ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 13 ਜੂਨ
ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਰੂਰ ਲੋਕ ਸਭਾ ਜ਼ਿਮਨੀ ਚੌਣ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੂੰ ਉਮੀਦਵਾਰ ਬਣਾਉਣ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਦਿਲਾਵਰ ਸਿੰਘ ਦੀ ਫੋਟੋ ਸਿੱਖ ਅਜਾਇਬ ਘਰ ਸ੍ਰੀ ਹਰਿਮੰਦਰ ਸਾਹਿਬ ਵਿੱੱਚ ਲਗਾਉਣ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਲੀਗਲ ਸੈੱਲ ਦੇ ਸੂਬਾ ਮੀਤ ਪ੍ਰਧਾਨ ਐਡਵੋਕੇਟ ਨਿਤਿਨ ਘੰਡ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਸ਼ਿਵ ਸੈਨਾ ਵਿੱਚ ਘਰ ਵਾਪਸੀ ਕਰਨ ਦਾ ਐਲਾਨ ਕੀਤਾ ਹੈ। ਇੱਥੇ ਹੋਈ ਮੀਟਿੰਗ ਦੌਰਾਨ ਸ਼ਿਵ ਸੈਨਾ ਪੰਜਾਬ ਦੇ ਮੁੱਖ ਬੁਲਾਰੇ ਚੰਦਰ ਕਾਂਤ ਚੱਢਾ, ਟਰਾਂਸਪੋਰਟ ਸੈੱਲ ਦੇ ਸੂਬਾ ਪ੍ਰਧਾਨ ਮਨੋਜ ਟਿੰਕੂ ਅਤੇ ਯੂਥ ਵਿੰਗ ਦੇ ਸੂਬਾ ਜਨਰਲ ਸਕੱਤਰ ਗੋਤਮ ਸੂਦ ਨੇ ਐਡਵੋਕੇਟ ਨਿਤਿਨ ਘੰਡ ਨੂੰ ਭਗਵਾ ਸਿਰੋਪਾ ਅਤੇ ਸ਼ਿਵ ਬੰਧਨ ਪਹਿਨਾ ਕੇ ਜਥੇਬੰਦੀ ਵਿੱਚ ਸ਼ਾਮਿਲ ਕੀਤਾ।
ਸ਼ਿਵ ਸੈਨਾ ਦੇ ਸੀਨੀਅਰ ਆਗੂਆਂ ਨੇ ਕਿਹਾ ਕਿ ਸ਼ਿਵ ਸੈਨਾ ਦੇ ਸੂਬਾ ਪ੍ਰਧਾਨ ਯੋਗਰਾਜ ਸ਼ਰਮਾ ਵੱਲੋਂ ਐਡਵੋਕੇਟ ਨਿਤਿਨ ਘੰਡ ਨੂੰ ਅਹਿਮ ਜ਼ਿੰਮੇਵਾਰੀ ਦੇ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਮੌਕਾ ਦਿੱਤਾ ਜਾਵੇਗਾ।