ਅੰਮ੍ਰਿਤਪਾਲ ਖ਼ਿਲਾਫ਼ ਕਾਰਵਾਈ ਮਗਰੋਂ ਲੁਧਿਆਣਾ ਨਾਲ ਲੱਗਦੀਆਂ ਹੱਦਾਂ ਸੀਲ : The Tribune India

ਅੰਮ੍ਰਿਤਪਾਲ ਖ਼ਿਲਾਫ਼ ਕਾਰਵਾਈ ਮਗਰੋਂ ਲੁਧਿਆਣਾ ਨਾਲ ਲੱਗਦੀਆਂ ਹੱਦਾਂ ਸੀਲ

ਅੰਮ੍ਰਿਤਪਾਲ ਖ਼ਿਲਾਫ਼ ਕਾਰਵਾਈ ਮਗਰੋਂ ਲੁਧਿਆਣਾ ਨਾਲ ਲੱਗਦੀਆਂ ਹੱਦਾਂ ਸੀਲ

ਲੁਧਿਆਣਾ ਸ਼ਹਿਰ ਵਿੱਚ ਤਾਇਨਾਤ ਸੁਰੱਖਿਆ ਮੁਲਾਜ਼ਮ। -ਫੋਟੋ: ਹਿਮਾਂਸ਼ੂ ਮਹਾਜਨ

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 18 ਮਾਰਚ

ਪੰਜਾਬ ਪੁਲੀਸ ਵੱਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਕੀਤੇ ਜਾਣ ਮਗਰੋਂ ਪੂਰੇ ਪੰਜਾਬ ਵਿੱਚ ਰੈਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਜਿੱਥੇ ਐਤਵਾਰ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ, ਉੱਥੇ ਕਈ ਸ਼ਹਿਰਾਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਲੁਧਿਆਣਾ ਪੁਲੀਸ ਨੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਮਗਰੋਂ ਸ਼ਹਿਰ ਦੀ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਹੈ। ਸ਼ਹਿਰ ਵਿੱਚ ਕਈ ਥਾਂਵਾਂ ’ਤੇ ਨਾਕਾਬੰਦੀ ਕਰ ਦਿੱਤੀ ਗਈ ਹੈ ਤੇ ਹਰ ਸ਼ੱਕੀ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਸ਼ਹਿਰ ਦੀਆਂ ਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਬਾਹਰੀ ਸੂਬਿਆਂ ਦੇ ਨੰਬਰ ਵਾਲੀਆਂ ਗੱਡੀਆਂ ਦੀ ਖਾਸ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਪੁਲੀਸ ਵੱਲੋਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ। ਕਮਿਸ਼ਨਰੇਟ ਪੁਲੀਸ ਖੰਨਾ ਤੇ ਜਗਰਾਉਂ ਪੁਲੀਸ ਨਾਲ ਤਾਲਮੇਲ ਕਰ ਕੇ ਸੁਰੱਖਿਆ ਸਖ਼ਤ ਕਰ ਰਹੀ ਹੈ। ਪੁਲੀਸ ਦੇ ਉੱਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਟੀਮ ਵਰਕ ਨਾਲ ਪੰਜਾਬ ਦੀ ਸ਼ਾਂਤੀ ਨੂੰ ਬਹਾਲ ਰੱਖਿਆ ਜਾਵੇਗਾ। ਕਿਸੇ ਤਰ੍ਹਾਂ ਦੀ ਕੋਈ ਅਣਹੋਣੀ ਨਹੀਂ ਹੋਣ ਦਿੱਤੀ ਜਾਵੇਗੀ।

ਅੰਮ੍ਰਿਤਪਾਲ ਖ਼ਿਲਾਫ਼ ਕਾਰਵਾਈ ਦੀ ਖ਼ਬਰ ਜਿਵੇਂ ਹੀ ਸਾਹਮਣੇ ਆਈ ਤਾਂ ਸਭ ਤੋਂ ਪਹਿਲਾਂ ਪੁਲੀਸ ਨੇ ਰੈਡ ਅਲਰਟ ਜਾਰੀ ਕਰਕੇ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ। ਸ਼ਹਿਰ ਵਿੱਚ ਨੀਮ ਫੌਜੀ ਬਲਾਂ ਦੀਆਂ ਪਹਿਲਾਂ ਤੋਂ ਹੀ ਲਗਪਗ ਪੰਜ ਕੰਪਨੀਆਂ ਪੁੱਜੀਆਂ ਹੋਈਆਂ ਹਨ, ਜੋ ਪਹਿਲਾਂ ਹੀ ਪੰਜਾਬ ਦੇ ਨਾਲ ਨਾਲ ਹਰੇਕ ਨਾਕੇ ’ਤੇ ਤਾਇਨਾਤ ਹਨ। ਇਸ ਤੋਂ ਇਲਾਵਾ ਕਈ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਦੇ ਨਾਲ ਨਾਲ ਫਲੈਗ ਮਾਰਚ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਲੋਕਾਂ ਵਿੱਚ ਕੋਈ ਭਰਮ ਨਾ ਫੈਲੇ, ਇਸ ਮਾਮਲੇ ਨੂੰ ਵੀ ਪੁਲੀਸ ਧਿਆਨ ਵਿੱਚ ਰੱਖ ਕੇ ਕੰਮ ਕਰ ਰਹੀ ਹੈ। ਲੁਧਿਆਣਾ ਪੁਲੀਸ ਵੱਲੋਂ ਲੋਕਾਂ ਨੂੰ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਕਿ ਪੰਜਾਬ ਦਾ ਮਾਹੌਲ ਖ਼ਰਾਬ ਨਾ ਹੋਣ ਦਿੱਤਾ ਜਾਵੇ। ਸ਼ਹਿਰ ਦੇ ਲੋਕ ਸ਼ਾਂਤੀ ਤੇ ਭਾਈਚਾਰਾ ਬਣਾ ਕੇ ਰੱਖਣ ਤਾਂ ਕਿ ਕਿਸੇ ਨੂੰ ਕੋਈ ਸਮੱਸਿਆ ਨਾ ਆਵੇ।

ਪੁਲੀਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਪੁਲੀਸ ਨੇ ਆਪਣਾ ਕੰਮ ਕੀਤਾ ਹੈ। ਸ਼ਹਿਰ ਦੀ ਸੁਰੱਖਿਆ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ। ਪੁਲੀਸ ਦੇ ਉੱਚ ਅਧਿਕਾਰੀਆਂ ’ਤੇ ਹਰ ਜ਼ੋਨ ਇੰਚਾਰਜ ਦੇ ਨਾਲ ਨਾਲ ਥਾਣਾ ਇੰਚਾਰਜ ਨੂੰ ਵੀ ਆਪਣੇ ਤੌਰ ’ਤੇ ਸੁਰੱਖਿਆ ਪ੍ਰਬੰਧਾਂ ’ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਲੋਕ ਕਾਫ਼ੀ ਸੁਲਝੇ ਹੋਏ ਹਨ। ਲੋਕਾਂ ਨੂੰ ਇਹੀ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਸ਼ਾਂਤੀ ਰਹਿਣ ਤੇ ਭਾਈਚਾਰਕ ਸਾਂਝ ਬਣਾ ਕੇ ਰੱਖਣ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All