ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 22 ਜੂਨ
ਰਾਹੋਂ ਰੋਡ ’ਤੇ ਅੱਜ ਸਵੇਰੇ ਤੇਜ਼ ਰਫ਼ਤਾਰ ਟਿੱਪਰ ਵੱਲੋਂ ਟੱਕਰ ਮਾਰਨ ਕਾਰਨ ਐਕਟਿਵਾ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਮੁਲਜ਼ਮ ਉਥੋਂ ਫ਼ਰਾਰ ਹੋ ਗਿਆ। ਇਸ ਦੌਰਾਨ ਐਕਟਿਵਾ ਸਵਾਰ ਪਰਿਵਾਰ ਵਾਲਿਆਂ ਨੇ ਟਿੱਪਰ ਚਾਲਕ ਖ਼ਿਲਾਫ਼ ਨਾਅਰੇਬਾਜੀ ਕੀਤੀ ਤੇ ਟਰੈਫਿਕ ਜਾਮ ਕਰ ਦਿੱਤਾ। ਪਰਿਵਾਰ ਵੱਲੋਂ ਦੋ ਘੰਟੇ ਤੱਕ ਨੇ ਰਾਹੋਂ ਰੋਡ ਜਾਮ ਰੱਖਣ ਕਾਰਨ ਲੋਕ ਵੀ ਕਾਫ਼ੀ ਪ੍ਰੇਸ਼ਾਨ ਹੋਏ। ਮ੍ਰਿਤਕ ਦੀ ਪਛਾਣ ਪਿੰਡ ਸੀੜਾ ਵਾਸੀ ਰਾਮ ਤੀਰਥ ਵਜੋਂ ਹੋਈ ਹੈ। ਸੂਚਨਾ ਮਿਲਣ ਮਗਰੋਂ ਥਾਣਾ ਮੇਹਰਬਾਨ ਦੀ ਪੁਲੀਸ ਮੌਕੇ ’ਤੇ ਪੁੱਜੀ ਅਤੇ ਪਰਿਵਾਰ ਨੂੰ ਸ਼ਾਂਤ ਕਰਵਾਇਆ। ਥਾਣਾ ਬਸਤੀ ਜੋਧੇਵਾਲ ਪੁਲੀਸ ਨੇ ਟਿੱਪਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਪਿੰਡ ਸੀੜਾ ਵਾਸੀ ਰਾਮ ਤੀਰਥ ਫੈਕਟਰੀ ਵਿੱਚ ਕੰਮ ਕਰਦਾ ਹੈ। ਰੋਜ਼ਾਨਾ ਵਾਂਗ ਉਹ ਅੱਜ ਵੀ ਸਵੇਰੇ ਐਕਟਿਵਾ ’ਤੇ ਸਵਾਰ ਹੋ ਕੇ ਕੰਮ ’ਤੇ ਜਾ ਰਿਹਾ ਸੀ। ਰਸਤੇ ਵਿੱਚ ਰਾਹੋਂ ਰੋਡ ’ਤੇ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਉਸਨੂੰ ਟੱਕਰ ਮਾਰ ਦਿੱਤੀ ਤੇ ਉਸ ਨੂੰ ਥੱਲੇ ਦੇ ਦਿੱਤਾ। ਜਿਸ ਤੋਂ ਬਾਅਦ ਮੁਲਜ਼ਮ ਨੇ ਐਕਟਿਵਾ ਨੂੰ ਸਾਈਡ ਕੀਤਾ ਤੇ ਟਿੱਪਰ ਲੈ ਕੇ ਫ਼ਰਾਰ ਹੋ ਗਿਆ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪਰਿਵਾਰ ਵਾਲੇ ਮੌਕੇ ’ਤੇ ਪੁੱਜ ਗਏ। ਥਾਣਾ ਮੇਹਰਬਾਨ ਦੀ ਪੁਲੀਸ ਮੌਕੇ ’ਤੇ ਪੁੱਜੀ ਤਾਂ ਉਨ੍ਹਾਂ ਨੇ ਦੱਸਿਆ ਕਿ ਇਹ ਇਲਾਕਾ ਬਸਤੀ ਜੋਧੇਵਾਲ ਪੁਲੀਸ ਦੇ ਅਧੀਨ ਆਉਂਦਾ ਹੈ। ਜਿਸ ਤੋਂ ਬਾਅਦ ਪਰਿਵਰਾ ਵਾਲੇ ਗੁੱਸੇ ਵਿੱਚ ਆ ਗਏ ਤੇ ਉਨ੍ਹਾਂ ਨੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਉਨ੍ਹਾਂ ਨੇ ਟਰੈਫਿਕ ਜਾਮ ਲਗਾ ਦਿੱਤਾ। ਦੋ ਘੰਟੇ ਤੱਕ ਸੜਕ ਜਾਮ ਰੱਖੀ ਗਈ। ਜਿਸ ਤੋਂ ਬਾਅਦ ਰਾਹੋਂ ਰੋਡ ’ਤੇ ਵਾਹਨਾਂ ਦੀ ਲੰਮੀਆਂ ਲੰਮੀਆਂ ਲਾਈਨਾਂ ਲੱਗ ਗਈਆਂ।
ਉਧਰ, ਮੌਕੇ ’ਤੇ ਪੁੱਜੇ ਥਾਣਾ ਬਸਤੀ ਜੋਧੇਵਾਲ ਦੇ ਐੱਸਐੱਚਓ ਇੰਸਪੈਕਟਰ ਗੁਰਮੁੱਖ ਸਿੰਘ ਨੇ ਦੱਸਿਆ ਕਿ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਪਰਿਵਾ ਵਾਲਿਆਂ ਨੂੰ ਭਰੋਸਾ ਦਿੱਤਾ ਗਿਆ ਕਿ ਮੁਲਜ਼ਮਾਂ ਨੂੰ ਫੜ੍ਹ ਲਿਆ ਜਾਵੇ। ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਧਰਨਾ ਖਤਮ ਕਰ ਦਿੱਤਾ।