ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 26 ਨਵੰਬਰ
ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਰਿਹਾਇਸ਼ੀ ਕਲੋਨੀਆਂ ਵਿਕਸਤ ਕਰਨ ਵਾਲੇ ਲੋਕਾਂ ਨੂੰ ਅੱਜ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸੰਦੀਪ ਕੁਮਾਰ ਵਿਰੁੱਧ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ। ਉਨ੍ਹਾਂ ਕਲੋਨਾਈਜ਼ਰਾਂ ਨੂੰ ਅਪੀਲ ਕੀਤੀ ਹੈ ਕਿ ਜੇ ਉਹ ਆਪਣਾ ਕਾਰੋਬਾਰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚਲਾਉਣਾ ਚਾਹੁੰਦੇ ਹਨ ਤਾਂ ਉਹ ਕਾਨੂੰਨੀ ਰਾਹ ਅਪਣਾਉਣ ਅਤੇ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਤੋਂ ਆਪਣਾ ਲਾਇਸੰਸ ਜਾਰੀ ਕਰਵਾਉਣ। ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨੇ ਅੱਜ ਥਰੀਕੇ ਖੇਤਰ ਵਿੱਚ ਆਰੀਅਨ ਐਨਕਲੇਵ ਅਤੇ ਗ੍ਰੀਨ ਐਨਕਲੇਵ ਨਾਂ ਦੀਆਂ ਦੋ ਕਲੋਨੀਆਂ ’ਚ ਛਾਪੇ ਮਾਰੇ, ਨਾਲ ਹੀ ਇਨ੍ਹਾਂ ਰਿਹਾਇਸ਼ੀ ਕਲੋਨੀਆਂ ਵਿੱਚ ਚੱਲ ਰਹੇ ਗੈਰ-ਕਾਨੂੰਨੀ ਨਿਰਮਾਣ ਕਾਰਜਾਂ ’ਤੇ ਰੋਕ ਵੀ ਲਗਾਈ, ਇਹ ਕਲੋਨੀਆਂ ਬਿਨਾਂ ਮਨਜ਼ੂਰੀ ਤੋਂ ਕੱਟੀਆਂ ਜਾ ਰਹੀਆਂ ਸਨ। ਏਡੀਸੀ ਸੰਦੀਪ ਕੁਮਾਰ ਨੇ ਦੱਸਿਆ ਕਿ ਅਜਿਹੇ ਕਲੋਨਾਈਜ਼ਰ ਗਲਾਡਾ ਕੋਲ ਆਪਣੇ ਲਾਇਸੈਂਸ ਲਈ ਅਪਲਾਈ ਕਰ ਸਕਦੇ ਹਨ ਅਤੇ ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਇਹ ਲਾਇਸੈਂਸ ਬਿਨਾਂ ਕਿਸੇ ਮੁਸ਼ਕਲ ਦੇ ਜਾਰੀ ਕੀਤੇ ਜਾਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਕੋਈ ਵੀ ਜਾਇਜ਼ ਲਾਇਸੈਂਸ ਤੋਂ ਬਿਨਾਂ ਉਸਾਰੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁਧ ਸਖ਼ਤ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।