ਗੌਰਮਿੰਟ ਟੀਚਰਜ ਯੂਨੀਅਨ ਵੱਲੋਂ ਪੰਜਾਬ ਵਿੱਚ ਹੜਾਂ ਦੀ ਮਾਰ ਝਲ ਰਹੇ ਪੀੜਤਾਂ ਨਾਲ ਖੜ੍ਹਨ ਦੇ ਨਾਲ ਨਾਲ ਉਹਨਾਂ ਦੇ ਮੁੜ ਵਸੇਬੇ ਲਈ ਯਤਨ ਕੀਤੇ ਜਾਣਗੇ। ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਵਿੰਦਰ ਸਿੰਘ ਸਸਕੌਰ, ਵਿੱਤ ਸਕੱਤਰ ਪ੍ਰਿੰਸੀਪਲ ਅਮਨਦੀਪ ਸ਼ਰਮਾ ਅਤੇ ਪ੍ਰੈਸ ਸਕੱਤਰ ਕਰਨੈਲ ਸਿੰਘ ਫਿਲੋਰ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਪੰਜਾਬ ਦੇ ਜ਼ਿਲਿ੍ਹਆਂ ਵਿੱਚ ਜ਼ਿਲ੍ਹਾ ਕਮੇਟੀਆਂ ਬਣਾ ਕੇ ਸਾਰੇ ਜ਼ਿਲਿ੍ਹਆਂ ਵਿੱਚੋਂ ਹੜ੍ਹ ਪੀੜਤਾਂ ਦੀ ਮਦਦ ਲਈ ਤਕਰੀਬਨ 31.20 ਲੱਖ ਰੁਪਏ ਦੀ ਰਾਸ਼ੀ ਇਕੱਠੀ ਕੀਤੀ ਗਈ ਹੈ ਅਤੇ ਹੋਰ ਸਹਾਇਤਾ ਰਾਸ਼ੀ ਇਕੱਠੀ ਕਰਨ ਦੀ ਮੁਹਿੰਮ ਚੱਲ ਰਹੀ ਹੈ।
ਇਸ ਮੁਹਿੰਮ ਨੂੰ ਸਮੁੱਚੇ ਅਧਿਆਪਕ ਵਰਗ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਇਸ ਰਾਸ਼ੀ ਨੂੰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਜਿਵੇਂ ਹੜ੍ਹ ਮਾਰੇ ਇਲਾਕਿਆਂ ਦੇ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ, ਮਿੱਡ-ਡੇਅ ਮੀਲ ਵਰਕਰਾਂ, ਦਰਜਾ ਚਾਰ ਕਰਮਚਾਰੀਆਂ ਦੇ ਪਰਿਵਾਰਾਂ ਦੀ ਪਹਿਲ ਦੇ ਆਧਾਰ ਤੇ ਮਦਦ ਕੀਤੀ ਜਾਵੇਗੀ। ਇਸ ਤੋਂ ਇਲਾਵਾ ਹੜ੍ਹ ਪੀੜਤ ਲੋੜਵੰਦ ਪਰਿਵਾਰਾਂ ਦੀ ਵੀ ਮਦਦ ਕੀਤੀ ਜਾਵੇਗੀ। ਜਥੇਬੰਦੀ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਦੇ ਪਹਿਲੇ ਗੇੜ ਤਹਿਤ ਕਪੂਰਥਲਾ, ਫਾਜਿਲਕਾ, ਗੁਰਦਾਸਪੁਰ, ਪਟਿਆਲਾ, ਮੁਕਤਸਰ, ਫਿਰੋਜ਼ਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਪਠਾਨਕੋਟ, ਮੋਗਾ ਅਤੇ ਜਲੰਧਰ ਜ਼ਿਲ੍ਹਿਆਂ ਵਿੱਚ ਟੀਮਾਂ ਬਣਾ ਕੇ ਮਦਦ ਦੇਣ ਦਾ ਕੰਮ ਸ਼ੁਰੂ ਕੀਤਾ ਜਾ ਚੁੱਕਾ ਹੈ। ਆਉਣ ਵਾਲੇ ਦਿਨਾਂ ਵਿੱਚ ਮਦਦ ਲਈ ਹੋਰ ਟੀਮਾਂ ਬਣਾ ਕੇ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉੱਧਰ ਜਿਲ੍ਹਾ ਲੁਧਿਆਣਾ ਦੇ ਪ੍ਰਧਾਨ ਜਗਜੀਤ ਸਿੰਘ ਮਾਨ ਨੇ ਦੱਸਿਆ ਕਿ ਲੋੜਵੰਦ ਪਰਿਵਾਰਾਂ ਦੀ ਅਮਦਾਦ ਕਰਨ ਹਿੱਤ ਅਧਿਆਪਕ ਸਾਥੀਆਂ ਵੱਲੋਂ ਲੋੜਿੰਦੀਆਂ ਵਸਤਾਂ ਦੀ ਸੂਚੀ ਤਿਆਰ ਕੀਤੀ ਗਈ ਹੈ ਜਿਹੜੀ ਕਿ ਦਾਨੀ ਸੱਜਣਾ ਤੋਂ ਇੱਕਠੀ ਕਰਕੇ ਪਾਣੀ ਉਤਰਨ ਤੋਂ ਬਾਅਦ ਵੰਡੀ ਜਾਵੇਗੀ।