ਖੇਤਰੀ ਪ੍ਰਤੀਨਿਧ
ਲੁਧਿਆਣਾ, 24 ਅਗਸਤ
ਇੱਥੋਂ ਦੇ ਰਾਹੋਂ ਰੋਡ ’ਤੇ ਗਹਿਲੇਵਾਲ ਮੌੜ ਵਿੱਚ ਮਾਰਕੀਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਮੀਟਿੰਗ ਕੀਤੀ, ਜਿਸ ਵਿੱਚ ਦੁਕਾਨਦਾਰਾਂ ਵੱਲੋਂ ਸੀਵਰੇਜ ਸਮੱਸਿਆ ਅਤੇ ਸੜਕਾਂ ’ਤੇ ਖੜ੍ਹੇ ਪਾਣੀ ਕਾਰਨ ਦਰਪੇਸ਼ ਮੁਸ਼ਕਿਲਾਂ ਬਾਰੇ ਜਾਣੂੰ ਕਰਵਾਇਆ ਗਿਆ। ਮੀਟਿੰਗ ਦੌਰਾਨ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਡਾ. ਅੰਕੁਰ ਮਹਿੰਦਰੂ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।
ਵਿਧਾਇਕ ਭੋਲਾ ਨੇ ਦੱਸਿਆ ਕਿ ਇਲਾਕੇ ਦੇ ਵਸਨੀਕਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਸੀਵਰੇਜ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ। ਉਨ੍ਹਾਂ ਦੱਸਿਆ ਕਿ ਬਰਸਾਤੀ ਮੌਸਮ ਦੌਰਾਨ ਤਾਂ ਹਾਲਾਤ ਬੇਹੱਦ ਮਾੜੇ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਦੀ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਵਾਉਣ ਦਾ ਮੁੱਖ ਮੰਤਵ ਲੋਕਾਂ ਦੀਆਂ ਪ੍ਰੇਸ਼ਾਨੀਆਂ ਤੋਂ ਅਧਿਕਾਰੀਆਂ ਨੂੰ ਜਾਣੂੰ ਕਰਵਾਇਆ ਸੀ। ਇਸ ਮੌਕੇ ਅਧਿਕਾਰੀਆਂ ਨੇ ਜਲਦੀ ਬਰਸਾਤੀ ਪਾਣੀ ਦੀ ਨਿਕਾਸੀ ਲਈ ਢੁੱਕਵਾਂ ਹੱਲ ਕੱਢਣ ਦਾ ਭਰੋਸਾ ਦਿੱਤਾ। ਵਿਧਾਇਕ ਨੇ ਦੱਸਿਆ ਕਿ ਇੱਕ ਐਸਟੀਮੇਟ ਤਿਆਰ ਕੀਤਾ ਜਾ ਰਿਹਾ ਹੈ, ਜਿਸ ਤਹਿਤ ਕਰੀਬ 368 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਅਧੀਨ ਰਾਹੋਂ ਰੋਡ ਦੇ ਪਿੰਡਾਂ ਦਾ ਸਾਰਾ ਪਾਣੀ ਭੱਟੀਆਂ ਡਿਸਪੋਜ਼ਲ ’ਤੇ ਪਾਇਆ ਜਾਵੇਗਾ, ਜਿਸ ਨਾਲ ਵਸਨੀਕਾਂ ਨੂੰ ਸੀਵਰੇਜ ਅਤੇ ਇਲਾਕੇ ਵਿੱਚ ਪਾਣੀ ਦੇ ਇਕੱਠਾ ਹੋਣ ਵਾਲੀ ਸਮੱਸਿਆ ਤੋਂ ਨਿਜਾਤ ਮਿਲੇਗੀ। ਉੁਨ੍ਹਾਂ ਕਿਹਾ ਕਿ ‘ਆਪ’ ਸਰਕਾਰ ਲੋਕਾਂ ਨੂੰ ਹਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।