ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਲੀਗਲ ਵਿੰਗ ਦੇ ਸੂਬਾ ਪ੍ਰਧਾਨ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਕਿਹਾ ਹੈ ਕਿ ਲੀਗਲ ਵਿੰਗ ਵੱਲੋਂ ਪੰਜਾਬ ਭਰ ਵਿੱਚ ਇਕਾਈਆਂ ਦਾ ਗਠਨ ਕਰਕੇ ਲੋੜਵੰਦ ਅਤੇ ਦੱਬੇ ਕੁਚਲੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਵੇਗੀ। ਉਹ ਜ਼ਿਲ੍ਹਾ ਕਚਿਹਰੀਆਂ ਵਿੱਚ ਵਿੰਗ ਦੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ ਜਿਸ ਵਿੱਚ ਐਡਵੋਕੇਟ ਰਣਧੀਰ ਸਿੰਘ ਭੰਗੂ ਨੂੰ ਸੰਗਰੂਰ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਸ੍ਰੀ ਘੁੰਮਣ ਨੇ ਐਡਵੋਕੇਟ ਭੰਗੂ ਨੂੰ ਨਿਯੁਕਤੀ ਪੱਤਰ ਸੌਂਪ ਕੇ ਵਿੰਗ ਦੀ ਮਜ਼ਬੂਤੀ ਦੇ ਨਾਲ ਨਾਲ ਜ਼ਰੂਰਤਮੰਦਾਂ ਦੀ ਮਦਦ ਲਈ ਕੰਮ ਕਰਨ ਦਾ ਸੱਦਾ ਦਿੱਤਾ। ਸ੍ਰੀ ਘੁੰਮਣ ਨੇ ਕਿਹਾ ਕਿ ਸਾਰੀਆਂ ਜ਼ਿਲਾ ਇਕਾਈਆਂ ਲੋੜਵੰਦ ਲੋਕਾਂ ਦੀ ਬਾਂਹ ਫੜ ਕੇ ਇਨਸਾਫ਼ ਦਿਵਾਉਣ ਲਈ ਕੰਮ ਕਰਨਗੀਆਂ। -ਨਿੱਜੀ ਪੱਤਰ ਪ੍ਰੇਰਕ