ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 8 ਜਨਵਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਚੋਣ ਕਮਿਸ਼ਨ ਨੇ ਚੋਣਾਂ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ। ਇਸ ਦੇ ਨਾਲ ਹੀ ਸੂਬੇ ਵਿੱਚ ਹੁਣ ਚੋਣ ਜ਼ਾਬਤਾ ਵੀ ਸ਼ੁਰੂ ਹੋ ਗਿਆ। ਅੱਜ ਦੁਪਹਿਰ ਵੇਲੇ ਚੋਣਾਂ ਦੀ ਤਾਰੀਖ਼ ਦਾ ਐਲਾਨ ਹੁੰਦੇ ਹੀ ਸਿਆਸੀ ਆਗੂਆਂ ਦੀਆਂ ਧੜਕਣਾਂ ਵਧ ਗਈਆਂ ਹਨ। 14 ਫਰਵਰੀ ਨੂੰ ਚੋਣਾਂ ਹੋਣ ਕਾਰਨ ਚੋਣ ਪ੍ਰਚਾਰ ਲਈ ਸਿਰਫ਼ ਕੁੱਝ ਹੀ ਦਿਨ ਮਿਲੇ ਹਨ। ਲੁਧਿਆਣਾ ਜ਼ਿਲ੍ਹੇ ਵਿੱਚ 14 ਵਿਧਾਨ ਸਭਾ ਹਲਕੇ ਹਨ, ਜਿੱਥੇ ਜ਼ਿਆਦਾਤਰ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰਾਂ ਦਾ ਤਾਂ ਐਲਾਨ ਕਰ ਦਿੱਤਾ ਹੈ, ਪਰ ਇਨ੍ਹਾਂ ਹਲਕਿਆਂ ਵਿੱਚ ਕਾਂਗਰਸ ਤੇ ਭਾਰਤੀ ਜਨਤਾ ਪਾਰਟੀ ਹਾਲੇ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕਰ ਸਕੀ। ਇਸੇ ਕਰਕੇ ਦੋਵੇਂ ਹੀ ਪਾਰਟੀਆਂ ਦੇ ਆਗੂ ਜ਼ਿਆਦਾ ਪ੍ਰੇਸ਼ਾਨ ਨਜ਼ਰ ਆ ਰਹੇ ਹਨ। ਹਾਲਾਂਕਿ, ਇਨ੍ਹਾਂ 14 ਹਲਕਿਆਂ ਵਿੱਚ ਜ਼ਿਆਦਾਤਰ ਮੌਜੂਦਾ ਵਿਧਾਇਕ ਕਾਂਗਰਸ ਦੇ ਹਨ, ਜੋਕਿ ਬਿਨਾਂ ਟਿਕਟ ਦੇ ਐਲਾਨ ਤੋਂ ਹੀ ਆਪਣੇ ਪੱਧਰ ’ਤੇ ਚੋਣ ਪ੍ਰਚਾਰ ਵਿੱਚ ਲੱਗੇ ਹੋਏ ਹਨ। ਸਭ ਤੋਂ ਪਹਿਲਾਂ ਜ਼ਿਲ੍ਹੇ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੇ ਉਮੀਦਵਾਰ ਐਲਾਨੇ ਸਨ, ਜਿਸ ਕਰਕੇ ਉਹ ਕਈ ਦਿਨਾਂ ਤੋਂ ਲਗਾਤਾਰ ਚੋਣ ਪ੍ਰਚਾਰ ਕਰ ਰਹੇ ਹਨ। ਲੁਧਿਆਣਾ ਵਿੱਚ 6 ਸ਼ਹਿਰੀ ਵਿਧਾਨ ਸਭਾ ਹਲਕੇ ਹਨ, ਜਿਨ੍ਹਾਂ ਵਿੱਚੋਂ 4 ’ਤੇ ਕਾਂਗਰਸ ਤੇ 2 ਸੀਟਾਂ ’ਤੇ ਲੋਕ ਇਨਸਾਫ਼ ਪਾਰਟੀ ਦੇ ਬੈਂਸ ਭਰਾ ਵਿਧਾਇਕ ਹਨ।