ਏਡੀਸੀ ਵੱਲੋਂ ਈਸੜੂ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ
ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ’ਤੇ ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਪਿੰਡ ਈਸੜੂ ਵਿੱਚ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਪਿੰਡ ਈਸੜੂ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲੈਣ ਆਏ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ਼ਿਖਾ ਭਗਤ ਅਤੇ ਉਪ ਮੰਡਲ ਮੈਜਿਸਟਰੇਟ ਖੰਨਾ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਇਸ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਰਾਜ ਪੱਧਰੀ ਸਮਾਗਮ ਨੂੰ ਸਫ਼ਲ ਬਣਾਉਣ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ।
ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਮਾਗਮ ਲਈ ਪਿੰਡ ਈਸੜੂ ਵਿੱੱਚ ਸ਼ਮੂਲੀਅਤ ਕਰਨ ਵਾਲੀ ਸੰਗਤ ਦੇ ਬੈਠਣ ਦਾ ਪ੍ਰਬੰਧ ਤੇ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਰ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਆਦਮਕੱਦ ਬੁੱਤ ਅਤੇ ਸਮਾਰਕ ਦੀ ਦਿੱਖ ਸਵਾਰਨ ਅਤੇ ਸ਼ਮਿਆਨਾ ਆਦਿ ਲਗਾਉਣ ਲਈ ਵੀ ਡਿਊਟੀਆਂ ਲਗਾਈਆਂ ਗਈਆਂ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਮੌਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਖੰਨਾ ਪੁਲੀਸ ਵੱਲੋਂ ਕੀਤੇ ਜਾਣਗੇ। ਇਸ ਮੌਕੇ ਪਾਰਕਿੰਗ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੀ ਪੁਲੀਸ ਵਿਭਾਗ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਨਿਰਵਿਘਨ ਬਿਜਲੀ ਦੀ ਸਪਲਾਈ ਚਾਲੂ ਰੱਖਣ ਲਈ ਪੀਐੱਸਪੀਸੀਐੱਲ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ।