ਗ਼ੈਰ-ਕਾਨੂੰਨੀ ਹੈ। ਉਨ੍ਹਾਂ ਰਾਸ਼ਟਰਪਤੀ ਨੂੰ ਇਹ ਵੀ ਅਪੀਲ ਕੀਤੀ ਕਿ ਜੋ ਸੂਬਾ ਸਰਕਾਰ ਕਾਨੂੰਨ ਨੂੰ ਹੱਥ ਵਿੱਚ ਲੈ ਕੇ ਘੱਟ ਗਿਣਤੀਆਂ ਖ਼ਿਲਾਫ਼ ਮਾਹੌਲ ਬਣਾ ਰਹੀ ਹੈ, ਉਸ ਨੂੰ ਬਰਖ਼ਾਸਤ ਕੀਤਾ ਜਾਵੇ। ਸ਼ਾਹੀ ਇਮਾਮ ਨੇ ਕਿਹਾ ਕਿ ਜਿਨ੍ਹਾਂ ਘੱਟ ਗਿਣਤੀਆਂ ’ਤੇ ਜ਼ੁਲਮ ਹੋਏ ਹਨ ਜਾਂ ਉਨ੍ਹਾਂ ਦੇ ਘਰਾਂ ਉੱਤੇ ਬੁਲਡੋਜ਼ਰ ਚਲਾਏ ਗਏ ਹਨ, ਉਨ੍ਹਾਂ ਦੇ ਘਰਾਂ ਦੀ ਮੁੜ ਉਸਾਰੀ ਕਰਵਾਉਣਾ ਸਬੰਧਿਤ ਮਸਜਿਦਾਂ ਦੇ ਪ੍ਰਬੰਧਕਾਂ ਦੀ ਜ਼ਿੰਮੇਵਾਰੀ ਹੈ ਜਿਸ ਨੂੰ ਉਹ ਜਲਦੀ ਪੂਰਾ ਕਰਨ।