ਚੌੜਾ ਬਾਜ਼ਾਰ ’ਤੇ ਹੋਰਨਾਂ ਥਾਵਾਂ ’ਤੇ ਪ੍ਰਸ਼ਾਸਨ ਨੇ ਕਬਜ਼ੇ ਹਟਾਏ
ਤਿਉਹਾਰਾਂ ਦੇ ਸੀਜ਼ਨ ਦੌਰਾਨ ਸ਼ਹਿਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿੱਚ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਕੰਮ ਕਰਦੇ ਹੋਏ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਬੁੱਧਵਾਰ ਨੂੰ ਚੌੜਾ ਬਾਜ਼ਾਰ ਅਤੇ ਨੇੜਲੇ ਇਲਾਕਿਆਂ ਵਿੱਚ ਟਰੈਫਿਕ ਪੁਲੀਸ ਅਤੇ ਨਗਰ ਨਿਗਮ ਦੀ ਤਹਿਬਾਜ਼ਾਰੀ ਸ਼ਾਖਾ ਦੁਆਰਾ ਚਲਾਈ ਗਈ ਸਾਂਝੀ ਨਾਜਾਇਜ਼ ਕਬਜ਼ਿਆਂ ਵਿਰੋਧੀ ਮੁਹਿੰਮ ਦੀ ਅਗਵਾਈ ਕੀਤੀ। ਮੁਹਿੰਮ ਦੌਰਾਨ, ਪੀਲੀ ਲਾਈਨ ਤੋਂ ਬਾਹਰ ਸੜਕ ਦੇ ਹਿੱਸੇ ’ਤੇ ਕਬਜ਼ਾ ਕਰਨ ਵਾਲੇ ਦੁਕਾਨਦਾਰਾਂ ਤੇ ਰੇਹੜੀ-ਫੜ੍ਹੀ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਗਈ। ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਦੱਸਿਆ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਦੀਆਂ ਮਾਰਕੀਟ ਐਸੋਸੀਏਸ਼ਨਾਂ ਨਾਲ ਕਈ ਮੀਟਿੰਗਾਂ ਕੀਤੀਆਂ ਸਨ। ਦੁਕਾਨਦਾਰਾਂ ਤੇ ਰੇਹੜੀ-ਫੜ੍ਹੀ ਵਾਲਿਆਂ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਪੀਲੀ ਲਾਈਨ ਦੇ ਅੰਦਰ ਆਪਣੀਆਂ ਰੇਹੜੀਆਂ ਤੇ ਸਮਾਨ ਲਗਾਉਣ ਤਾਂ ਜੋ ਸੜਕ ਦੇ ਹਿੱਸਿਆਂ ’ਤੇ ਕਬਜ਼ੇ ਸੁਚਾਰੂ ਆਵਾਜਾਈ ਵਿੱਚ ਰੁਕਾਵਟ ਨਾ ਬਣਨ। ਬੁੱਧਵਾਰ ਨੂੰ ਚੌੜਾ ਬਾਜ਼ਾਰ ਇਲਾਕੇ ਵਿੱਚ ਮੁਹਿੰਮ ਚਲਾਈ ਗਈ ਤਾਂ ਜੋ ਜ਼ਮੀਨੀ ਪੱਧਰ ’ਤੇ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਗਈ। ਇਸ ਤੋਂ ਇਲਾਵਾ ਦੁਕਾਨਦਾਰਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਨੂੰ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ ਕਿ ਉਹ ਪੀਲੀ ਲਾਈਨ ਦੇ ਅੰਦਰ ਰਹਿਣ। ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਸ਼ਹਿਰ ਭਰ ਵਿੱਚ ਜਾਰੀ ਰਹੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪਰਾਸ਼ਰ ਨੇ ਕਿਹਾ ਕਿ ਨਗਰ ਨਿਗਮ ਤਿਉਹਾਰਾਂ ਦੇ ਸੀਜ਼ਨ ਦੌਰਾਨ ਕਿਸੇ ਵੀ ਦੁਕਾਨਦਾਰ, ਰੇਹੜੀ-ਫੜ੍ਹੀ ਵਾਲਿਆਂ ਵਿਰੁੱਧ ਕਾਰਵਾਈ ਨਹੀਂ ਕਰਨਾ ਚਾਹੁੰਦਾ, ਪਰ ਜੇਕਰ ਸੁਚਾਰੂ ਆਵਾਜਾਈ ਵਿੱਚ ਕੋਈ ਰੁਕਾਵਟ ਆਉਂਦੀ ਹੈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਕਬਜ਼ਿਆਂ ਨੂੰ ਰੋਕਣ ਨਾਲ ਸਬੰਧਤ ਬਾਜ਼ਾਰਾਂ ਵਿੱਚ ਲੋਕਾਂ ਦੀ ਆਮਦ ਵਿੱਚ ਵੀ ਸੁਧਾਰ ਹੋਵੇਗਾ ਕਿਉਂਕਿ ਲੋਕਾਂ ਲਈ ਕਾਫ਼ੀ ਪਾਰਕਿੰਗ ਜਗ੍ਹਾਂ ਉਪਲਬਧ ਹੋਵੇਗੀ।