ਮਹੇਸ਼ ਸ਼ਰਮਾ
ਮੰਡੀ ਅਹਿਮਦਗੜ੍ਹ, 30 ਜੂਨ
ਵਾਤਾਵਰਨ ਨੂੰ ਬਚਾਉਣ ਲਈ ਸ਼ੁੱਕਰਵਾਰ ਤੋਂ ਸਿੰਗਲ ਯੂਜ ਪਲਾਸਟਿਕ ਦੀ ਵਿਕਰੀ, ਸਟੋਰੇਜ ਅਤੇ ਵਰਤੋਂ ’ਤੇ ਮੁਕੰਮਲ ਰੋਕ ਲਗਾਉਣ ਲਈ ਸਿਵਲ ਪ੍ਰਸ਼ਾਸਨ ਪੱਬਾਂ ਭਾਰ ਹੈ। ਇਸ ਸਬੰਧ ’ਚ ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਜਾਰੀ ਹਦਾਇਤਾਂ ਨੂੰ ਲਾਗੂ ਕਰਵਾਉਣ ਲਈ ਨਗਰ ਕੌਂਸਲ ਅਹਿਮਦਗੜ੍ਹ ਅਤੇ ਨਗਰ ਕੌਂਸਲ ਰਾਏਕੋਟ ਦੇ ਅਧਿਕਾਰੀਆਂ ਨੇ ਸਬੰਧਤ ਸਾਰੀਆਂ ਧਿਰਾਂ ਨਾਲ ਵੱਖ-ਵੱਖ ਮੀਟਿੰਗਾਂ ਕਰ ਕੇ ਜਾਗਰੂਕਤਾ ਪੈਦਾ ਕਰਨ ਦਾ ਦਾਅਵਾ ਕੀਤਾ ਹੈ।
ਇਸ ਮੌਕੇ ਐੱਸਡੀਐੱਮ ਅਹਿਮਦਗੜ੍ਹ ਹਰਬੰਸ ਸਿੰਘ ਅਤੇ ਐੱਸਡੀਐੱਮ ਰਾਏਕੋਟ ਗੁਰਬੀਰ ਸਿੰਘ ਕੋਹਲੀ ਨੇ ਦੱਸਿਆ ਕਿ ਦੁਕਾਨਦਾਰਾਂ, ਕੌਂਸਲਰਾਂ, ਕੌਂਸਲ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਨੋਟੀਫਿਕੇਸ਼ਨ ਦੇ ਵੇਰਵੇ ਨਾਲ ਦੱਸ ਦਿੱਤਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1 ਜੁਲਾਈ 2022 ਤੋਂ ਸਿੰਗਲ ਯੂਜ ਪਲਾਸਟਿਕ ਦੀਆਂ ਸਮੂਹ ਵਸਤਾਂ ਜਿਵੇਂ ਪਲਾਸਟਿਕ ਦੇ ਬਰਤਨ, ਸਟਿੱਕਰ, ਕਵਰ ਅਤੇ ਲਿਫਾਫੇ ਆਦਿ ਦੀ ਵਿਕਰੀ, ਭੰਡਾਰਨ ਅਤੇ ਵਰਤੋਂ ’ਤੇ ਪੂਰਨ ਪਾਬੰਦੀ ਲਾ ਦਿੱਤੀ ਗਈ ਹੈ।
ਕਾਰਜਸਾਧਕ ਅਫ਼ਸਰ ਚੰਦਰ ਪ੍ਰਕਾਸ਼ ਵਧਵਾ ਅਤੇ ਅਮਰਇੰਦਰ ਸਿੰਘ ਨੇ ਮੀਟਿੰਗਾਂ ਕਰ ਕੇ ਆਪਣੇ ਇਲਾਕੇ ਦੇ ਪਲਾਸਟਿਕ ਵਿਕਰੇਤਾਵਾਂ, ਦੁਕਾਨਦਾਰਾਂ ਅਤੇ ਯੂਨੀਅਨਾਂ ਦੇ ਆਗੂਆਂ ਨੂੰ ਉਕਤ ਹੁਕਮਾਂ ਤੋਂ ਜਾਣੂ ਕਰਵਾ ਦੇਣ ਦਾ ਦਾਅਵਾ ਕੀਤਾ ਹੈ। ਭਾਵੇਂ ਸ਼ੁਰੂ ਵਿੱਚ ਇਨ੍ਹਾਂ ਹੁਕਮਾਂ ਨੂੰ ਲੋੜੀਂਦੀ ਜਾਗਰੂਕਤਾ ਪੈਦਾ ਕਰ ਕੇ ਲਾਗੂ ਕਰਵਾਇਆ ਜਾਵੇਗਾ ਪਰ ਇਸ ਦੇ ਨਾਲ ਹੀ ਜਾਣਬੁੱਝ ਕੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਉਣ ਬਾਰੇ ਵੀ ਦੱਸਿਆ ਗਿਆ ਹੈ। ਇਸ ਮੌਕੇ ਅਧਿਕਾਰੀਆਂ ਨੇ ਇਲਾਕਾਂ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਖਰੀਦਦਾਰੀ ਕਰਨ ਸਮੇਂ ਪਲਾਸਟਿਕ ਦੇ ਲਿਫ਼ਾਫ਼ੇ ਆਦਿ ਦੀ ਵਰਤੋਂ ਨਾ ਕਰਨ।